Loading Now

9 ਜੂਨ ਨੂੰ ਬੰਦ ਰਹੇਗਾ ਲਾਡੋਵਾਲ ਟੋਲ ਪਲਾਜ਼ਾ

9 ਜੂਨ ਨੂੰ ਬੰਦ ਰਹੇਗਾ ਲਾਡੋਵਾਲ ਟੋਲ ਪਲਾਜ਼ਾ

ਚੰਡੀਗੜ੍ਹ, 28 ਮਈ – ਕੌਮੀ ਇਨਸਾਫ ਮੋਰਚਾ ਨੇ ਚੰਡੀਗੜ੍ਹ ਵਿੱਚਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ। ਮੋਰਚਾ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਦੋ ਘੰਟਿਆਂ ਲਈ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਤਾਂ ਜੋ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾ ਸਕੇ।

16 ਜੂਨ ਨੂੰ ਰੇਲ ਟਰੈਕ ਰੋਕਣ ਦਾ ਐਲਾਨ

ਮੋਰਚੇ ਵੱਲੋਂ 16 ਜੂਨ ਨੂੰ ਪੰਜਾਬ ਵਿੱਚ ਦੋ ਘੰਟਿਆਂ ਲਈ ਰੇਲ ਟਰੈਕ ਰੋਕਣ ਦਾ ਵੀ ਐਲਾਨ ਕੀਤਾ ਗਿਆ। ਹਾਲਾਂਕਿ ਇਸ ਲਈ ਕਿਹੜੀ ਥਾਂ ਚੁਣੀ ਜਾਵੇਗੀ, ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਲਦ ਹੀ ਵਿਸਥਾਰਤ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ।

ਭਾਜਪਾ ਆਗੂਆਂ ਖ਼ਿਲਾਫ਼ ਘਿਰਾਓ ਦੀ ਤਿਆਰੀ

ਮੋਰਚਾ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਆਗੂਆਂ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਭਾਜਪਾ ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ।

ਗੁਰਦੁਆਰਾ ਕਮੇਟੀਆਂ ਨੂੰ ਕੀਤੀ ਅਪੀਲ

ਮੋਰਚੇ ਵੱਲੋਂ ਪੰਜਾਬ ਅਤੇ ਦੇਸ਼ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਵੇਰੇ ਅਤੇ ਸ਼ਾਮ ਦੀ ਅਰਦਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਸ ਅਰਦਾਸ ਕਰਨ। ਆਗੂਆਂ ਨੇ ਕਿਹਾ ਕਿ ਇਹ ਮੁੱਦਾ ਧਾਰਮਿਕ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ।

ਅਮਿਤ ਸ਼ਾਹ ਦੇ ਦੌਰਿਆਂ ਦੌਰਾਨ ਹੋਵੇਗਾ ਵਿਰੋਧ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈ ਕੇ ਵੀ ਮੋਰਚੇ ਨੇ ਤਿੱਖਾ ਰੁੱਖ ਅਖਤਿਆਰ ਕੀਤਾ। ਆਗੂਆਂ ਨੇ ਕਿਹਾ ਕਿ ਜਦੋਂ ਵੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਆਉਣਗੇ। ਉਸ ਸਮੇਂ ਕਾਲੇ ਝੰਡੇ ਅਤੇ ਕਾਲੇ ਕੱਪੜੇ ਪਾ ਕੇ ਵਿਰੋਧ ਦਰਜ ਕਰਵਾਇਆ ਜਾਵੇਗਾ। ਮੋਰਚਾ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਆਪਣੇ ਮੁੱਦਿਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਲਈ ਸੰਯੁਕਤ ਰਾਸ਼ਟਰ ਅਤੇ ਵੱਖ-ਵੱਖ ਦੇਸ਼ਾਂ ਦੀਆਂ ਐਂਬੇਸੀਜ਼ ਨੂੰ ਪੱਤਰ ਲਿਖੇ ਜਾਣਗੇ।

ਸਰਕਾਰ ‘ਤੇ ਗੰਭੀਰ ਇਲਜ਼ਾਮ

ਪ੍ਰੈਸ ਕਾਨਫਰੰਸ ਦੌਰਾਨ ਮੋਰਚੇ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਸਰਕਾਰ ਮੁੜ 1984 ਵਰਗੇ ਹਾਲਾਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਭਰ ਵਿੱਚ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਆਵਾਜ਼ ਦਬਾਈ ਜਾ ਰਹੀ ਹੈ।

Share this content:

Post Comment