ਦੋਦਾ, 18 ਨਵੰਬਰ – ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿੱਚ ਸਿਆਸੀ ਧਿਰਾਂ ਨੇ ਆਪਣੀ ਸਾਰੀ ਤਾਕਤ ਝੋਕ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ’ਚ ਚੋਣ ਪ੍ਰਚਾਰ ਲਈ ਦੋਦਾ ਪੁੱਜੇ। ਇੱਥੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਉਹ ਕੇਜਰੀਵਾਲ ਤੇ ਦਿੱਲੀ ਭਾਜਪਾ ਦਾ ਤੋਤਾ ਬਣ ਗਏ ਹਨ। ਉਹ ਜੋ ਕਹਿੰਦੇ ਹਨ, ਉਹੀ ਕਰਦੇ ਹਨ। ਸ੍ਰੀ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਅਮਨ-ਕਾਨੂੰਨ ਦੀ ਵਿਗੜੀ ਸਥਿਤੀ, ਬੇਰੁਜ਼ਗਾਰੀ ਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਕਾਰਨ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਕਿਸਾਨ ਤੇ ਮਜ਼ਦੂਰ ਮੰਡੀਆਂ ਵਿੱਚ ਰੁਲ ਰਹੇ ਹਨ ਤੇ ਬਹੁਤੇ ਕਿਸਾਨਾਂ ਨੂੰ ਦੀਵਾਲੀ ਵੀ ਮੰਡੀਆਂ ’ਚ ਮਨਾਉਣੀ ਪਈ। ਸ੍ਰੀ ਚੰਨੀ ਨੇ ਆਪਣੇ ਰਾਜ ਵਿੱਚ ਕੀਤੇ ਗਏ ਕੰਮ ਗਿਣਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੁਦਰਤੀ ਮਾਰ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ 17 ਹਜ਼ਾਰ ਪ੍ਰਤੀ ਏਕੜ ਕਰ ਦਿੱਤਾ ਸੀ ਜਦਕਿ ਬਿਜਲੀ ਅਤੇ ਪਾਣੀ ਦੇ ਖੜ੍ਹੇ 1500 ਕਰੋੜ ਦੇ ਬਿੱਲ ਮੁਆਫ਼ ਕੀਤੇ ਗਏ ਸਨ। ਇਸ ਦੌਰਾਨ ਚਰਨਜੀਤ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਬੀਬੀਆਂ ਨਾਲ ਪਹਿਲਾਂ 1000 ਰੁਪਏ ਅਤੇ ਫਿਰ 1100 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਜੋ ਵਫ਼ਾ ਨਹੀਂ ਹੋਇਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਾ ਵੜਿੰਗ ਤੇ ਸਿਮਰਜੀਤ ਸਿੰਘ ਬੈਂਸ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਜਸਬੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਕੁਲਬੀਰ ਸਿੰਘ ਜ਼ੀਰਾ, ਜਬਰਜੰਗ ਸਿੰਘ ਢਿੱਲੋਂ, ਚੇਅਰਮੈਨ ਜਗਦੀਸ਼ ਕਟਾਰੀਆ ਤੇ ਸੁਖਮੰਦਰ ਸਿੰਘ ਦੋਦਾ ਆਦਿ ਹਾਜ਼ਰ ਸਨ। ਇਸ ਮੌਕੇ ਵਿਮਕੁਤ ਜਾਤੀ ਕਬੀਲਿਆਂ ਦੇ ਆਗੂਆਂ ਵੱਲੋਂ ਆਪਣਾ ਕੋਟਾ ਬਹਾਲ ਕਰਵਾਉਣ ਲਈ ਮੰਗ ਪੱਤਰ ਦਿੰਦਿਆਂ ਸ੍ਰੀ ਚੰਨੀ ਦਾ ਸਨਮਾਨ ਵੀ ਕੀਤਾ ਗਿਆ।
ਪ੍ਰਧਾਨ ਮੰਤਰੀ ਦਾ ਮਨੋਰਥ ਪੰਜਾਬ ਨੂੰ ਬਦਨਾਮ ਕਰਨਾ ਸੀ: ਚੰਨੀ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਉਹ ਜਦੋਂ ਪੰਜਾਬ ਆਏ ਸਨ ਤਾਂ ਸੁਨੇਹਾ ਦੇ ਗਏ ਕਿ ‘ਮੁੱਖ ਮੰਤਰੀ ਨੂੰ ਦੱਸਣਾ ਕਿ ਉਹ ਜਾਨ ਬਚਾ ਕੇ ਵਾਪਸ ਜਾ ਰਹੇ ਹਨ।’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਮਨੋਰਥ ਸਿਰਫ਼ ਪੰਜਾਬ ਨੂੰ ਬਦਨਾਮ ਕਰਨਾ ਸੀ।