ਸੂਬੇ ਚ ਪਹਿਲੀ ਵਾਰ 3000 ਪੰਚਾਇਤਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 20 ਨਵੰਬਰ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤ ਵਿੱਚ ਫੈਸਲੇ ਲੈਣ ਨੂੰ ਤਰਜ਼ੀਹ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਗ੍ਰਾਂਟਾ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਦਿਆਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਸੁਵਿਧਾਵਾਂ ਮੁਹੱਈਆ ਕਰਵਾਈਆ ਜਾਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦਾ ਪਿੰਡ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਰੋਲ ਹੁੰਦਾ ਹੈ, ਇਸ ਲਈ ਸਮੁੱਚੀ ਪੰਚਾਇਤ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਹਰੇਕ ਕਾਰਜ਼ ਨੂੰ ਲੋਕਾਂ ਦੀ ਸਲਾਹ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਬਣਾਈਆ ਨੀਤੀਆਂ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਰਪੰਚਾਂ-ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਸਮੂਹ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ, ਬਸ ਲੋੜ ਹੈ ਹਰੇਕ ਪੰਚਾਇਤ ਨੂੰ ਆਪਣੇ ਪਿੰਡ ਨੂੰ ਵਿਕਾਸ ਦੀਆਂ ਲੀਹਾਂ ਵੱਲ ਤੋਰਨ ਦੀ ਅਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਦੀ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਪੰਚਾਂ ਨੂੰ ਅਪੀਲ ਕੀਤੀ ਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕਰਨ ਵਿੱਚ ਪੰਚਾਇਤਾਂ ਨੂੰ ਵਿਆਪਕ ਯੋਜਨਾ ਬਣਾਉਣੀ ਚਾਹੀਦੀ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੀ ਗਤੀ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਰਕਾਰ ਅਤੇ ਪਿੰਡਾਂ ਵਿਚਕਾਰ ਪੁਲ ਦਾ ਕੰਮ ਕਰਦੀਆਂ ਹਨ ਅਤੇ ਪੰਚਾਂ ਤੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡਾ ਰੋਲ ਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ।

ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਪੰਚਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਬਿਨਾਂ ਕਿਸੇ ਭੇਦ-ਭਾਵ ਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਚਾਇਤਾਂ ਸਰਕਾਰ ਦੀਆਂ ਵਿਕਾਸ ਪੱਖੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ ਇਸ ਲਈ ਸਰਕਾਰ ਦੀਆਂ ਵਿਕਾਸ ਪੱਖੀ ਤੇ ਲੋਕ ਭਲਾਈ ਸਕੀਮਾਂ ਨੂੰ ਪਾਰਟੀਬਾਜੀ ਤੋਂ ਉਪਰ ਉਠ ਕੇ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਆਪਸੀ ਝਗੜਿਆਂ ਨੂੰ ਪੰਚਾਇਤ ਵਿੱਚ ਬੈਠ ਕੇ ਹੀ ਹੱਲ ਕਰ ਲਿਆ ਜਾਵੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮਨਦੀਪ ਕੌਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਮੈਨ ਸੁਖਵਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਜਾਂਚ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਡੀ.ਡੀ.ਪੀ.ਓ. ਜਸਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਪਤਵੰਤੇ ਹਾਜਰ ਸਨ।

ਸਾਂਝਾ ਕਰੋ

ਪੜ੍ਹੋ