ਪਟਿਆਲਾ, 4 ਨਵੰਬਰ – ਮਿਸ਼ਨ ਰੁਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਂਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਹਨਾ ਕਿਹਾ ਕਿ ਉਨ੍ਹਾ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਹਨਾ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ, ਇਸ ਲਈ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਵਿਅਕਤੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਐੱਸ ਏ ਐੱਸ ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ।
ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ, ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹਨ।ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਉਹਨਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।