ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ ਲੁੱਕਆਊਟ ਨੋਟਿਸ ਜਾਰੀ

ਚੰਡੀਗੜ੍ਹ, 6 ਜਨਵਰੀ – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਰਾਜਪਾਲ ਵੱਲੋਂ ਗੁਰਸ਼ੇਰ ਸਿੰਘ ਵਿਰੁੱਧ ਕਾਰਵਾਈ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਬਰਖਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਦੌਰਾਨ ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਹਾਈਕੋਰਟ ਨੇ ਲਗਾਈ ਸੀ ਫਟਕਾਰ

ਦਰਅਸਲ ਪਿਛਲੇ ਹਫ਼ਤੇ ਹੀ ਗ੍ਰਹਿ ਵਿਭਾਗ ਨੇ ਡੀਐਸਪੀ ਦੀ ਬਰਖਾਸਤਗੀ ਦੀ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਸੀ। ਹਾਲ ਹੀ ਵਿੱਚ ਸੂਬਾ ਸਰਕਾਰ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਡੀਐਸਪੀ ਪਿਛਲੇ ਸਾਲ ਅਕਤੂਬਰ ਤੋਂ ਮੁਅੱਤਲ ਸੀ। ਜ਼ਿਕਰਯੋਗ ਹੈ ਕਿ ਲਾਰੈਂਸ ਦੀ ਇੰਟਰਵਿਊ ਦੇ ਮਾਮਲੇ ‘ਚ ਹਾਈਕੋਰਟ ਨੇ ਹੇਠਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ‘ਤੇ ਇਤਰਾਜ਼ ਜਤਾਉਂਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਹਾਈਕੋਰਟ ਨੇ ਕਿਹਾ ਸੀ ਕਿ ਸੀਨੀਅਰ ਅਧਿਕਾਰੀਆਂ ਨੂੰ ਬਚਾਉਣ ਲਈ ਹੇਠਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਮਾਰਚ 2023 ਵਿੱਚ ਪ੍ਰਸਾਰਿਤ ਕੀਤੀ ਗਈ ਸੀ ਇੰਟਰਵਿਊ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਮਾਰਚ 2023 ਵਿੱਚ ਪ੍ਰਸਾਰਿਤ ਕੀਤਾ ਗਿਆ ਸੀ। ਇਹ ਇੰਟਰਵਿਊ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ। ਜਿਸ ਸਮੇਂ ਇਹ ਇੰਟਰਵਿਊ ਇੱਕ ਨਿੱਜੀ ਚੈਨਲ ‘ਤੇ ਪ੍ਰਸਾਰਿਤ ਹੋਈ, ਉਸ ਸਮੇਂ ਲਾਰੈਂਸ ਸੀਆਈਏ ਖਰੜ ਦੀ ਹਿਰਾਸਤ ਵਿੱਚ ਸੀ। ਮਾਮਲੇ ਦੀ ਜਾਂਚ ਡੀਐਸਪੀ ਗੁਰਸ਼ੇਰ ਸਿੰਘ ਕਰ ਰਹੇ ਸਨ। ਲਾਰੈਂਸ ਨੇ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਸ ਮਾਮਲੇ ‘ਚ ਪੰਜਾਬ ਪੁਲਿਸ ਲਾਰੈਂਸ ਨੂੰ ਜਾਂਚ ਲਈ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਆਈ ਸੀ।

ਇਸ ਕਾਰਨ ਡੀਐਸਪੀ ਨੂੰ ਬਰਖ਼ਾਸਤ ਕਰ ਦਿੱਤਾ

ਹਾਈ ਕੋਰਟ ਨੇ ਇੰਟਰਵਿਊ ਮਾਮਲੇ ਵਿੱਚ ਦੋਸ਼ੀ ਅਫਸਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ ਪਰ ਪਹਿਲਾਂ ਹੇਠਲੇ ਪੱਧਰ ਦੇ ਅਫਸਰਾਂ ਖ਼ਿਲਾਫ਼ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਸੀ। ਇਸ ‘ਤੇ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟਾਈ ਸੀ। ਇਸ ਤੋਂ ਬਾਅਦ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਇੱਕ ਹਲਫ਼ਨਾਮਾ ਦੇ ਕੇ ਹਾਈਕੋਰਟ ਨੂੰ ਸੂਚਿਤ ਕੀਤਾ ਕਿ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਸਾਂਝਾ ਕਰੋ

ਪੜ੍ਹੋ

ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ‘ਚ

*ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਆਰਥਕ ਤੰਗੀ ਸਮੇਂ ਬਣਦੀ ਹੈ...