ਕਿਸਾਨਾਂ ਨੇ ਮੁੜ ਦਿੱਲੀ ਕੂਚ ਦਾ ਕੀਤਾ ਐਲਾਨ, 101 ਕਿਸਾਨਾਂ ਦਾ ਜਥਾ ਇਸ ਦਿਨ ਪੈਦਲ ਹੋਵੇਗਾ ਰਵਾਨਾ

ਚੰਡੀਗੜ੍ਹ, 16 ਜਨਵਰੀ – ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਇਸ ਵਿੱਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਦੇਸ਼ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਲਿਆਂਦਾ ਜਾਵੇਗਾ।

ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿੱਚ ਹਨ ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ। ਜ਼ਿਕਰ ਕਰ ਦਈਏ ਕਿ ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ ‘ਤੇ ਰੋਕ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਸ਼ੰਭੂ ਤੇ ਖਨੌਰੀ ਸਰਹੱਦ ਉੱਤੇ 11 ਮਹੀਨਿਆਂ ਤੋਂ MSP ਗਾਰੰਟੀ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਓਧਰ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਦੇ ਸਮਰਥਨ ਵਿੱਚ, 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ ‘ਤੇ ਹਨ। ਡਾਕਟਰਾਂ ਅਨੁਸਾਰ, ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਹੁਣ ਉਨ੍ਹਾਂ ਦਾ ਸਰੀਰ ਆਪਣੇ ਆਪ ਨੂੰ ਖਾ ਰਿਹਾ ਹੈ ਤੇ ਬਲੱਡ ਪ੍ਰੈਸ਼ਰ ਲਗਾਤਾਰ ਵੱਧ-ਘੱਟ ਹੋ ਰਿਹਾ ਹੈ। ਡੱਲੇਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਉਹ ਮਰਨ ਵਰਤ ਖ਼ਤਨ ਨਹੀਂ ਕਰਨਗੇ। ਹਾਲਾਂਕਿ, ਸਰਕਾਰ ਨੇ ਮੋਰਚੇ ਦੇ ਨੇੜੇ ਇੱਕ ਅਸਥਾਈ ਹਸਪਤਾਲ ਬਣਾਇਆ ਹੈ। ਇਸ ਤੋਂ ਇਲਾਵਾ ਲਗਭਗ 50 ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਨਿੱਜੀ ਸੰਸਥਾਵਾਂ ਦੇ ਡਾਕਟਰ ਵੀ ਉਨ੍ਹਾਂ ਦੀ ਜਾਂਚ ਕਰ ਰਹੇ ਹਨ।ਸੰਯੁਕਤ ਕਿਸਾਨ ਮੋਰਚਾ (SKM) ਨੇ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਇਸ ਅੰਦੋਲਨ ਦਾ ਸਮਰਥਨ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਅਸਲ ਮਾਲਕ ਦਾ ਪਤਾ ਨਾ ਹੋਣ ‘ਤੇ

ਨਵੀਂ ਦਿੱਲੀ, 16 ਜਨਵਰੀ – ਆਮਦਨ ਕਰ ਵਿਭਾਗ ਬੇਨਾਮੀ ਜਾਇਦਾਦ...