
ਨਵੀਂ ਦਿੱਲੀ, 18 ਜਨਵਰੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕੌਮੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਦੇਸ਼ ’ਚੋਂ ਫ਼ਰਾਰ ਚੱਲ ਰਹੇ ਭਗੌੜਿਆਂ ਖ਼ਿਲਾਫ਼ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਮੱਧ ਪ੍ਰਦੇਸ਼ ਸਰਕਾਰ ਦੇ ਵਫ਼ਦ ਨਾਲ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਦੇ ਅਮਲ ਦੀ ਸਮੀਖਿਆ ਕਰਦਿਆਂ ਸ਼ਾਹ ਨੇ ਵਾਂਝਿਆਂ ਨੂੰ ਇਨਸਾਫ ਦਿਵਾਉਣ ਲਈ ਮਜ਼ਬੂਤ ਕਾਨੂੰਨੀ ਸਹਾਇਤਾ ਪ੍ਰਣਾਲੀ ਦੀ ਲੋੜ ਅਤੇ ਇਸ ਮਕਸਦ ਲਈ ਲੋੜੀਂਦੀ ਸਿਖਲਾਈ ਦੇਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਗਰੀਬਾਂ ਲਈ ਢੁਕਵੀਂ ਕਾਨੂੰਨੀ ਪ੍ਰਤੀਨਿਧਤਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਦੇਸ਼ ਤੋਂ ਫਰਾਰ ਚੱਲ ਰਹੇ ਭਗੌੜਿਆਂ ਖ਼ਿਲਾਫ਼ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਵਿੱਚ ਅਜਿਹੇ ਭਗੌੜਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਮੁਕੱਦਮਾ ਚਲਾਉਣ ਦੀ ਵਿਵਸਥਾ ਸ਼ਾਮਲ ਹੈ।