ਮਾਨਸਾ, 1 ਫਰਵਰੀ – ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈਕੇ ਐੱਸਡੀਐੱਮ ਦਫ਼ਤਰ ਮੂਹਰੇ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਿੰਨਾ ਤੱਕ ਪੀੜਤ ਕਿਸਾਨ ਨੂੰ ਬਣਦੀ ਰਾਸ਼ੀ ਨਹੀਂ ਦਿੱਤੀ ਜਾਂਦੀ, ਓਨਾ ਚਿਰ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡ ਠੂਠਿਆਂਵਾਲੀ ਦੇ ਕਿਸਾਨ ਚਮਕੌਰ ਸਿੰਘ ਦੀ ਜ਼ਮੀਨ ਸਾਢੇ ਤਿੰਨ ਕਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਗਰਿੱਡ ਠੂਠਿਆਂਵਾਲੀ ਦੀ ਥਾਂ ਵਧਾਉਣ ਲਈ ਖਰੀਦੀ ਗਈ ਸੀ।
ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਸਬੰਧੀ ਕਿਸਾਨ ਵੱਲੋਂ ਰਜਿਸਟਰੀ ਕਰਵਾਈ ਨੂੰ ਪੌਣੇ ਦੋ ਸਾਲ ਦਾ ਸਮਾਂ ਹੋ ਚੁੱਕਿਆ ਹੈ ਪਰ ਹਾਲੇ ਤੱਕ ਕਿਸਾਨ ਨੂੰ ਜ਼ਮੀਨ ਦੀ ਰਕਮ ਨਹੀਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਵੱਲੋਂ ਵਾਰ-ਵਾਰ ਗੇੜੇ ਮਾਰਨ ਮਗਰੋਂ ਅੱਕ-ਥੱਕ ਚੁੱਕਿਆ ਹੈ। ਪੀੜਤ ਕਿਸਾਨ ਵੱਲੋਂ ਜਦੋਂ ਇਹ ਮਾਮਲਾ ਜਥੇਬੰਦੀ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਆਗੂਆਂ ਵੱਲੋਂ ਅਧਿਕਾਰੀਆਂ ਨੂੰ ਮਿਲਿਆ, ਪਰ ਪੱਲੇ ਲਾਰਿਆਂ ਤੋਂ ਸਿਵਾਏ ਕੱਖ ਨਾ ਪਾਇਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਥੇਬੰਦੀ ਦੀ ਪਿੰਡ ਇਕਾਈ ਵੱਲੋਂ ਲਗਾਤਾਰ ਠੂਠਿਆਂਵਾਲੀ ਗਰਿੱਡ ਕੰਮਕਾਜ ਨੂੰ ਰੋਕਿਆ ਪਰ ਤਹਿਸੀਲਦਾਰ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਕਿਸਾਨ ਨੂੰ ਇਨਸਾਫ਼ ਨਹੀਂ ਮਿਲਿਆ।