
ਚੰਡੀਗੜ੍ਹ, 9 ਫਰਵਰੀ – ਚੰਡੀਗੜ੍ਹ ਵਿਖੇ ਭਾਜਪਾ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ, ਅਮਰੀਕਾ ਵੱਲੋਂ ਭਾਰਤੀ ਨੌਜਵਾਨਾਂ ਨੂੰ ਬੇਰਹਿਮੀ ਨਾਲ ਡਿਪੋਰਟ ਕਰਨਾ, ਦੇਸ਼ ਵਿੱਚ ਵਧ ਰਹੀ ਮਹਿੰਗਾਈ ਅਤੇ ਚੰਡੀਗੜ੍ਹ ਵਿੱਚ ਮੁੜ ਵਸੇਬਾ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਿਕਾਨਾ ਹੱਕ ਨਾ ਦੇਣ ਅਤੇ ਲਾਲ ਡੋਰੇ ਤੋਂ ਬਾਹਰ ਵਾਲੇ ਘਰਾਂ ਨੂੰ ਤੋੜਨ ਦੀ ਕੋਸ਼ਿਸ਼ ਖ਼ਿਲਾਫ਼ ਸੈਕਟਰ 35 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਮੁਜ਼ਾਹਰੇ ਦੀ ਅਗਵਾਈ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ, ਚੰਡੀਗੜ੍ਹ ਯੂਥ ਕਾਂਗਰਸ ਪ੍ਰਧਾਨ ਦੀਪਕ ਲੁਬਾਣਾ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਕਰ ਰਹੇ ਸਨ। ਇਸ ਦੌਰਾਨ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂ ਸੈਕਟਰ 35 ਵਿੱਚ ਸਥਿਤ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋ ਕੇ ਸੈਕਟਰ 33 ਵਿੱਚ ਭਾਜਪਾ ਦਫਤਰ ਦਾ ਘਿਰਾਉ ਕਰਨ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਕੁਝ ਦੂਰੀ ’ਤੇ ਹੀ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਹਿਲਾਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਫਿਰ ਲਾਠੀਚਾਰਜ ਕੀਤਾ। ਉਸ ਤੋਂ ਬਾਅਦ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।