
ਨਵੀਂ ਦਿੱਲੀ, 11 ਫਰਵਰੀ – ਦਿੱਲੀ ਹਾਈ ਕੋਰਟ ਨੇ ਜੇਲ੍ਹ ਵਿੱਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜੀਨੀਅਰ ਨੂੰ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈ ਕੋਰਟ ਦੇ ਜਸਟਿਸ ਵਿਕਾਸ ਮਹਾਜਨ ਨੇ ਕਿਹਾ ਕਿ ਰਾਸ਼ਿਦ 11 ਅਤੇ 13 ਫਰਵਰੀ ਨੂੰ ਸੈਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੌਰਾਨ ਉਹ ਸੈੱਲ ਫੋਨ ਦੀ ਵਰਤੋਂ ਨਹੀਂ ਕਰ ਸਕਦੇ ਤੇ ਨਾ ਹੀ ਮੀਡੀਆ ਨਾਲ ਗੱਲ ਕਰ ਸਕਦੇ ਹਨ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਹਲਕੇ ਤੋਂ ਲੋਕ ਸਭਾ ਮੈਂਬਰ ਰਾਸ਼ਿਦ ਜੰਮੂ-ਕਸ਼ਮੀਰ ਵਿੱਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫੰਡ ਦੇਣ ਦੇ ਦੋਸ਼ਾਂ ਨਾਲ ਸੰਬੰਧਤ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਤੇ ਜੇਲ੍ਹ ਵਿਚ ਬੰਦ ਹਨ।