
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨਾਲ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਕਸੂਤੀ ਸਥਿਤੀ ਵਿੱਚ ਘਿਰਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਸਭ ਦੀਆਂ ਨਜ਼ਰਾਂ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ’ਤੇ ਕੇਂਦਰਿਤ ਹੋ ਗਈਆਂ ਹਨ ਪਰ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਚੁੱਪ ਕਈ ਸਵਾਲ ਪੈਦਾ ਕਰ ਰਹੀ ਹੈ। ਸ੍ਰੀ ਧਾਮੀ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਸਵਾਲ ’ਤੇ ਇਖ਼ਲਾਕੀ ਜ਼ਿੰਮੇਵਾਰੀ ਓਟਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਹਵਾਲਾ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਦੇ ਦੋ ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂਆਂ ਦੇ ਨਿਸ਼ਾਨੇ ’ਤੇ ਸਨ।
ਦਰਅਸਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤਾਕੀਦ ਕੀਤੀ ਸੀ ਕਿ ਉਹ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕਿਸੇ ਮਾਮਲੇ ’ਤੇ ਕਾਰਵਾਈ ਨਾ ਕਰੇ ਕਿਉਂਕਿ ਇਹ ਮਾਮਲਾ ਅਕਾਲ ਤਖ਼ਤ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਪਰ ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕਥਿਤ ਸ਼ਿਕਾਇਤ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਜਿਸ ਦੀ ਰਿਪੋਰਟ ਦੇ ਆਧਾਰ ’ਤੇ ਪਿਛਲੀ ਮੀਟਿੰਗ ਵਿੱਚ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਦੀ ਇਹ ਗੰਭੀਰ ਉਲੰਘਣਾ ਸੀ ਲੇਕਿਨ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਆਈ ਸ਼ਿਕਾਇਤ ਦੀ ਜਾਂਚ ਜਿਵੇਂ ਪੇਤਲੇ ਢੰਗ ਨਾਲ ਕੀਤੀ ਗਈ, ਉਸ ਤੋਂ ਤਿੰਨ ਮੈਂਬਰੀ ਕਮੇਟੀ ਦੀ ਨਿਰਪੱਖਤਾ ਸੰਦੇਹਪੂਰਨ ਹੋ ਗਈ ਸੀ। ਸ੍ਰੀ ਧਾਮੀ ਨੇ ਭਾਵੇਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਅਜੇ ਤੱਕ ਸਮੁੱਚੇ ਮਾਮਲੇ ਵਿੱਚ ਉਨ੍ਹਾਂ ਦੀ ਸਥਿਤੀ ਬਾਰੇ ਕਾਫ਼ੀ ਰੋਲ-ਘਚੋਲਾ ਬਣਿਆ ਹੋਇਆ ਹੈ ਅਤੇ ਉਨ੍ਹਾਂ ਦੀ ਭੂਮਿਕਾ ਬਾਰੇ ਤਰ੍ਹਾਂ-ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਕਰ ਕੇ ਉਨ੍ਹਾਂ ਨੂੰ ਫੌਰੀ ਤੌਰ ’ਤੇ ਇਸ ਮਾਮਲੇ ਦੇ ਸਾਰੇ ਤੱਥ ਸਾਹਮਣੇ ਲਿਆਉਣ ਦੀ ਲੋੜ ਹੈ ਜਿਸ ਤੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਏ ਜਾਣ ਦੇ ਅਸਲ ਕਾਰਨਾਂ ਦੀ ਨਿਸ਼ਾਨਦੇਹੀ ਹੋ ਸਕੇਗੀ।
ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ ਦੇ ਸੰਚਾਲਨ ਲਈ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਵੀ ਵੱਖ ਹੋਣ ਦੀ ਆਗਿਆ ਮੰਗੀ ਹੈ। ਸ੍ਰੀ ਧਾਮੀ ਦੀ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਚੋਣ ਕੁਝ ਮਹੀਨੇ ਪਹਿਲਾਂ ਹੀ ਹੋਈ ਸੀ ਪਰ ਪਿਛਲੇ ਕੁਝ ਸਮੇਂ ਤੋਂ ਉਹ ਇਸ ਅਹੁਦੇ ’ਤੇ ਫ਼ਸੇ ਨਜ਼ਰ ਆ ਰਹੇ ਸਨ।