ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਮੁੱਢੋਂ ਰੱਦ

ਅੰਮ੍ਰਿਤਸਰ, 20 ਫਰਵਰੀ – ਪੰਥਕ ਸਿਆਸਤ ਨਿੱਤ ਨਵੀਂ ਕਰਵਟ ਲੈ ਰਹੀ ਹੈ। ਅਜਿਹੇ ਸਭ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਕਸੂਤੀ ਬਣ ਗਈ ਹੈ। ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਅਕਾਲੀ ਦਲ ਦੀ ਨਵੀਂ ਭਰਤੀ ਦਾ ਮਾਮਲਾ ਮੁੜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ।

ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁੱਧਵਾਰ ਨੂੰ ਆਲ ਇੰਡੀਆ ਪੰਥਕ ਕਨਵੈਨਸ਼ਨ ਕਰਵਾਈ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿੱਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਈ ਕਨਵੈਨਸ਼ਨ ਵਿੱਚ ਅੱਧੀ ਦਰਜਨ ਦੇ ਕਰੀਬ ਮਤੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ। ਪਹਿਲੇ ਮਤੇ ਰਾਹੀਂ ਅਕਾਲ ਤਖ਼ਤ ਵੱਲੋਂ ਦੋ ਦਸੰਬਰ ਨੂੰ ਸੁਣਾਏ ਗਏ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕਰਵਾਉਣ ਦੀ ਹਮਾਇਤ ਕੀਤੀ ਗਈ। ਦੂਜੇ ਮਤੇ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਗਿਆ ਤੇ ਉਨ੍ਹਾਂ ਨੂੰ ਵਿਸ਼ਵ ਭਰ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਮੁਹਿੰਮ ਜਾਰੀ ਰੱਖਣ ਦੀ ਅਪੀਲ ਕੀਤੀ ਗਈ।

ਤੀਜੇ ਮਤੇ ਰਾਹੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਰਨਾ ਭਰਾਵਾਂ ਵੱਲੋਂ ਮਾਣ ਸਨਮਾਨ ਕਰਨ ਦੀ ਨਿਖੇਧੀ ਕੀਤੀ ਗਈ ਤੇ ਸਹੁੰ ਚੁੱਕੀ ਗਈ ਕਿ ਇਸ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੱਕ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਸੰਘਰਸ਼ ਜਾਰੀ ਰੱਖੇਗੀ। ਚੌਥੇ ਮਤੇ ਰਾਹੀਂ ਵਿਸ਼ਵ ਪੱਧਰ ’ਤੇ ਸਿੱਖਾਂ ਦੀ ਤਾਲਮੇਲ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਗਈ। ਇਹ ਵੀ ਕਿਹਾ ਗਿਆ ਕਿ ਜਥੇਦਾਰਾਂ ਦੀ ਨਿਯੁਕਤੀ ਲਈ ਨਿਯਮ ਬਣਾਏ ਜਾਣ। ਇਕ ਹੋਰ ਮਤੇ ਰਾਹੀਂ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਕੇਸਾਂ ਵਿੱਚ ਚਾਰਜਸ਼ੀਟ ਦਾਇਰ ਕਰਨ ਦਾ ਸਵਾਗਤ ਕੀਤਾ ਗਿਆ ਤੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਅਜਿਹੇ ਲੋਕਾਂ ਨੂੰ ਮੂੰਹ ਨਾ ਲਗਾਇਆ ਜਾਵੇ।

ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਜੈਕਾਰਿਆਂ ਨਾਲ ਪਾਸ ਕੀਤੇ ਮਤੇ ਰਾਹੀਂ ਸੰਗਤ ਨੇ ਅਦਾਲਤ ਨੂੰ ਅਪੀਲ ਕੀਤੀ ਕਿ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਕ ਪਰਿਵਾਰ ਨੂੰ ਬਚਾਉਣ ਲਈ ਸਿੱਖ ਸੰਸਥਾਵਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ, ਬਾਬਾ ਸੁੰਦਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਕਰਮਜੀਤ ਸਿੰਘ ਜਗਾਧਰੀ ਵਾਲੇ, ਮੋਹਕਮ ਸਿੰਘ ਦਮਦਮੀ ਟਕਸਾਲ, ਸਾਬਕਾ ਐੱਮਪੀ ਤਰਲੋਚਨ ਸਿੰਘ, ਗੁਰਦੀਪ ਸਿੰਘ ਉੱਤਰਾਖੰਡ, ਅਜੈਪਾਲ ਸਿੰਘ ਪ੍ਰਧਾਨ ਸਿੱਖ ਸਮਾਜ ਰਾਜਸਥਾਨ ਆਦਿ ਹਾਜ਼ਰ ਸਨ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਸਿਰਫ 10 ਜਣੇ ਹੀ ਅਕਾਲੀ ਦਲ ਨੂੰ ਡੋਬਣ ’ਤੇ ਲੱਗੇ ਹੋਏ ਹਨ ਜਿਸ ਵਿਚੋਂ 2 ਦਿੱਲੀ ਦੇ ਹਨ ਤੇ 8 ਪੰਜਾਬ ਦੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀ ਕੌਮ ਪੰਥ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਪਰ ਇਹ 10 ਜਣੇ ਪੰਥ ਦੇ ਖ਼ਿਲਾਫ਼ ਕੰਮ ਕਰ ਰਹੇ ਹਨ। ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਤੇ ਤਖਤ ਸਾਹਿਬਾਨ ਦੇ ਜੋ ਹਾਲ ਹਨ, ਉਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀ ਰਿਪੋਰਟ

ਉਧਰ, ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਬਾਕੀ ਰਹਿ ਗਏ ਪੰਜ ਮੈਂਬਰਾਂ ਨੇ ਇਸ ਕਮੇਟੀ ਦੀ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ’ਤੇ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵੱਲੋਂ ਸਕੱਤਰੇਤ ਵਿੱਚ ਅਧਿਕਾਰੀ ਨੂੰ ਸੌਂਪੀ ਗਈ। ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੇ ਮੌਜੂਦਾ ਸਥਿਤੀ ਸਬੰਧੀ ਵਿਸਥਾਰਤ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਇੱਥੇ ਨਹੀਂ ਸਨ ਪਰ ਉਨ੍ਹਾਂ ਦਫ਼ਤਰ ਵਿੱਚ ਅਧਿਕਾਰੀ ਨੂੰ ਰਿਪੋਰਟ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਵੇਰਵੇ ਜਨਤਕ ਨਹੀਂ ਕੀਤੇ ਜਾ ਸਕਦੇ।

ਦੱਸ ਦਈਏ ਕਿ ਅਕਾਲ ਤਖ਼ਤ ਵੱਲੋਂ ਇਹ ਸੱਤ ਮੈਂਬਰੀ ਕਮੇਟੀ ਦਾ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਥਾਪਿਆ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਤੋਂ ਬਾਅਦ ਇਸ ਕਮੇਟੀ ਦੇ ਇੱਕ ਹੋਰ ਮੈਂਬਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕਮੇਟੀ ਵਿੱਚ ਹੁਣ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਰਹਿ ਗਏ ਹਨ, ਜੋ ਬੀਤੇ ਦਿਨ ਪਟਿਆਲਾ ਵਿੱਚ ਨਿਰਧਾਰਿਤ ਮੀਟਿੰਗ ਵਿੱਚ ਪੁੱਜੇ ਸਨ।

ਮੀਟਿੰਗ ਵਿੱਚ ਕਮੇਟੀ ਦੇ ਮੁਖੀ ਐਡਵੋਕੇਟ ਧਾਮੀ ਦੇ ਨਾ ਪੁੱਜਣ ’ਤੇ ਜਦੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਆਪਣੇ ਅਸਤੀਫੇ ਦੀ ਗੱਲ ਆਖੀ। ਇਸੇ ਦੌਰਾਨ ਕਮੇਟੀ ਨੂੰ ਪ੍ਰੋਫੈਸਰ ਬਡੂੰਗਰ ਵੱਲੋਂ ਦਿੱਤੇ ਅਸਤੀਫੇ ਬਾਰੇ ਵੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਕਮੇਟੀ ਦੇ ਮੈਂਬਰਾਂ ਨੇ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਰਿਪੋਰਟ ਅਕਾਲ ਤਖ਼ਤ ਵਿਖੇ ਸੌਂਪਣ ਦਾ ਫ਼ੈਸਲਾ ਕੀਤਾ।

ਹੁਣ ਜਥੇਦਾਰ ਦੇ ਅਗਲੇ ਹੁਕਮਾਂ ਦੀ ਉਡੀਕ

ਜਾਣਕਾਰੀ ਮੁਤਾਬਕ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਗਏ ਹੁਕਮਾਂ ਮੁਤਾਬਕ ਸੱਤ ਮੈਂਬਰੀ ਕਮੇਟੀ ਕਾਰਜਸ਼ੀਲ ਹੋਈ ਸੀ ਪਰ ਉਸ ਨੂੰ ਦੂਜੇ ਪਾਸਿਓਂ ਕੋਈ ਸਹਿਯੋਗ ਅਤੇ ਸਮਰਥਨ ਨਹੀਂ ਮਿਲਿਆ। ਕਮੇਟੀ ਮੈਂਬਰਾਂ ਵੱਲੋਂ ਹੁਣ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਦੇ ਅਗਲੇ ਆਦੇਸ਼ਾਂ ਦੀ ਉਡੀਕ ਕੀਤੀ ਜਾਵੇਗੀ। ਬੀਤੇ ਦਿਨ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੀਡੀਆ ਨੂੰ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਅਤੇ ਅਕਾਲੀ ਦਲ ਦੇ ਆਗੂਆਂ ਦੇ ਭਰਤੀ ਸਬੰਧੀ ਵਿਚਾਰਾਂ ਵਿੱਚ ਅੰਤਰ ਹੈ। ਸ਼੍ਰੋਮਣੀ ਅਕਾਲੀ ਦਲ ਆਪਣੇ ਢੰਗ-ਤਰੀਕੇ ਮੁਤਾਬਕ ਭਰਤੀ ਮੁਹਿੰਮ ਜਾਰੀ ਰੱਖਣਾ ਚਾਹੁੰਦਾ ਹੈ।

ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਪਾਰਟੀ ਆਗੂ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਗੁਰਬਚਨ ਸਿੰਘ ਬੱਬੇਹਾਲੀ, ਜਰਨੈਲ ਸਿੰਘ ਵਾਹਿਦ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਆਦਿ ਪਿੱਪਲਾਂਵਾਲਾ ਸਥਿਤ ਧਾਮੀ ਦੇ ਗ੍ਰਹਿ ਪੁੱਜੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨਗੀ ਤੋਂ ਅਚਾਨਕ ਅਸਤੀਫ਼ਾ ਦੇਣ ਨਾਲ ਨਾ ਸਿਰਫ਼ ਸ਼੍ਰੋਮਣੀ ਕਮੇਟੀ ਬਲਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਧੱਕਾ ਲੱਗਿਆ ਹੈ।

ਸਾਂਝਾ ਕਰੋ

ਪੜ੍ਹੋ

ਹਰਿਆਣਾ ਬੀਜ ਵਿਕਾਸ ਨਿਗਮ ਹਿਸਾਰ ਦਾ ਪ੍ਰਬੰਧਕ

ਟੋਹਾਣਾ, 22 ਫ਼ਰਵਰੀ – ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ...