ਨਵੀਂ ਦਿੱਲੀ, 19 ਜੁਲਾਈਸੁਪਰੀਮ ਕੋਰਟ ਨੇ ਕੋਵਿਡ-19 ਦੇ ਇਲਾਜ ਨੂੰ ਸਬੰਧੀ ਭਾਜਪਾ ਆਗੂਆਂ ਦੀ ਆਲੋਚਨਾ ਕਰਨ ਉੱਤੇ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿਚ ਲਏ ਗੲੇ ਮਣੀਪੁਰ ਦੇ ਰਾਜਨੀਤਕ ਕਾਰਕੁਨ ਨੂੰ ਸੋਮਵਾਰ ਸ਼ਾਮ 5 ਵਜੇ ਤੱਕ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਐੱਮ.ਆਰ. ਸ਼ਾਹ ਦੇ ਬੈਂਚ ਨੇ ਕਿਹਾ ਕਿ ਉਸ ਨੂੰ ਹਿਰਾਸਤ ਵਿਚ ਰੱਖਣ ਨਾਲ ਸੰਵਿਧਾਨ ਦੀ ਧਾਰਾ 21 ਤਹਿਤ ਉਸ ਦੇ ਜੀਵਨ ਦੀ ਆਜ਼ਾਦੀ ਦੇ ਮੁੱਢਲੇ ਅਧਿਕਾਰ ਦਾ ਉਲੰਘਣ ਹੋਵੇਗਾ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ ਪਟੀਸ਼ਨ ਦਾ ਵਿਰੋਧ ਨਹੀਂ ਕਰ ਰਹੇ ਪਰ ਜਵਾਬ ਦਾਖ਼ਲ ਕਰਨਗੇ। ਇਸ ਤੋਂ ਬਾਅਦ ਬੈਂਚ ਨੇ ਪਟੀਸ਼ਨ ਨੂੰ ਮੰਗਲਵਾਰ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਸਿਖ਼ਰਲੀ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਮਣੀਪੁਰ ਜੇਲ੍ਹ ਅਧਿਕਾਰੀਆਂ ਨੂੰ ਇਸ ਆਦੇਸ਼ ਬਾਰੇ ਸੂਚਿਤ ਕੀਤਾ ਜਾਵੇ ਤਾਂ ਜੋ ਸੋਮਵਾਰ ਸ਼ਾਮ 5 ਵਜੇ ਤੱਕ ਕਾਰਕੁਨ ਨੂੰ ਰਿਹਾਅ ਕੀਤਾ ਜਾ ਸਕੇ।
