
ਸੁਲਤਾਨਪੁਰ ਲੋਧੀ, 22 ਫਰਵਰੀ – ਸੁਲਤਾਨਪੁਰ ਲੋਧੀ ਕਪੂਰਥਲਾ ਮਾਰਗ ’ਤੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਇੱਕ ਬੇਕਾਬੂ ਹੋ ਕੇ ਟਰੱਕ ਨੇ ਦੋ ਪਰਵਾਸੀ ਮਜ਼ਦੂਰਾਂ ਨੂੰ ਕੁਚਲ ਦਿੱਤਾ ਹੈ ।ਜਿਸ ਦੌਰਾਨ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਦਾ ਇਲਾਜ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਰਿਹਾ ਹੈ। ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੁਲਤਾਨਪੁਰ ਲੋਧੀ ਕਪੂਰਥਲਾ ਮਾਰਗ ਜਾਮ ਕਰ ਦਿੱਤਾ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਵਿਚਾਲੇ ਗੁੱਸੇ ’ਚ ਆਏ ਪ੍ਰਦਰਸ਼ਨਕਾਰੀਆਂ ’ਚੋਂ ਕੁਝ ਲੋਕਾਂ ਨੇ ਟਰੱਕ ਦੀ ਭੰਨਤੋੜ ਕੀਤੀ ਅਤੇ ਉਸ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਗਨੀਮਤ ਰਹੀ ਕਿ ਪੁਲਿਸ ਨੇ ਮੌਕੇ ਨੂੰ ਸਾਂਭ ਲਿਆ ਅਤੇ ਟਰੱਕ ਨੂੰ ਅੱਗ ਲੱਗਣ ਨਹੀਂ ਦਿੱਤੀ ਗਈ। ਮ੍ਰਿਤਕ ਅਤੇ ਜ਼ਖ਼ਮੀ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੱਸਿਆ ਕਿ ਧੰਨਸਾਗਰ ਪਾਣੀ ਲੈਣ ਲਈ ਜਾ ਰਿਹਾ ਸੀ। ਇਨੇ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਧੰਨਸਾਗਰ ਅਤੇ ਉਸਦੇ ਦੋਸਤ ਅਸਤਿਤਵ ਕੁਚਲ ਦਿੱਤਾ ਹੈ ਅਤੇ ਧਨਸਾਗਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਸਤਿਤਵ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਹਸਪਤਾਲ ’ਚ ਲਿਜਾਇਆ ਗਿਆ ਸੀ। ਜਿੱਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਫੂਲਨ ਦੇਵੀ (ਮ੍ਰਿਤਕ ਦੀ ਮਾਂ) ਨੇ ਦੱਸਿਆ ਕਿ ਧੰਨਸਾਗਰ ਸ਼ਾਦੀਸ਼ੁਦਾ ਸੀ ਅਤੇ ਉਸਦੇ ਦੋ ਬੱਚੇ ਵੀ ਹਨ। ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਕਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।