
ਚੰਡੀਗੜ੍ਹ, 23 ਫਰਵਰੀ – ਪੰਜਾਬ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਦੂਜਾ ਦੌਰ ਖ਼ਤਮ ਹੋ ਗਿਆ ਹੈ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸ਼ਾਮਲ ਹੋਏ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਗੱਲਬਾਤ ਨੂੰ ਹਾਂ-ਪੱਖੀ ਦੱਸਦਿਆਂ ਕਿਹਾ ਕਿ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ। ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੁਣ ਅਗਲੇ ਦੌਰ ਦੀ ਗੱਲਬਾਤ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੀ ਹੋਵੇਗੀ।ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਖੁੱਲ੍ਹੀ ਗੱਲਬਾਤ ਹੋਈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਇਸ ਲਈ ਵੀ ਅਹਿਮ ਸੀ ਕਿਉਂਕਿ ਇਸ ਵਿੱਚ ਕਿਸਾਨਾਂ ਨੇ ਸਿੱਧੇ ਤੌਰ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਆਪਣੇ ਵਿਚਾਰ ਪੇਸ਼ ਕੀਤੇ।
ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ – ਸ਼ਿਵਰਾਜ ਚੌਹਾਨ
ਸ਼ਿਵਰਾਜ ਚੌਹਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਅਸੀਂ ਜਲਦੀ ਤੋਂ ਜਲਦੀ ਉਨ੍ਹਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਗੱਲਬਾਤ ਜਾਰੀ ਰਹੇਗੀ ਅਤੇ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
ਸੂਬਾ ਸਰਕਾਰ ਕਿਸਾਨਾਂ ਦੇ ਨਾਲ-ਹਰਪਾਲ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਗੱਲਬਾਤ ਤੋਂ ਬਾਅਦ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਇਸ ਮੁੱਦੇ ਦਾ ਹਾਂ-ਪੱਖੀ ਹੱਲ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸਰਗਰਮ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਐਮ.ਐਸ.ਪੀ ਬਾਰੇ ਵਿਸਥਾਰ ਨਾਲ ਚਰਚਾ ਹੋਈ।