
ਖਨੌਰੀ, 25 ਫਰਵਰੀ – ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਚਾਨਕ ਗੰਭੀਰ ਰੂਪ ਵਿੱਚ ਸਿਹਤ ਵਿਗੜ ਗਈ। ਉਨ੍ਹਾਂ ਬਲੱਡ ਪ੍ਰੈਸ਼ਰ ਬਹੁਤ ਖ਼ਤਰਨਾਕ ਪੱਧਰ (176/107) ਤੱਕ ਵਧ ਗਿਆ, ਜਿਸ ਨਾਲ ਡਾਕਟਰਾਂ ਵਿੱਚ ਚਿੰਤਾ ਵਧ ਗਈ ਹੈ। ਕਿਸਾਨ ਮੋਰਚੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਡਾਕਟਰਾਂ ਅਨੁਸਾਰ, ਇੰਨੇ ਲੰਬੇ ਸਮੇਂ ਤੋਂ ਭੁੱਖ ਹੜਤਾਲ ਜਾਰੀ ਰਹਿਣ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਤੇ ਬਲੱਡ ਪ੍ਰੈਸ਼ਰ ਵਿੱਚ ਇੰਨਾ ਜ਼ਿਆਦਾ ਵਾਧਾ ਉਨ੍ਹਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ। ਇਸ ਖ਼ਬਰ ਤੋਂ ਬਾਅਦ, ਸੰਯੁਕਤ ਕਿਸਾਨ ਮੋਰਚਾ ਦੇ ਹੋਰ ਆਗੂਆਂ ਅਤੇ ਵਰਕਰਾਂ ਵਿੱਚ ਚਿੰਤਾ ਵਧ ਗਈ ਹੈ। ਮੋਰਚੇ ‘ਤੇ ਸਾਥੀ ਕਿਸਾਨ ਉਸਦੀ ਸਿਹਤ ਲਈ ਪ੍ਰਾਰਥਨਾਵਾਂ ਕਰ ਰਹੇ ਹਨ ਤੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਿਆ ਹੋਇਆ ਹੈ।
ਜ਼ਿਕਰ ਕਰ ਦਈਏ ਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਹੀ ਇਹ ਜਾਣਕਾਰੀ ਦਿੱਤੀ। ਐਤਵਾਰ ਨੂੰ ਦੋਵਾਂ ਮੰਚਾਂ ਦੇ ਆਗੂਆਂ ਨੇ ਆਪਣੇ-ਆਪਣੇ ਸਮਰਥਕਾਂ ਨਾਲ ਗੱਲਬਾਤ ਕੀਤੀ ਤੇ ਭਵਿੱਖ ਦੀ ਰਣਨੀਤੀ ‘ਤੇ ਚਰਚਾ ਕੀਤੀ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਹੋਈ ਛੇਵੀਂ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲ ਸਕਿਆ।