
– ਪੁਲਿਸ ਕਮਿਸ਼ਨਰ ਨੇ ਭਾਰਗੋ ਕੈਂਪ ਇਲਾਕੇ ’ਚ ਖੁਦ ਕੀਤੀ ਆਪ੍ਰੇਸ਼ਨ ਦੀ ਅਗਵਾਈ
– ਨਸ਼ਿਆਂ ਦਾ ਸਫਾਇਆ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਈ
– ਕਿਹਾ, ਆਉਣ ਵਾਲੇ ਦਿਨਾਂ ’ਚ ਜਾਰੀ ਰਹੇਗਾ ਨਸ਼ਿਆਂ ਵਿਰੁੱਧ ਯੁੱਧ
ਜਲੰਧਰ, 1 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਕਮਿਸ਼ਨਰੇਟ ਅਧੀਨ 11 ਥਾਵਾਂ ’ਤੇ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਜਿਨ੍ਹਾਂ ਸਥਾਨਕ ਭਾਰਗੋ ਕੈਂਪ ਵਿਖੇ ਖੁਦ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ, ਨੇ ਦੱਸਿਆ ਕਿ ਕਮਿਸ਼ਨਰੇਟ ਅਧੀਨ 11 ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕਰਕੇ ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਸ਼ਹਿਰ ਦੀਆਂ ਅਜਿਹੀਆਂ ਥਾਵਾਂ, ਜਿਥੇ ਨਸ਼ੇ ਵਿਕਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ, ’ਤੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਸ਼ਹਿਰ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਸਟ੍ਰੀਟ ਪੈਡਲਿੰਗ ਨੂੰ ਰੋਕ ਕੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ। ਨਸ਼ਿਆਂ ਦੀ ਲਾਹਣਤ ਦਾ ਸਫਾਇਆ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਅਭਿਆਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਨਸ਼ੇ ਵੇਚਣ ਵਾਲਿਆਂ ਨਾਲ ਕੋਈ ਰਿਆਇਤ ਨਾ ਵਰਤਦੇ ਹੋਏ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ, ਤਾਂ ਜੋ ਇਕਜੁੱਟਤਾ ਨਾਲ ਨਸ਼ੇ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ੇ ਵੇਚਣ ਦੀ ਗਤੀਵਿਧੀ ਦੇਖਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।