ਹੋਲੇ ਮਹੱਲੇ ਦਾ ਕੀ ਅਰਥ ਹੈ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

‘ਹੋਲਾ-ਮਹੱਲਾ’ ਸਿੱਖ ਧਰਮ ਦੀ ਸੂਰਬੀਰਤਾ, ਨਿਰਭੈਤਾ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਣ ਕਾਰਨ ਹਰ ਸਾਲ ਬੜੇ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਆ ਜਾਂਦਾ ਹੈ। ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ‘ਮਹਾਨ ਕੋਸ਼’ ’ਚ ‘ਹੋਲਾ ਮਹੱਲਾ’ ਬਾਰੇ ਇੰਝ ਲਿਖਦੇ ਹਨ, ‘‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਨੂੰ ਸ਼ਸਤ੍ਰ ਅਤੇ ਯੁੱਧ ਵਿਦਿਆ ’ਚ ਨਿਪੁੰਨ ਕਰਨ ਲਈ ਇਹ ਰੀਤ ਚਲਾਈ ਸੀ ਕਿ ਦੋ ਦਲ ਬਣਾ ਕੇ ਪ੍ਰਧਾਨ ਸਿੰਘਾਂ ਦੇ ਹੇਠ ਇਕ ਖ਼ਾਸ ਥਾਂ ’ਤੇ ਕਬਜ਼ਾ ਕਰਨ ਲਈ ਹਮਲਾ ਕਰਨਾ, ਕਲਗ਼ੀਧਰ ਆਪ ਇਸ ਮਸਨੂਈ ਜੰਗ ਦਾ ਕਰਤਵ ਦੇਖਦੇ ਤੇ ਦੋਹਾਂ ਦਲਾਂ ਨੂੰ ਸ਼ੁਭ ਸਿਖਿਆ ਦਿੰਦੇ ਅਰ ਜੋ ਦਲ ਕਾਮਯਾਬ ਹੁੰਦਾ ਉਸ ਨੂੰ ਦੀਵਾਨ ’ਚ ਸਿਰੋਪਾ ਬਖ਼ਸ਼ਦੇ ਸਨ। ‘ਹੋਲਾ-ਮਹੱਲਾ’ ਦੋ ਸ਼ਬਦਾਂ ‘ਹੋਲਾ’ ਤੇ ‘ਮਹੱਲਾ’ ਸ਼ਬਦਾਂ ਦੇ ਜੋੜ ਤੋਂ ਬਣਿਆ ਹੈ। ‘ਹੋਲਾ’ ਸ਼ਬਦ ਦਾ ਅਰਥ ਹਮਲਾ ਤੇ ‘ਮਹੱਲਾ’ ਸ਼ਬਦ ਤੋਂ ਭਾਵ ਕਿਸੇ ਸਥਾਨ ਨੂੰ ਫ਼ਤਿਹ ਕਰਨਾ ਹੈ। ‘ਹੋਲਾ’ ਅਰਬੀ ਭਾਸ਼ਾ ਤੇ ‘ਮਹੱਲਾ’ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ। ਇਸ ਪ੍ਰਕਾਰ ‘ਹੋਲਾ-ਮਹੱਲਾ’ ਦਾ ਸਮੁੱਚਾ ਅਰਥ ਹੈ “ਕਿਸੇ ਨਿਸ਼ਚਤ ਸਥਾਨ ’ਤੇ ਹਮਲਾ ਕਰ ਕੇ ਫ਼ਤਿਹ ਦਾ ਨਗਾਰਾ ਵਜਾਉਣਾ।”

ਇਹ ਦਿਹਾੜਾ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਹੋਲੀ ਭਾਰਤ ਦਾ ਇਕ ਪ੍ਰਾਚੀਨ ਤਿਉਹਾਰ ਹੈ ਜੋ ਭਗਤ ਪ੍ਰਹਿਲਾਦ, ਉਸ ਦੇ ਪਿਤਾ ਹਰਨਾਖ਼ਸ਼ ਤੇ ਉਸ ਦੀ ਭੂਆ ਹੋਲਿਕਾ ਦੇ ਪ੍ਰਸੰਗ ਨਾਲ ਜੁੜਿਆ ਹੋਇਆ ਹੈ। ਹਰਨਾਖ਼ਸ਼ ਭਗਤ ਪ੍ਰਹਿਲਾਦ ਜੀ ਨੂੰ ਮਰਵਾਉਣਾ ਚਾਹੁੰਦਾ ਸੀ ਪਰ ਪ੍ਰਭੂ ਨੇ ਨਰ ਸਿੰਘ ਦਾ ਰੂਪ ਧਾਰ ਕੇ ਭਗਤ ਪ੍ਰਹਿਲਾਦ ਦੀ ਰਖਿਆ ਕੀਤੀ। ਭਾਰਤੀ ਪ੍ਰੰਪਰਾ ਅਨੁਸਾਰ ਇਸ ਦਿਨ ਤੋਂ ਲੋਕਾਂ ਨੇ ਇਕ ਦੂਜੇ ’ਤੇ ਰੰਗ ਪਾ ਕੇ ਅਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਨਾ ਸ਼ੁਰੂ ਕੀਤਾ ਪਰ ਸਮੇਂ ਦੇ ਨਾਲ-ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਲੋਕਾਂ ’ਚ ਕਈ ਕੁਰੀਤੀਆਂ ਆ ਗਈਆਂ, ਉਹ ਨਸ਼ੇ ਦਾ ਸੇਵਨ ਕਰ ਕੇ ਇਕ ਦੂਜੇ ’ਤੇ ਰੰਗ ਅਤੇ ਗੰਦ ਸੁਟਦੇ। ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਨੂੰ ਇਨ੍ਹਾਂ ਕੁਰੀਤੀਆਂ ਤੋਂ ਦੂਰ ਰੱਖਣ ਲਈ ਤੇ ਖ਼ਾਲਸੇ ’ਚ ਸੂਰਬੀਰਤਾ ਤੇ ਨਿਰਭੈਤਾ ਭਰਨ ਲਈ ਅਨੰਦਪੁਰ ਸਾਹਿਬ ਵਿਖੇ ਸੰਮਤ 1757 (1700 ਈ.) ਚੇਤ ਵਦੀ ਇਕ ਨੂੰ ਹੋਲਗੜ੍ਹ ਦੇ ਸਥਾਨ ਤੇ ਹੋਲੇ-ਮਹੱਲੇ ਨੂੰ ਮਨਾਉਣ ਦੀ ਸ਼ੁਰੂਆਤ ਕਰਵਾਈ। ਕਵੀ ਸੁਮੇਰ ਸਿੰਘ ਜੀ ਨੇ ਦਸਮੇਸ਼ ਪਿਤਾ ਜੀ ਦੇ ਆਦੇਸ਼ ਨੂੰ ਇਸ ਤਰ੍ਹਾਂ ਕਲਮਬੰਦ ਕੀਤਾ ਹੈ :

ਔਰਨ ਕੀ ਹੋਲੀ ਮਮ ਹੋਲਾ॥
ਕਹਿਯੋ ਕ੍ਰਿਪਾਨਿਧ ਬਚਨ ਅਮੋਲਾ॥

ਗੁਰੂ ਸਾਹਿਬ ਦਾ ਇਸ ਤਿਉਹਾਰ ਨੂੰ ਮਨਾਉਣ ਦਾ ਮਕਸਦ ਸੈਂਕੜੇ ਸਾਲਾਂ ਤੋਂ ਗ਼ੁਲਾਮ ਮਾਨਸਿਕਤਾ ਦੇ ਆਦੀ ਹੋ ਚੁੱਕੇ ਭਾਰਤੀਆਂ ਦੇ ਮਨਾਂ ’ਚ ਇਨਕਲਾਬੀ ਸੋਚ ਪੈਦਾ ਕਰਨ ਤੋਂ ਸੀ। ਉਸ ਸਮੇਂ ਦੇ ਬਾਦਸ਼ਾਹ ਔਰੰਗਜ਼ੇਬ ਵਲੋਂ ਜਾਰੀ ਫ਼ੁਰਮਾਨ ਅਨੁਸਾਰ ਭਾਰਤੀ ਲੋਕਾਂ ਨੂੰ ਟੱਲ ਖੜਕਾਉਣ, ਸ਼ਸਤਰ ਧਾਰਨ ਕਰਨ, ਘੋੜ-ਸਵਾਰੀ ਕਰਨ ਤੇ ਸਿਰ ਉੱਤੇ ਦਸਤਾਰ ਸਜਾਉਣ ਦੀ ਮਨਾਹੀ ਸੀ। ਦਸਮੇਸ਼ ਪਿਤਾ ਜੀ ਨੇ ਆਮ ਲੋਕਾਂ ਨੂੰ ਜਥੇਬੰਦ ਕੀਤਾ ਅਤੇ ਉਨ੍ਹਾਂ ਨੂੰ ਘੋੜ-ਸਵਾਰੀ, ਸ਼ਸਤਰ ਵਿਦਿਆ ਦੀ ਸਿਖਿਆ ਲੈਣ ਲਈ ਪ੍ਰੇਰਿਆ। ਪ੍ਰਸਿੱਧ ਆਰੀਆ ਸਮਾਜੀ ਲੇਖਕ ਲਾਲਾ ਦੌਲਤ ਰਾਏ ਅਨੁਸਾਰ ਭਾਰਤ ਦੇਸ਼ ਵਿਚ ਬਹੁਤ ਸਾਰੇ ਅਵਤਾਰੀ ਪੁਰਸ਼ ਹੋਏ ਹਨ ਪਰ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਸਾਰਿਆ ਤੋਂ ਕਿਤੇ ਵਿਸ਼ੇਸ਼ ਪ੍ਰਮੁੱਖ ਹਨ ਕਿਉਂਕਿ ਉਹ ਉਨ੍ਹਾਂ ਲੋਕਾਂ ’ਚ ਸੂਰਬੀਰਤਾ ਭਰ ਰਹੇ ਸਨ ਜੋ ਸਦੀਆਂ ਤੋਂ ਲਿਤਾੜੇ ਹੋਏ ਸਨ।

ਸਾਂਝਾ ਕਰੋ

ਪੜ੍ਹੋ