
ਚੰਡੀਗੜ੍ਹ, 15 ਮਾਰਚ – ਬੁੜੈਲ ਜੇਲ੍ਹ ਚੰਡੀਗੜ੍ਹ ਵਿਚ ਬੰਦ ਪਰਮਜੀਤ ਸਿੰਘ ਭਿਓਰਾ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਹੋਣ ’ਤੇ ਵਧਾਈਆਂ ਦਿੱਤੀਆਂ ਹਨ।
ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥
ਆਪ ਜੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕਰਨ ਦੀ ਖਬਰ ਸੁਣਕੇ ਬੇਹੱਦ ਖ਼ੁਸ਼ੀ ਹੋਈ ਹੈ ਅਤੇ ਇਸ ਨਿਯੁਕਤੀ ਲਈ ਆਪ ਜੀ ਨੂੰ ਅਤੇ ਸਮੁੱਚੇ ਖ਼ਾਲਸਾ ਪੰਥ ਨੂੰ ਮੁਬਾਰਕਬਾਦ ਦਿੰਦਾ ਹਾਂ । ਅੱਜ ਖ਼ਾਲਸਾ ਪੰਥ ਬੇਹੱਦ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਿਹਾ ਹੈ । ਪੰਥ ਨੂੰ ਅੰਦਰੂਨੀ ਖਾਨਾਜੰਗੀ ਅਤੇ ਬਾਹਰੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਯੋਗ ਅਤੇ ਸਾਰੀਆਂ ਧਿਰਾਂ ਨੂੰ ਲੈ ਕੇ ਚੱਲਣ ਵਾਲੇ ਜਥੇਦਾਰ ਦੀ ਨਿਯੁਕਤੀ ਬੇਹੱਦ ਜ਼ਰੂਰੀ ਸੀ । ਆਪ ਜੀ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿ ਕਿ ਸਿੱਖ ਪਰੰਪਰਾਵਾਂ ਅਤੇ ਸਿਧਾਤਾਂ ਲਈ ਆਵਾਜ਼ ਬੁਲੰਦ ਕੀਤੀ ਹੈ । ਆਪ ਜੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਯਤਨਾਂ , ਗਰੀਬ ਤੇ ਬੇਸਹਾਰਾ ਬੱਚਿਆਂ ਦੀ ਪੜ੍ਹਾਈ ਲਈ ਪ੍ਰਬੰਧ ਕਰਨ ਅਤੇ ਸਿੱਖ ਸੰਘਰਸ਼ ਵਿੱਚ ਯੋਗਦਾਨ ਤੋਂ ਖਾਲਸਾ ਪੰਥ ਚੰਗੀ ਤਰ੍ਹਾਂ ਜਾਣੂ ਹੈ ।
ਇਸ ਵਕਤ ਦਿੱਲੀ ਦੀ ਹਕੂਮਤ ਵਲੋੰ ਮੀਰ ਮੰਨੂੰ ਦੀ ਤਰਜ਼ ਤੇ ਵਿਸ਼ੇਸ਼ ਨੀਤੀ ਬਣਾ ਕੇ ਦੇਸ਼ ਅਤੇ ਵਿਦੇਸ਼ ਵਿੱਚ ਸਿੱਖਾਂ ਨੂੰ ਸ਼ਹੀਦ ਕਰਵਾਇਆ ਜਾ ਰਿਹਾ ਹੈ ਅਤੇ ਦਿੱਲੀ ਦੀ ਹਕੂਮਤ ਪੰਜਾਬ ਦੀ ਸਿਆਸਤ ਵਿੱਚੋਂ ਸਿੱਖ ਅਤੇ ਅਕਾਲੀ ਸੋਚ ਨੂੰ ਖਤਮ ਕਰਨਾ ਚਾਹੁੰਦੀ ਹੈ । ਭਾਰਤੀ ਜਨਤਾ ਪਾਰਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ , ਸ੍ਰੀ ਨਾਂਦੇੜ ਸਾਹਿਬ , ਦਿੱਲੀ ਅਤੇ ਹਰਿਆਣਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਕਬਜ਼ਾ ਕਰਕੇ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਸਾਬਤ ਕਰਨ ਲਈ ਡੂੰਘੀ ਸਾਜ਼ਿਸ਼ ਕੀਤੀ ਜਾ ਰਹੀ ਹੈ । ਜਿਸ ਕਰਕੇ ਖ਼ਾਲਸਾ ਪੰਥ ਦੇ ਆਪਸੀ ਵਿਚਾਰਧਾਰਕ ਵਖਰੇਵਿਆਂ ਨੂੰ ਖਤਮ ਕਰਕੇ ਖ਼ਾਲਸਾ ਪੰਥ ਦੀ ਸ਼ਕਤੀ ਨੂੰ ਇਕੱਠਾ ਕਰਕੇ ਦਿੱਲੀ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਮੁੱਖ ਲੋੜ ਹੈ ।