ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਵੱਲੋਂ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦਾ ਨਿਰੀਖਣ
*ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਲਗਭਗ 1000 ਵਿਦਿਆਰਥੀ ਲੈਣਗੇ ਭਾਗ
*ਡੀ ਐਸ ਪੀ ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਐਨ ਸੀ ਸੀ ਤੇ ਪੁਲਿਸ ਟੁਕੜੀਆਂ ਵੱਲੋਂ ਮਾਰਚ ਪਾਸਟ
*26 ਜਨਵਰੀ ਨੂੰ ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਤਿਰੰਗਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਦੀ ਭਲਾਈ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਸ਼੍ਰੀ ਮੋਹਿੰਦਰ ਭਗਤ 26 ਜਨਵਰੀ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇੱਥੇ ਦਿੱਤੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਨਾਲ ਮਿਲ ਕੇ ਅੱਜ ਸਮਾਰੋਹ ਸਥਾਨ ’ਤੇ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦੌਰਾਨ ਪਰੇਡ, ਮਾਰਚ ਪਾਸਟ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਨਿਰੀਖਣ ਕੀਤਾ। ਤਿਆਰੀਆਂ ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਰੇ ਭਾਗੀਦਾਰਾਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਬਹੁਤ ਪ੍ਰਭਾਵਸ਼ਾਲੀ ਰਹੀਆਂ। ਉਨ੍ਹਾਂ ਨੇ ਕੜਾਕੇ ਦੀ ਠੰਡ ਦੇ ਬਾਵਜੂਦ ਵਿਦਿਆਰਥੀਆਂ ਵੱਲੋਂ ਦਿਖਾਏ ਗਏ ਜੋਸ਼ ਅਤੇ ਮਨਮੋਹਕ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਦੱਸਿਆ ਕਿ ਏ ਪੀ ਜੇ ਸਕੂਲ, ਖਰੜ; ਸੇਂਟ ਸੋਲਜਰ ਕਾਨਵੈਂਟ ਸਕੂਲ, ਮੋਹਾਲੀ; ਸਰਕਾਰੀ ਹਾਈ ਸਕੂਲ, ਦੌਣ; ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ, ਮੋਹਾਲੀ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਸਮੇਤ ਲਗਭਗ 1000 ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਦਰਸ਼ਕਾਂ ਨੂੰ ਖੂਬ ਮੋਹ ਲਿਆ। ਇਸ ਮੌਕੇ ਸਰਕਾਰੀ ਕਾਲਜ, ਮੋਹਾਲੀ; ਲਕਸ਼ਮੀ ਤਾਰਾ ਰਾਠੌਰ ਸਕੂਲ, ਸਿਆਲਬਾ ਮਾਜਰੀ; ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾਰਾ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ ਦੇ ਐਨ ਸੀ ਸੀ ਕੈਡਟਾਂ ਨੇ ਵੀ ਭਾਗ ਲਿਆ। ਇਸ ਤੋਂ ਇਲਾਵਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਅਤੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1 ਦੇ ਬੈਂਡ ਦਲਾਂ ਨੇ ਡੀਐਸਪੀ ਸਿਟੀ-1 ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਪੁਰਸ਼ ਅਤੇ ਮਹਿਲਾ ਪੁਲਿਸ ਟੁਕੜੀਆਂ ਦੇ ਪਿੱਛੇ-ਪਿੱਛੇ ਮਾਰਚ ਕੀਤਾ।

ਜਾਗਰੂਕਤਾ ਗਤੀਵਿਧੀ ਦੇ ਤੌਰ ’ਤੇ ਸੀ ਐਮ ਦੀ ਯੋਗਸ਼ਾਲਾ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਯੋਗ ਕੋਆਰਡੀਨੇਟਰ ਪ੍ਰਤਿਮਾ ਡਾਵਰ ਦੀ ਦੇਖ ਰੇਖ ਹੇਠ ਯੋਗ ਟ੍ਰੇਨਰਾਂ ਵੱਲੋਂ ਯੋਗ ਅਭਿਆਸ ਕਰਵਾ ਕੇ ਦਰਸ਼ਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਪ੍ਰੇਰਿਤ ਕੀਤਾ ਗਿਆ। ਕਾਰਜਕ੍ਰਮ ਦਾ ਸਮਾਪਨ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-3ਬੀ1, ਮੋਹਾਲੀ ਦੇ ਵਿਸ਼ੇਸ਼ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਦੀ ਭਾਵਪੂਰਣ ਪੇਸ਼ਕਾਰੀ ਨਾਲ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੈਠਣ, ਸੁਰੱਖਿਆ ਅਤੇ ਸਮੁੱਚੇ ਪ੍ਰਬੰਧਾਂ ਸਬੰਧੀ ਸਾਰੀਆਂ ਤਿਆਰੀਆਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀ ਨਿਗਰਾਨੀ ਹੇਠ ਪੂਰੀਆਂ ਕਰ ਲਈਆਂ ਗਈਆਂ ਹਨ। ਗਣਤੰਤਰ ਦਿਵਸ ਪਰੇਡ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪ੍ਰਮੁੱਖ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।

ਸਿਹਤ ਵਿਭਾਗ, ਪੁਲਿਸ, ਖੇਤੀਬਾੜੀ ਅਤੇ ਸਹਿਕਾਰਤਾ, ਜੰਗਲਾਤ ਵਿਭਾਗ, ਵਰਕਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੀ ਐਸ ਪੀ ਸੀ ਐਲ ਵੱਲੋਂ ਝਾਕੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ ਅਨਮੋਲ ਸਿੰਘ ਧਾਲੀਵਾਲ ਅਤੇ ਗੀਤਿਕਾ ਸਿੰਘ, ਐਸ ਡੀ ਐਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ ਅੰਕਿਤਾ ਕਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਗਿੰਨੀ ਦੁੱਗਲ ਅਤੇ ਦਰਸ਼ਨਜੀਤ ਸਿੰਘ ਆਦਿ ਮੌਜੂਦ ਸਨ।
Share this content:



Post Comment