Loading Now

328 ਸਰੂਪਾਂ ਨੂੰ ਲੈ ਕੇ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ

328 ਸਰੂਪਾਂ ਨੂੰ ਲੈ ਕੇ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ

ਚੰਡੀਗੜ੍ਹ, 27 ਜਨਵਰੀ – 328 ਸਰੂਪਾਂ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ ਗਿਆ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੂਰਾ ਸਹਿਯੋਗ ਕਰ ਰਹੀ ਹੈ, ਪਰ ਹਾਲੇ ਤੱਕ 328 ਸਰੂਪਾਂ ਨਾਲ ਜੁੜਿਆ ਪੂਰਾ ਡਾਟਾ ਵਿਸ਼ੇਸ਼ ਜਾਂਚ ਟੀਮ (SIT) ਕੋਲ ਨਹੀਂ ਪਹੁੰਚਿਆ ਹੈ। ਅਦਾਲਤ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ SGPC ਵੱਲੋਂ ਇਹ ਜਾਂਚ ਈਸ਼ਰ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਸੀ ਅਤੇ ਇਸ ਸਬੰਧੀ 2020 ਵਿੱਚ ਕਾਰਵਾਈ ਅਮਲ ‘ਚ ਲਿਆਂਦੀ ਗਈ ਸੀ। ਇਸ ਮਾਮਲੇ ਵਿੱਚ ਹੁਣ ਜਾਂਚ ਨੂੰ ਹੋਰ ਗੰਭੀਰ ਬਣਾਉਂਦੇ ਹੋਏ ਭਾਰਤੀ ਦੰਡ ਸੰਹਿਤਾ ਦੀਆਂ ਨਵੀਆਂ ਧਾਰਾਵਾਂ 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ।

ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਹੁਣ ਪਟੀਸ਼ਨਰ ਦੇ ਵਕੀਲ ਵੱਲੋਂ ਇਸ ਮਾਮਲੇ ਵਿੱਚ ਦੋਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 30 ਜਨਵਰੀ ਲਈ ਤੈਅ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ 30 ਜਨਵਰੀ ਨੂੰ ਇਸ ਮਾਮਲੇ ਵਿੱਚ ਵਿਸਥਾਰ ਨਾਲ ਬਹਿਸ ਹੋਵੇਗੀ ਅਤੇ ਦੋਵੇਂ ਪੱਖ ਆਪਣੀ-ਆਪਣੀ ਦਲੀਲਾਂ ਅਦਾਲਤ ਅੱਗੇ ਰੱਖਣਗੇ। 328 ਸਰੂਪਾਂ ਦਾ ਮਾਮਲਾ ਧਾਰਮਿਕ ਅਤੇ ਕਾਨੂੰਨੀ ਤੌਰ ‘ਤੇ ਕਾਫ਼ੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ, ਜਿਸ ‘ਤੇ ਪੂਰੇ ਪੰਜਾਬ ਦੀ ਨਜ਼ਰ ਬਣੀ ਹੋਈ ਹੈ।

Share this content:

Post Comment