ਆਰਮੀ ਐਜੂਕੇਸ਼ਨ ਸੁਸਾਇਟੀ ਸਰਕੂਲਰ ਵਾਪਸ ਲਵੇ- ਪੰਜਾਬ ਚੇਤਨਾ ਮੰਚ

-ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਹਾਸ਼ੀਏ ‘ਤੇ ਧਕੇਲਣਾ ਮੰਦਭਾਗਾ
ਫਗਵਾੜਾ, 1 ਮਈ ( ਏ.ਡੀ.ਪੀ. ਨਿਊਜ਼ ) ਪੰਜਾਬ ਵਿੱਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧੱਕਣ ਦੇ ਫੈਸਲੇ ਖ਼ਿਲਾਫ਼ ਪੰਜਾਬ ਚੇਤਨਾ ਮੰਚ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਮੰਚ ਨੇ ਇਸ ਨੂੰ ਨਾ ਸਿਰਫ਼ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਕਰਾਰ ਦਿੱਤਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਕਰਿਕੁਲਮ ਫ੍ਰੇਮਵਰਕ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਦੱਸਿਆ ਹੈ।ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਸ਼ਾ ਕਾਨੂੰਨ The Punjab Learning of Punjabi and other Languages (Amendment)Act -2008 ਅਨੁਸਾਰ ਪੰਜਾਬ ਦੇ ਹਰ ਸਕੂਲ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ, ਪਰ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ (AWES) ਵੱਲੋਂ ਜਾਰੀ ਕੀਤੇ ਸਰਕੂਲਰ ਵਿੱਚ ਪੰਜਾਬੀ ਨੂੰ ਇੱਕ ਅਤਿਰਿਕਤ (Additional) ਭਾਸ਼ਾ ਵਜੋਂ ਰੱਖ ਕੇ ਸੰਸਕ੍ਰਿਤ ਨੂੰ ਲਾਜ਼ਮੀ ਤੌਰ ’ਤੇ ਪੜ੍ਹਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੰਚ ਦੇ ਆਗੂਆਂ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਨਵੀਂ ਸਿੱਖਿਆ ਨੀਤੀ ਅਨੁਸਾਰ ਪੰਜਾਬੀ ਪੜ੍ਹਨਾ ਚਾਹੁੰਦੇ, ਉਨ੍ਹਾਂ ਨੂੰ ਵੀ ਸੰਸਕ੍ਰਿਤ ਵਿਸ਼ਾ ਲਾਜ਼ਮੀ ਤੌਰ ’ਤੇ ਪੜ੍ਹਣ ਬਾਰੇ ਕਿਹਾ ਜਾ ਰਿਹਾ ਹੈ। ਇਹ ਯਤਨ ਬੱਚਿਆਂ ਦੇ ਸਿੱਖਣ ਦੇ ਅਧਿਕਾਰਾਂ, ਮਨੋਵਿਗਿਆਨਕ ਆਜ਼ਾਦੀ ਅਤੇ ਉਨ੍ਹਾਂ ਦੀ ਭਾਸ਼ਾਈ ਪਸੰਦ ਨਾਲ ਸਿੱਧਾ ਟਕਰਾਅ ਹੈ। ਉਨ੍ਹਾਂ ਕਿਹਾ ਕਿ NEP-2020 ਅਤੇ NCF ਦੋਵੇਂ ਹੀ ਬੱਚਿਆਂ ਲਈ Flexible Curriculum, ਮਾਤ ਭਾਸ਼ਾ ਅਧਾਰਿਤ ਸਿੱਖਿਆ ਅਤੇ “R3” ਦੇ ਸਿਧਾਂਤਾਂ ਨੂੰ ਉਤਸ਼ਾਹਿਤ ਕਰਦੇ ਹਨ, ਜਿਸ ਅਨੁਸਾਰ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਸਥਾਨਕ ਭਾਸ਼ਾਈ ਪਿਛੋਕੜ ਦੇ ਅਨੁਸਾਰ ਵਿਸ਼ਿਆਂ ਦੀ ਚੋਣ ਦੀ ਆਜ਼ਾਦੀ ਹੈ। ਪਰ ਆਰਮੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਿੱਖਿਆ ਨੀਤੀ ਦੀ ਭਾਵਨਾ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਪਤਾ ਲੱਗਾ ਹੈ ਕਿ ਮਾਪਿਆਂ ਵੱਲੋਂ ਵੀ ਇਸ ਮਾਮਲੇ ’ਤੇ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ। ਮੰਚ ਨੇ ਕਿਹਾ ਕਿ ਸਰਕੂਲਰ ਅਨੁਸਾਰ ਪੰਜਾਬੀ ਭਾਸ਼ਾ ਨੂੰ ਚੌਥੇ ਵਿਕਲਪ ਵਜੋਂ ਰੱਖਿਆ ਗਿਆ ਹੈ ਅਤੇ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਵੀ ਨਹੀਂ ਕਰੇਗਾ। ਅਜਿਹੇ ਹਾਲਾਤਾਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਘਰ ਬੈਠ ਕੇ ਪੜ੍ਹਨ ਲਈ ਮਜਬੂਰ ਹੋਣਾ ਪਵੇਗਾ। ਇਹ ਨੀਤੀ ਸਪੱਸ਼ਟ ਤੌਰ ’ਤੇ ਵਿਦਿਆਰਥੀਆਂ ਦੀ ਭਾਸ਼ਾਈ ਵਿਕਲਪ ਸਿੱਖਿਆ ਨੀਤੀ ਨਾਲ ਵਿਤਕਰਾ ਕਰਦੀ ਹੈ। ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਸੀ.ਬੀ.ਐਸ.ਈ. ਨੂੰ ਇਕ ਪੱਤਰ ਲਿਖ ਕੇ ਤੁਰੰਤ ਦਖਲ ਦੀ ਮੰਗ ਵੀ ਕੀਤੀ ਹੈ। ਉਹਨਾਂ ਨੇ ਸੀ.ਬੀ.ਐਸ.ਈ. ਤੋਂ ਮੰਗ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਸਾਰੇ ਸਕੂਲ ਭਾਸ਼ਾ ਨੀਤੀ ਅਤੇ ਸਿੱਖਿਆ ਨੀਤੀ ਦੇ ਨਿਯਮਾਂ ਦੀ ਪਾਲਣਾ ਕਰਨ।
ਪੰਜਾਬ ਚੇਤਨਾ ਮੰਚ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਸਥਿਤ ਸਾਰੇ ਆਰਮੀ ਸਕੂਲਾਂ ਵਿੱਚ ਪੰਜਾਬ ਦੇ ਬੱਚਿਆਂ ਲਈ ਪੰਜਾਬੀ ਭਾਸ਼ਾ ਦੀ ਲਾਜ਼ਮੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾਵੇ ।ਮੰਚ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਪੰਜਾਬ ਭਰ ਵਿੱਚ ਵਿਆਪਕ ਲਾਮਬੰਦੀ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
Share this content:


Post Comment