ਆਮ ਲੋਕ ਸਥਾਈ ਲੋਕ ਅਦਾਲਤ ਮੋਗਾ ਦਾ ਵੱਧ ਤੋਂ ਵੱਧ ਲਾਭ ਉਠਾਉਣ- ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ
*ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਾ: ਅੰਬੇਦਕਰ ਭਵਨ ਮੋਗਾ ਵਿਖੇ ਚੱਲ ਰਹੀ ਸਥਾਈ ਲੋਕ ਅਦਾਲਤ
ਮੋਗਾ, 5 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਨੀਲਮ ਅਰੋੜਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ (ਅਮੈਂਡਮੈਂਟ ਐਕਟ), 2002 ਅਨੁਸਾਰ ਮੋਗਾ ਵਿਖੇ ਜ਼ਿਲ੍ਹਾ ਪੱਧਰ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਚਲ ਰਹੀ ਹੈ, ਜੋ ਕਿ ਡਾ: ਅੰਬੇਦਕਰ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਜੀ.ਟੀ. ਰੋਡ ਮੋਗਾ ਵਿਖੇ ਕੰਮ ਕਰ ਰਹੀ ਹੈ, ਜੋ ਕਿ ਰੋਜ਼ਾਨਾ ਦਫਤਰੀ ਕੰਮ–ਕਾਜ ਵਾਲੇ ਦਿਨ ਕੰਮ ਕਰਦੀ ਹੈ। ਉਹਨਾਂ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਬਿਜਲੀ ਸੇਵਾਵਾਂ, ਪਾਣੀ ਦੀ ਸਪਲਾਈ ਅਤੇ ਸੀਵਰੇਜ ਵਿਭਾਗ ਸਬੰਧੀ, ਕੁਦਰਤੀ ਸਾਧਨਾਂ ਦੀ ਸੁਰੱਖਿਆ ਜਾਂ ਸੈਨੀਟੇਸ਼ਨ ਸਬੰਧੀ, ਪੋਸਟਲ, ਟੈਲੀਗ੍ਰਾਫ ਜਾਂ ਟੈਲੀਫੋਨ ਵਿਭਾਗ ਸਬੰਧੀ, ਹਸਪਤਾਲ ਜਾਂ ਡਿਸਪੈਂਸਰੀ ਵਿੱਚ ਸੇਵਾਵਾਂ, ਆਵਾਜਾਈ (ਟਰਾਂਸਪੋਰਟ), ਬੈਂਕਿੰਗ, ਹਾਊਸਿੰਗ ਸੇਵਾਵਾਂ, ਫਾਈਨਾਂਸ ਸੇਵਾਵਾਂ, ਸਿੱਖਿਆ ਪ੍ਰਦਾਨ ਕਰਨ ਅਤੇ ਇਸ ਨਾਲ ਜੁੜੇ ਮਾਮਲੇ, ਵੀਜ਼ਾ ਸੇਵਾਵਾਂ ਅਤੇ ਇਸ ਨਾਲ ਜੁੜੇ ਮਾਮਲੇ, ਐੱਲ.ਪੀ.ਜੀ. ਦੇ ਨਵੇਂ ਕੁਨੈਕਸ਼ਨ, ਸਪਲਾਈ, ਰਿਫਿਲਿੰਗ ਅਤੇ ਇਸ ਨਾਲ ਜੁੜੇ ਮਾਮਲੇ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐੱਲ ਕਾਰਡ ਜਾਰੀ ਕਰਨ ਸਬੰਧੀ ਮਾਮਲੇ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸ਼ਗਨ ਸਕੀਮ ਸੇਵਾਵਾਂ ਸਬੰਧੀ ਮਾਮਲੇ, ਜਨਤਕ ਵੰਡ ਪ੍ਰਣਾਲੀ ਸਬੰਧੀ ਸੇਵਾਵਾਂ, ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਵਿਆਹ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ, ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਅਧੀਨ ਵਾਹਨਾਂ ਦੀ ਰਜਿਸਟ੍ਰੇਸ਼ਨ/ਡਰਾਇਵਿੰਗ ਲਾਇਸੈਂਸ ਜਾਰੀ ਕਰਨ ਸਬੰਧਤ ਸੇਵਾਵਾਂ, ਬੀਮਾ ਕੰਪਨੀਆਂ ਸਬੰਧੀ ਮਾਮਲਿਆਂ ਦੇ ਕੇਸ ਲਗਾਏ ਜਾ ਸਕਦੇ ਹਨ, ਜਿਨ੍ਹਾਂ ਦੀ ਸੁਣਵਾਈ ਇਸ ਲੋਕ ਅਦਾਲਤ ਦੇ ਬੈਂਚ ਵੱਲੋਂ ਕੀਤੀ ਜਾਂਦੀ
ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਵਿੱਚ ਇੱਕ ਚੇਅਰਮੈਨ ਜੋ ਕਿ ਰਿਟਾਇਰਡ ਜ਼ਿਲ੍ਹਾ ਤੇ ਸੈਸ਼ਨ ਜੱਜ ਹੁੰਦਾ ਹੈ ਅਤੇ ਦੋ ਮੈਂਬਰ ਹੁੰਦੇ ਹਨ। ਉਹਨਾਂ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿੱਚ ਕੇਸ ਲਗਾਉਣ ਦਾ ਬਹੁਤ ਹੀ ਸੌਖਾ ਤਰੀਕਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਪਰੋਕਤ ਸੇਵਾਵਾਂ ਨਾਲ ਸਬੰਧਤ ਅਜਿਹੇ ਝਗੜੇ/ਸ਼ਿਕਾਇਤਾਂ /ਵਿਵਾਦ ਜਿਹੜੇ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ ਸਬੰਧੀ ਦਰਖਾਸਤ ਸਾਦੇ ਕਾਗਜ ਤੇ ਲਿਖ ਕੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਚੇਅਰਮੈਨ ਕੋਲ ਪੇਸ਼ ਕਰਨੀ ਹੁੰਦੀ ਹੈ ਅਤੇ ਇਸ ਲੋਕ ਅਦਾਲਤ ਵਿੱਚ ਇੱਕ ਕਰੋੜ ਰੁਪੈ ਤੱਕ ਦੇ ਝਗੜੇ ਜਾਂ ਮਾਮਲੇ ਰੱਖੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿੱਚ ਛੇਤੀ ਨਿਆਂ ਮਿਲਦਾ ਹੈ, ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਕੇਸ ਲਗਾਉਣ ਲਈ ਕੋਈ ਫੀਸ ਵੀ ਨਹੀਂ ਲੱਗਦੀ । ਉਨ੍ਹਾਂ ਨੇ ਆਮ ਜਨਤਾ ਨੂੰ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
Share this content:


Post Comment