Loading Now

ਕਿਸਾਨ-ਮਜ਼ਦੂਰ ਮੋਰਚੇ ਨੇ ਮੋਦੀ ਤੇ ਟਰੰਪ ਦੇ ਪੁਤਲੇ ਸਾੜੇ

ਕਿਸਾਨ-ਮਜ਼ਦੂਰ ਮੋਰਚੇ ਨੇ ਮੋਦੀ ਤੇ ਟਰੰਪ ਦੇ ਪੁਤਲੇ ਸਾੜੇ

ਚੰਡੀਗੜ੍ਹ, 25 ਜੂਨ – ਕਿਸਾਨ-ਮਜ਼ਦੂਰ ਮੋਰਚਾ (ਕੇ ਐੱਮ ਐੱਮ) ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 28 ਥਾਵਾਂ ’ਤੇ ਮੁਜ਼ਾਹਰੇ ਕੀਤੇ। ਇਨ੍ਹਾਂ ਵਿੱਚ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਨੌਜਵਾਨ, ਵਪਾਰੀ ਅਤੇ ਔਰਤਾਂ ਸ਼ਾਮਲ ਹੋਈਆਂ। ਇਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਲਡ ਟਰੰਪ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਤੇ ਟਰੰਪ ਦੇ ਪੁਤਲੇ ਸਾੜੇ। ਪ੍ਰਦਰਸ਼ਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ। ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਸਣੇ ਹੋਰ ਨੇਤਾਵਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਇੱਕ ਵਾਰ ਫਿਰ ਉਹੀ ਗਲਤੀ ਦੁਹਰਾ ਰਹੀ ਹੈ, ਜੋ ਉਸ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲਿਆ ਕੇ ਕੀਤੀ ਸੀ। ਉਸ ਸਮੇਂ ਵੀ ਕਿਸਾਨ ਸੰਗਠਨਾਂ ਜਾਂ ਹੋਰ ਪ੍ਰਭਾਵਿਤ ਵਰਗਾਂ ਨਾਲ ਬਿਨਾਂ ਕਿਸੇ ਸਲਾਹ-ਮਸ਼ਵਰੇ ਤੋਂ ਖੇਤੀ ਕਾਨੂੰਨ ਤਿਆਰ ਕੀਤੇ ਗਏ ਸਨ। ਹੁਣ ਵੀ ਡੇਅਰੀ ਫਾਰਮਿੰਗ, ਖੇਤੀਬਾੜੀ, ਛੋਟੇ ਵਪਾਰੀਆਂ ਜਾਂ ਉਨ੍ਹਾਂ ਸਾਰੇ ਵਰਗਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ ਹੈ, ਜਿਨ੍ਹਾਂ ਦੀ ਰੋਜ਼ੀ-ਰੋਟੀ ਇਸ ਸਮਝੌਤੇ ਨਾਲ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਨੂੰ ਭਾਰਤ ਦੇ ਖੇਤੀਬਾੜੀ ਬਾਜ਼ਾਰ ਤੱਕ ਬੇਰੋਕ ਪਹੁੰਚ ਮਿਲਦੀ ਹੈ ਤਾਂ ਭਾਰਤੀ ਕਿਸਾਨਾਂ ਲਈ ਮੁਕਾਬਲਾ ਕਰਨਾ ਮੁਸ਼ਕਲ ਹੋ ਜਾਵੇਗਾ। ਅਮਰੀਕਾ ਦੇ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਸਾਲਾਨਾ ਸਰਕਾਰੀ ਸਬਸਿਡੀਆਂ ਮਿਲਦੀਆਂ ਹਨ। ਉੱਥੇ ਖੇਤੀਬਾੜੀ ਦਾ ਮਸ਼ੀਨੀਕਰਨ ਬਹੁਤ ਜ਼ਿਆਦਾ ਹੈ ਤੇ ਇਹ ਵੱਡੀਆਂ ਜ਼ਮੀਨਾਂ ’ਤੇ ਆਧਾਰਿਤ ਹੈ। ਜਦੋਂ ਕਿ ਭਾਰਤ ਵਿੱਚ 86 ਪ੍ਰਤੀਸ਼ਤ ਕਿਸਾਨ ਘੱਟ ਜ਼ਮੀਨ ਦੇ ਮਾਲਕ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ ਪੰਜ ਏਕੜ ਜਾਂ ਇਸ ਤੋਂ ਘੱਟ ਜ਼ਮੀਨ ਹੈ। ਕਿਸਾਨਾਂ ਨੂੰ ਪਹਿਲਾਂ ਹੀ ਆਪਣੀ ਉਪਜ ਲਈ ਲਾਹੇਵੰਦ ਕੀਮਤਾਂ ਨਹੀਂ ਮਿਲ ਰਹੀਆਂ, ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ, ਅਤੇ ਖ਼ੁਦਕੁਸ਼ੀਆਂ ਜਾਰੀ ਹਨ। ਅਜਿਹੀਆਂ ਸਥਿਤੀਆਂ ਵਿੱਚ, ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਨੌਜਵਾਨਾਂ ਲਈ ਖ਼ਤਰਨਾਕ ਸਾਬਤ ਹੋਵੇਗਾ।

ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਤੋਂ ਬਾਅਦ ਵਿਦੇਸ਼ਾਂ ਤੋਂ ਵੱਡੇ ਪੱਧਰ ’ਤੇ ਖੇਤੀ ਉਤਪਾਦ, ਦਾਲਾਂ, ਫ਼ਲ, ਸਬਜ਼ੀਆਂ ਅਤੇ ਹੋਰ ਖੁਰਾਕੀ ਪਦਾਰਥ ਭਾਰਤੀ ਮੰਡੀਆਂ ਵਿੱਚ ਡੰਪ ਕੀਤੇ ਜਾਣਗੇ, ਜਿਸ ਨਾਲ ਦੇਸ਼ ਦੀ ਖੇਤੀ ਆਰਥਿਕਤਾ ਨੂੰ ਭਾਰੀ ਨੁਕਸਾਨ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਹੋਰ ਘਟੇਗੀ। ਕਿਸਾਨ ਤੇ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਵਿਚਕਾਰ ਵਪਾਰ ਸਮਝੌਤੇ ਰੱਦ ਕੀਤੇ ਜਣ। ਉਨ੍ਹਾਂ ਦੇਸ਼ ਦੇ ਹਰ ਮਜ਼ਦੂਰ, ਛੋਟੇ ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਨਾਗਰਿਕ ਨੂੰ ਸੰਘਰਸ਼ ਵਿੱਚ ਕੁੱਦਣ ਦਾ ਸੱਦਾ ਦਿੱਤਾ।

Share this content:

Post Comment