Loading Now

ਕੀ ਅਮਰੀਕਾ ਦਾ ਹਮਲਾਵਰ ਰੁਖ਼ ਮੱਠਾ ਪਵੇਗਾ ?

ਕੀ ਅਮਰੀਕਾ ਦਾ ਹਮਲਾਵਰ ਰੁਖ਼ ਮੱਠਾ ਪਵੇਗਾ ?

ਅਮਰੀਕਾ ਅਤੇ ਇਰਾਨ ਦਰਮਿਆਨ ਜੰਗ ਰੁਕਣ ਦੀ ਖ਼ਬਰ ਨਾਲ ਇਜ਼ਰਾਈਲ ਨੂੰ ਛੱਡ ਕੇ ਬਾਕੀ ਸਾਰੀ ਦੁਨੀਆ ਨੂੰ ਸੁੱਖ ਦਾ ਸਾਹ ਆਇਆ ਹੈ, ਕਿਉਂਕਿ ਇਸ ਜੰਗ ਨੇ ਸਾਰੇ ਸੰਸਾਰ ਵਿੱਚ ਗੈਸ ਤੇਲ ਦੀ ਘਾਟ ਅਤੇ ਮਹਿੰਗਾਈ ਕਾਰਨ ਭਿਆਨਕ ਹਾਲਾਤ ਪੈਦਾ ਕਰ ਦਿੱਤੇ ਸਨ। ਡੋਨਲਡ ਟਰੰਪ ਅਤੇ ਇਰਾਨ ਦੇ ਰਾਸ਼ਟਰਪਤੀ ਨੇ 14 ਨੁਕਾਤੀ ‘ਮੈਮੋਰੰਡਮ ਔਫ ਅੰਡਰਸਟੈਂਡਿੰਗ’ ਉੱਤੇ ਦਸਤਖ਼ਤ ਕੀਤੇ ਹਨ, ਜੋ ਦੋ ਮਹੀਨਿਆਂ ਵਿੱਚ ਲਾਗੂ ਹੋਣ ਮਗਰੋਂ ਸਮਝੌਤੇ ਦਾ ਰੂਪ ਲਵੇਗਾ ਅਤੇ ਯੂ ਐੱਨ ਓ ਦੀ ਸੁਰੱਖਿਆ ਪਰਿਸ਼ਦ ਦੀ ਕਾਰਵਾਈ ਦਾ ਹਿੱਸਾ ਬਣੇਗਾ। ਦੂਜੇ ਪਾਸੇ ਇਜ਼ਰਾਈਲ ਸਮਝੌਤਾ ਮੰਨਣ ਤੋਂ ਇਨਕਾਰੀ ਹੈ ਅਤੇ ਲੈਬਨਾਨ ਉੱਤੇ ਹਮਲੇ ਜਾਰੀ ਹਨ। ਇਜ਼ਰਾਈਲ ਸੋਚਦਾ ਹੈ ਕਿ ਅਮਰੀਕਾ ਨਾਲ ਰਲ਼ ਕੇ ਇਰਾਨ ਨੂੰ ਬਰਬਾਦ ਕਰਨ ਦਾ ਮਸਾਂ ਹੱਥ ਆਇਆ ਮੌਕਾ ਖੁੰਝ ਗਿਆ ਹੈ। ਭਾਵੇਂ ਇਰਾਨ ਦੇ ਤਿੱਖੇ ਤੇਵਰਾਂ ਦੀ ਬਦੌਲਤ ਲੈਬਨਾਨ ਉੱਤੇ ਬੰਬਾਰੀ ਕੁਝ ਹੱਦ ਤੱਕ ਰੋਕੇ ਜਾਣ ਦੀ ਵੀ ਖ਼ਬਰ ਹੈ। ਇਜ਼ਰਾਈਲ ਇਸ ਸ਼ਾਂਤੀ ਸਮਝੌਤੇ ਵਿੱਚ ਵਿਘਨ ਪਾਉਣ ਲਈ ਹਰ ਹੀਲਾ ਵਰਤੇਗਾ। ਖ਼ਬਰ ਇਹ ਹੈ ਕਿ ਇਜ਼ਰਾਈਲ ਨੇ ਗਾਜ਼ਾ ਉੱਤੇ ਹਮਲਾ ਕਰ ਦਿੱਤਾ ਹੈ। ਉਹ ਤਾਂ ਇਸ ਜੰਗ ਦੇ ਓਹਲੇ ਲੈਬਨਾਨ ਦੇ ਅੰਦਰ 30 ਕਿਲੋਮੀਟਰ ‘ਲਿਤਾਨੀ’ ਦਰਿਆ ਤੱਕ ਕਬਜ਼ਾਏ ਖੇਤਰ ਦੇ ਬਰਾਬਰ ਪੈਂਦੇ 25 ਕਿਲੋਮੀਟਰ ਸਮੁੰਦਰ ਤੱਕ ਵੀ ਕਬਜ਼ੇ ਦਾ ਹੱਕ ਜਤਾ ਚੁੱਕਾ ਹੈ, ਜਿਸ ਵਿੱਚ ਲੈਬਨਾਨ ਦੇ ਦੋ ਵੱਡੇ ਗੈਸ ਫੀਲਡ ਵੀ ਹਨ। ਇੱਕ ਗੈਸ ਫੀਲਡ ਫ਼ਲਸਤੀਨੀਆਂ ਦੇ ਸਮੁੰਦਰ ਦੇ ਉਸ ਹਿੱਸੇ ਵਿੱਚ ਵੀ ਹੈ, ਜੋ ਇਜ਼ਰਾਇਲੀ ਕਬਜ਼ੇ ਹੇਠ ਲਏ ਗਏ ਗਾਜ਼ਾ ਦੇ ਇਲਾਕੇ ਦੇ ਬਰਾਬਰ ਪੈਂਦਾ ਹੈ।

ਇਰਾਨੀ ਲੋਕਾਂ ਦੀ ਕੌਮੀ ਇੱਕਜੁਟਤਾ, ਦਲੇਰੀ, ਫ਼ੌਜੀ ਤਾਕਤ ਅਤੇ ਸਿਆਸੀ ਸੂਝ ਕਾਰਨ ਅਮਰੀਕਾ ਨੂੰ ਪਿੱਛੇ ਹਟ ਕੇ ਸਮਝੌਤਾ ਕਰਨਾ ਪਿਆ ਹੈ। ਅਮਰੀਕਾ ਵੱਲੋਂ ਇਰਾਨ ਦੀ ਨਾਕਾਬੰਦੀ ਤੁਰੰਤ ਹਟਾਉਣਾ, ਇਰਾਨ ਤੋਂ ਪਾਬੰਦੀਆਂ ਹਟਾਉਣੀਆਂ, ਫਰੀਜ਼ ਕੀਤੇ 24 ਅਰਬ ਡਾਲਰ ਵਾਪਸ ਦੇਣੇ, 300 ਬਿਲੀਅਨ ਡਾਲਰ ਇਰਾਨ ਦੀ ਮੁੜ-ਉਸਾਰੀ ਲਈ ਦੇਣਾ, ਹੋਰਮੁਜ਼ ਉੱਤੇ ਇਰਾਨੀ ਕੰਟਰੋਲ ਮੰਨਣਾ, ਇਰਾਨ ਨੂੰ ਕੌਮਾਂਤਰੀ ਨਿਯਮਾਂ ਤਹਿਤ ਸ਼ਾਂਤਮਈ ਮਕਸਦ ਲਈ ਪ੍ਰਮਾਣੂ ਵਿਕਾਸ ਦਾ ਹੱਕ ਦੇਣਾ ਮੈਮੋਰੰਡਮ ਦੇ ਅਹਿਮ ਨੁਕਤੇ ਹਨ। ਜੰਗ ਕਾਰਨ ਬੰਦ ਕੀਤਾ ‘ਹੋਰਮੁਜ਼’ ਇਰਾਨ ਖੋਲ੍ਹ ਦੇਵੇਗਾ ਅਤੇ ‘ਪ੍ਰਮਾਣੂ ਬੰਬ ਨਹੀਂ ਬਣਾਏਗਾ’। ਸਮਝੌਤੇ ਅੰਦਰਲੀਆਂ ਇਨ੍ਹਾਂ ਦੋਵਾਂ ਮੱਦਾਂ ਨੂੰ ਟਰੰਪ ਆਪਣੀ ਜਿੱਤ ਵਜੋਂ ਪ੍ਰਚਾਰਨਾ ਚਾਹੇਗਾ ਜਦਕਿ ਬੰਬ ਨਾ ਬਣਾਉਣਾ ਤਾਂ ਇਰਾਨ ਦੀ ਆਇਤੁਲ੍ਹਾ ਖ਼ਮੇਨੇਈ ਵੱਲੋਂ ਸੁਝਾਈ ਨੀਤੀ ਹੈ ਜੋ ਪ੍ਰਮਾਣੂ ਬੰਬ ਨੂੰ ਇਸਲਾਮ ਵਿਰੋਧੀ ਮੰਨਦਾ ਸੀ। ਇਨ੍ਹਾਂ ਨੁਕਤਿਆਂ ਉੱਤੇ ਜਨੇਵਾ ਵਿੱਚ ਅਮਰੀਕਾ ਅਤੇ ਇਰਾਨ ਦਰਮਿਆਨ 21 ਜੂਨ ਨੂੰ ਹੋਈ ਗੱਲਬਾਤ ਤਲਖ਼ੀ ਅਤੇ ਕਈ ਉਤਰਾਅ-ਚੜ੍ਹਾਵਾਂ ਵਿੱਚੋਂ ਲੰਘੀ ਅਤੇ ਆਖ਼ਰ ਫ਼ੈਸਲਾ ਕੀਤਾ ਕਿ ਡੀਲ ਸਿਰੇ ਚੜ੍ਹਾਉਣ ਲਈ ਉੱਚ ਪੱਧਰੀ ਕਮੇਟੀ (ਹਾਈ ਲੈਵਲ ਕਮੇਟੀ) ਬਣੇਗੀ, 60 ਦਿਨਾ ਦਾ ਰੋਡ ਮੈਪ ਤਿਆਰ ਹੋਵੇਗਾ, ਨਿਊਕਲੀਅਰ ਮੁੱਦੇ ਨਾਲ ਨਜਿੱਠਣ ਲਈ ਵਰਕਿੰਗ ਗਰੁੱਪ ਕਾਇਮ ਕੀਤਾ ਜਾਵੇਗਾ।

ਅਮਰੀਕੀ ਉਪ ਰਾਸ਼ਟਰਪਤੀ ਜੇ ਡੀ ਵੈਂਸ ਨੇ ਦੱਸਿਆ ਕਿ ਤਕਨੀਕੀ ਟੀਮਾਂ ਵੀ ਕੰਮ ਕਰਨਗੀਆਂ। ਡੋਨਲਡ ਟਰੰਪ ਅਤੇ ਇਰਾਨੀ ਵਫ਼ਦ ਦੇ ਮੁਖੀ ਸੰਸਦ ਸਪੀਕਰ ਮੁਹੰਮਦ ਕਾਲੀਬਾਫ਼ ਦਾ ਬਿਆਨ ਹੈ ਕਿ ਅਮਰੀਕਾ ਵੱਲੋਂ ਇਰਾਨ ਦੇ ਫਰੀਜ਼ ਕੀਤੇ 24 ਅਰਬ ਡਾਲਰ ਵਾਪਸ ਮਿਲ ਰਹੇ ਹਨ। ਇਰਾਨ ਦੇ ਤੇਲ ਅਤੇ ਪੈਟਰੋਲੀਅਮ ਪਦਾਰਥ ਵੇਚਣ ਉੱਤੇ ਲਾਈ ਰੋਕ 60 ਦਿਨਾਂ ਲਈ ਹਟਾਉਣ ਦਾ ਪੱਤਰ ਅਮਰੀਕਾ ਨੇ ਜਾਰੀ ਕਰ ਦਿੱਤਾ ਹੈ। ਹੋਰਮੁਜ਼ ਇਰਾਨੀ ਨਿਗਰਾਨੀ ਵਿੱਚ ਖੁੱਲ੍ਹ ਗਿਆ ਹੈ। ਲੈਬਨਾਨ ਉੱਤੇ ਇਜ਼ਰਾਈਲ ਦੇ ਹਮਲੇ ਰੁਕਵਾਉਣ ਦੀ ਜ਼ਿੰਮੇਵਾਰੀ ਲੈਣ ਵਰਗੀ ਗੱਲ ਵੀ ਟਰੰਪ ਨੇ ਮੰਨੀ ਹੈ। ਵਾਰਤਾ ਸਫ਼ਲ ਰਹੀ, ਭਾਵੇਂ ਇਰਾਨ ਦੇ ਵਫ਼ਦ ਨੇ ਅਮਰੀਕੀਆਂ ਨਾਲ ਹੱਥ ਮਿਲਾਉਣ ਅਤੇ ਫੋਟੋ ਖਿਚਵਾਉਣ ਤੋਂ ਇਨਕਾਰ ਕੀਤਾ। ਇਸ ਸਮੇਂ ਸਭ ਤੋਂ ਬੁਰੀ ਫ਼ਲਸਤੀਨੀਆਂ ਨਾਲ ਹੋ ਰਹੀ ਹੈ, ਜਿਸ ਬਾਰੇ ਕੋਈ ਚਰਚਾ ਨਹੀਂ। ਉਨ੍ਹਾਂ ਦੇ ਸਾਰੇ ਮੁਲਕ ਉੱਤੇ ਅਮਰੀਕਾ ਦੀ ਸ਼ਹਿ ਨਾਲ ਇਜ਼ਰਾਈਲ ਨੇ ਕਬਜ਼ਾ ਕਰ ਲਿਆ ਹੈ ਅਤੇ ਜ਼ੁਲਮ ਢਾਹ ਰਿਹਾ ਹੈ। ਆਪਣੇ ’ਤੇ ਹੋਏ ‘ਹਮਲੇ’ ਦਾ ਬਹਾਨਾ ਬਣਾ ਕੇ 2023 ਤੋਂ ਹੁਣ ਤੱਕ 73,000 ਤੋਂ ਵੱਧ ਫ਼ਲਸਤੀਨੀ ਮਾਰ ਦਿੱਤੇ ਹਨ ਅਤੇ ਪੌਣੇ ਦੋ ਲੱਖ ਜ਼ਖ਼ਮੀ ਕਰ ਦਿੱਤੇ ਹਨ।

ਘਰ ਢਾਹ ਦਿੱਤੇ। ਫ਼ਲਸਤੀਨੀਆਂ ਦੀ ਜਾਨ ਦੀ ਕੋਈ ਕੀਮਤ ਨਹੀਂ ਰਹੀ। ਉਨ੍ਹਾਂ ਦੀ ਪੀੜ ਕਿਸੇ ਨੂੰ ਮਹਿਸੂਸ ਨਹੀਂ ਹੁੰਦੀ। ਦੂਜੇ ਪਾਸੇ, ਅਮਰੀਕਾ ਵੱਲੋਂ ਯੂ ਏ ਈ, ਬਹਿਰੀਨ, ਮੋਰੱਕੋ ਤੇ ਸੂਡਾਨ ਦੀ ਮਦਦ ਨਾਲ 15 ਸਤੰਬਰ 2020 ਨੂੰ ਇਜ਼ਰਾਈਲ ਨਾਲ ਕਰਵਾਇਆ ਗਿਆ ‘ਅਬਰਾਹਮ ਸਮਝੌਤਾ’ ਨੇਤਨਯਾਹੂ ਦੇ ਮਨਸੂਬੇ ‘ਗਰੇਟਰ ਇਜ਼ਰਾਈਲ’ ਦੀ ਵਿਚਾਰਧਾਰਕ ਬੁਨਿਆਦ ਰੱਖਣ ਵਰਗਾ ਸੀ। ਅਬਰਾਹਮ ਨੂੰ ਇਸਲਾਮ, ਯਹੂਦੀ ਅਤੇ ਇਸਾਈ ਮੱਤ ਦਾ 4000 ਸਾਲ ਪਹਿਲਾਂ ਦੱਖਣੀ ਇਰਾਕ ਵਿੱਚ ਜਨਮਿਆ ਸਾਂਝਾ ਵਡੇਰਾ ਮੰਨਿਆ ਜਾਂਦਾ ਹੈ। ਪਿਛਲੇ ਦਿਨੀਂ ਟਰੰਪ ਨੇ ਧਮਕੀ ਵੀ ਦਿੱਤੀ ਸੀ ਜੇ ਕਿ ਇਸ ਖਿੱਤੇ ਦੇ ਮੁਲਕਾਂ ਨੇ ਸਾਡੇ ਨਾਲ ਚੱਲਣਾ ਹੈ ਤਾਂ ‘ਅਬਰਾਹਮ ਸਮਝੌਤਾ’ ਤਾਂ ਮੰਨਣਾ ਹੀ ਹੋਵੇਗਾ। ਇਰਾਨ ਵਿੱਚ ਹਰ ਪੱਖੋਂ ਅਸਫ਼ਲ ਹੋਣ ਉਪਰੰਤ ਡੀਲ ਕਰ ਕੇ ਇੱਥੋਂ ਸਿੱਧੀ ਜੰਗ ਵੱਲੋਂ ਫਿਲਹਾਲ ਪਾਸਾ ਵੱਟਣਾ ਤਾਂ ਅਮਰੀਕਾ ਦੀ ਆਰਜ਼ੀ ਮਜਬੂਰੀ ਹੈ। ਲੇਕਿਨ ਜੇ ਜ਼ਰਾ ਗਹੁ ਨਾਲ ਦੇਖੀਏ ਤਾਂ ਕਈ ਪਾਸਿਓਂ ਕਿਸੇ ਵੱਡੀ ਜੰਗ ਵਰਗੀ ਗਹਿਰ ਚੜ੍ਹੀ ਆਉਂਦੀ ਜਾਪਦੀ ਹੈ, ਜਿਸ ਵਿੱਚ ਅਮਰੀਕੀ/ਸਾਮਰਾਜੀ ਗ਼ਲਬੇ ਅਤੇ ਲੁੱਟ ਦੇ ਮਨਸੂਬੇ ਦਿਸਦੇ ਹਨ। ਉਂਜ, ਟਰੰਪ ਨੇ ਚੋਣਾਂ ਵਿੱਚ ‘ਮੇਕ ਅਮੈਰੀਕਾ ਗਰੇਟ ਅਗੇਨ’ ਦਾ ਨਾਅਰਾ ਦੇ ਕੇ ਚੋਣ ਜਿੱਤੀ ਸੀ। ਟਰੰਪ ਨੇ ਕਈ ਵਾਰ ਕਿਹਾ ਕਿ ਉਸ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨੂੰ ਬੰਦੀ ਬਣਾ ਕੇ ਉਨ੍ਹਾਂ ਦੇ ਵੱਡੇ ਤੇਲ ਭੰਡਾਰਾਂ ਉੱਤੇ ਅਮਰੀਕਾ ਦਾ ਕਬਜ਼ਾ ਸਥਾਪਿਤ ਕਰ ਦਿੱਤਾ ਹੈ; ਯੂਰੋਪੀਅਨ ਮੁਲਕ ਗਰੀਨਲੈਂਡ ਨੂੰ ਅਮਰੀਕਾ ਨਾਲ ਰਲਾਉਣਾ ਹੈ; ਕੈਨੇਡਾ ਨੂੰ ਆਖਿਆ ਸੀ ਕਿ ਤੁਹਾਨੂੰ ਅਮਰੀਕਾ ਦਾ ਇਕਵੰਜਵਾਂ ਸੂਬਾ ਬਣਾਇਆ ਜਾ ਸਕਦਾ ਹੈ; ਮੈਕਸਿਕੋ ਅਤੇ ਕੋਲੰਬੀਆ ਨੂੰ ਅਮਰੀਕਾ ਪੱਖੀ ਸਰਕਾਰਾਂ ਬਣਾਉਣ ਦਾ ਇਸ਼ਾਰਾ ਕੀਤਾ; ਕਿਊਬਾ ਵਿੱਚ ਆਪਣੇ ਪੱਖੀ ਸਰਕਾਰ ਬਣਾਉਣ ਦਾ ਐਲਾਨ ਵਾਰ-ਵਾਰ ਕੀਤਾ ਜਾ ਰਿਹਾ ਹੈ।

ਇਸ ਤੋਂ ਅਮਰੀਕਾ ਦੇ ਲਾਤੀਨੀ, ਉੱਤਰੀ ਅਮਰੀਕਾ ਵਿੱਚ ਕਬਜ਼ੇ ਵਾਲੇ ਹਮਲਾਵਰ ਤੇਵਰ ਸਾਫ਼ ਦਿੱਸਦੇ ਹਨ। ਸਾਰੀ ਦੁਨੀਆ ਉੱਤੇ ਟਰੰਪ ਵੱਲੋਂ ਆਪਹੁਦਰੇ ਢੰਗ ਨਾਲ ਟੈਰਿਫ਼ ਬੰਬ ਸੁੱਟਣਾ ਵੀ ਤਾਂ ਹਮਲੇ ਵਰਗਾ ਹੀ ਸੀ। ਇਸ ਤੋਂ ਪਹਿਲਾਂ ਵੀ ਦੁਨੀਆ ਨੇ ਦੇਖਿਆ ਕਿ ਸੋਵੀਅਤ ਰੂਸ ਨੂੰ 15 ਦੇਸ਼ਾਂ ਵਿੱਚ ਖਿੰਡਾਉਣ ਦੀਆਂ ਸਾਜ਼ਿਸ਼ਾਂ ਕਾਮਯਾਬ ਹੋਣ ਮਗਰੋਂ ‘ਨਾਟੋ’ ਦੇਸ਼ ਢਿੱਲੇ ਨਹੀਂ ਪਏ ਸਨ। ਫਿਰ ਰੂਸ ਨੂੰ ਘੇਰਨ ਲਈ ਇਸ ਨਾਲੋਂ ਟੁੱਟੇ ਮੁਲਕਾਂ ਨੂੰ ਨਾਟੋ ਦੇ ਮੈਂਬਰ ਬਣਾਉਣ ਦੀ ਨੀਤੀ ਅਪਣਾਈ ਗਈ। ਜਦੋਂ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਰਾਹੀਂ ਯੂਕਰੇਨ ਨੂੰ ਨਾਟੋ ਮੈਂਬਰ ਬਣਾ ਕੇ ਰੂਸ ਦੇ ਬਿਲਕੁਲ ਬਰੂਹੀਂ ਬੈਠਣ ਲੱਗੇ ਤਾਂ ਰੂਸ ਕੋਲ ਦੋ ਹੀ ਬਦਲ ਸਨ ਜਾਂ ਤਾਂ ਉਹ ਯੂਕਰੇਨ ਨਾਲ ਲੜ ਲਵੇ ਜਾਂ ਫਿਰ ਕੁਝ ਸਾਲਾਂ ਬਾਅਦ ਨਾਟੋ ਦੇ 33 ਦੇਸ਼ਾਂ ਨਾਲ ਯੁੱਧ ਕਰੇ। ਇਸੇ ਦਾ ਨਤੀਜਾ ਮੌਜੂਦਾ ਰੂਸ-ਯੂਕਰੇਨ ਜੰਗ ਦੇ ਰੂਪ ਵਿੱਚ ਨਿਕਲਿਆ। ਅੱਜ ਯੂਕਰੇਨ ਨੂੰ 32 ਨਾਟੋ ਦੇਸ਼ਾਂ ਦੀ ਮਦਦ ਨਾਲ ਰੂਸ ਨੂੰ ਕਮਜ਼ੋਰ ਕਰਨ ਲਈ ਲੜਾਇਆ ਜਾ ਰਿਹਾ ਹੈ। ਹਾਲਾਤ ਇਵੇਂ ਰਹੇ ਤਾਂ ਇਸ ਜੰਗ ਦੇ ਬਹੁਤ ਭਿਆਨਕ ਰੂਪ ਧਾਰਨ ਕਰਨ ਦੀ ਸੰਭਾਵਨਾ ਹੈ। ਦੂਜੇ ਪਾਸੇ ਸੰਨ 1949 ਤੋਂ ਲੈ ਕੇ 1973 ਤੱਕ ਤਾਇਵਾਨ ਹੀ ਚੀਨ ਸਰਕਾਰ ਦੀ ਯੂ ਐੱਨ ਓ ਵਿੱਚ ਪ੍ਰਤੀਨਿਧਤਾ ਕਰਦਾ ਸੀ। ਹੁਣ ਇਹ ਖ਼ੁਦਮੁਖ਼ਤਾਰ ਖੇਤਰ ਹੈ। ਤਾਇਵਾਨ ਦਾ ਨਾਮ ‘ਰਿਪਬਲਿਕ ਔਫ ਚਾਈਨਾ’ ਹੈ। ਅਮਰੀਕਾ ਇਸ ਨੂੰ ਲਗਾਤਾਰ ਚੀਨ ਵਿਰੁੱਧ ਉਕਸਾ ਰਿਹਾ ਹੈ ਕਿ ਉਹ ਆਪਣੇ ਆਪ ਨੂੰ ਆਜ਼ਾਦ ਦੇਸ਼ ਐਲਾਨੇ ਅਤੇ ਅਮਰੀਕਾ ਦਾ ਜੋਟੀਦਾਰ ਬਣੇ। ਤਾਇਵਾਨ ਅਮਰੀਕਾ ਤੋਂ ਹਥਿਆਰ ਖ਼ਰੀਦਦਾ ਹੈ।
ਇਹ ਨੀਤੀ ਕਿਸੇ ਵੱਡੇ ਫ਼ੌਜੀ ਟਕਰਾਅ ਦੀਆਂ ਸੰਭਾਵਨਾਵਾਂ ਵਾਲੀ ਹੈ। ਉਧਰ, ਉੱਤਰੀ ਕੋਰੀਆ ਨਾਲ ਅਮਰੀਕਾ ਦੀ 1950 ਵਿੱਚ ਸ਼ੁਰੂ ਹੋ ਕੇ ਤਿੰਨ ਸਾਲ ਜੰਗ ਚੱਲੀ। ਅਜੇ ਤੱਕ ਉਸ ਉੱਤੇ ਸਖ਼ਤ ਅਮਰੀਕੀ ਪਾਬੰਦੀਆਂ ਹਨ ਅਤੇ ਤਣਾਅ ਬਰਕਰਾਰ ਹੈ। ਅਫ਼ਗ਼ਾਨਿਸਤਾਨ ਤੇ ਪਾਕਿਸਤਾਨ ਦਰਮਿਆਨ ਮੌਜੂਦਾ ਜੰਗੀ ਟਕਰਾਅ ਅਤੇ ਕੱਟੜ ਅਤਿਵਾਦ ਵਾਲਾ ਮਾਹੌਲ ਮੁੱਖ ਰੂਪ ਵਿੱਚ ਅਮਰੀਕਾ ਨਾਲ ਦੋਸਤੀ ਦਾ ਨਤੀਜਾ ਹੈ। ਇਹ ਸਬਕ ਸਾਡੀ ਭਾਰਤ ਸਰਕਾਰ ਲਈ ਕੀਮਤੀ ਹੈ, ਜਿਸ ਨੂੰ ਅਮਰੀਕੀ-ਇਜ਼ਰਾਇਲੀ ਦੋਸਤੀ ਦਾ ਨਵਾਂ ਨਵਾਂ ਚਾਅ ਚੜ੍ਹਿਆ ਹੈ ਪਰ ਇਸ ਦੇ ਬਾਵਜੂਦ ਭਾਰਤੀਆਂ ਵੱਲੋਂ ਚਲਾਏ ਜਾ ਰਹੇ ਤਿੰਨ ਜਹਾਜ਼ਾਂ ਉੱਤੇ ਅਮਰੀਕਾ ਨੇ ਹਮਲਾ ਕਰਕੇ ਤਿੰਨ ਚਾਲਕ ਮਾਰ ਦਿੱਤੇ, ਜਹਾਜ਼ ਡੁਬੋ ਦਿੱਤਾ ਤੇ ਭਾਰਤ ਉੱਤੇ ਇਕਪਾਸੜ ਟੈਰਿਫ਼ ਵੀ ਲਾਏ, ਜਿਵੇਂ ਇਰਾਨ ਤੋਂ ਮਿਲੀ ਹਾਰ ਦੀ ਖਿੱਝ ਸਾਡੇ ’ਤੇ ਕੱਢ ਰਿਹਾ ਹੋਵੇ ਕਿ ਇਨ੍ਹਾਂ ਨੇ ਕਿਹੜਾ ਅੱਗੋਂ ਬੋਲਣਾ ਹੈ!

ਹੁਣ ਸਭ ਦੇ ਮਨ ਵਿੱਚ ਇਹੀ ਸਵਾਲ ਹੈ ਕਿ ਕੀ ਇਰਾਨ ਵਾਲਾ ਤਜਰਬਾ ਨਾਕਾਮ ਰਹਿਣ ਉਪਰੰਤ ਅਮਰੀਕਾ ਦੇ ਹਮਲਾਵਰ ਰੁਖ਼ ਵਿੱਚ ਕੋਈ ਹਾਂ-ਪੱਖੀ ਬਦਲਾਅ ਆਵੇਗਾ? ਕਿਉਂਕਿ ਅਮਰੀਕਾ ਨੇ ਪਹਿਲਾਂ ਵਾਲੇ ਨਾਕਾਮ ਤਜਰਬਿਆਂ (ਵੀਅਤਨਾਮ, ਇਰਾਕ, ਅਫ਼ਗ਼ਾਨਿਸਤਾਨ) ਤੋਂ ਕੋਈ ਸਬਕ ਨਹੀਂ ਸਿੱਖਿਆ। ਜ਼ਮੀਨੀ ਸੱਚਾਈ ਇਹ ਹੈ ਕਿ ਹਥਿਆਰਾਂ ਦੀ ਮੰਡੀ ਦੇ ਸਭ ਤੋਂ ਵੱਡੇ ਨਿਰਮਾਤਾ ਅਤੇ ਵਪਾਰੀ ਅਮਰੀਕਾ ਦਾ ਹਿੱਤ ਤਾਂ ਇਸ ’ਚ ਹੈ ਕਿ ਝਗੜੇ ਸੁਲਘਦੇ ਰਹਿਣ ਅਤੇ ਮੁਲਕਾਂ ਦੀ ਹਥਿਆਰ ਖ਼ਰੀਦਣ ਦੀ ਲੋੜ ਬਣੀ ਰਹੇ। ਨਾਲੇ ਗਾਹਕ ਵੀ ਉਸ ਤੋਂ ਦਹਿਸ਼ਤਜ਼ਦਾ ਹੋ ਕੇ ਉਸੇ ਦੀ ਦੁਕਾਨ ’ਤੇ ਆਉਣ। ਇਸ ਲਈ ਕਿਸੇ ਮੁਲਕ ’ਤੇ ਹਮਲੇ ’ਚ ਸਫ਼ਲ ਹੋਣ ਉੱਤੇ ਅਮਰੀਕੀ ਲੋਕ, ਲੀਡਰ ਉੱਤੇ ਖੁਸ਼ ਹੁੰਦੇ ਹਨ। ਜੇਕਰ ਇਰਾਨ ਵਾਂਗ ਹਮਲਾਵਰ ਕਾਰਵਾਈ ਨਾਕਾਮ ਰਹੇ ਤਾਂ ਆਗੂ ਦਾ ਸਮਰਥਨ ਘਟਦਾ ਹੈ। ਜੇ ਅਜਿਹਾ ਹੈ ਤਾਂ ਫਿਰ ਕਿਸੇ ਆਸਾਨ ਸ਼ਿਕਾਰ (ਦੇਸ਼) ਵੱਲ ਮੂੰਹ ਕਰਕੇ ਭਰਪਾਈ ਕਰਨ ਵਾਲੀ ਨੀਤੀ ਚੱਲਦੀ ਰਹੇਗੀ। ਦੇਖੋ ਕਿਵੇਂ ਦੂਜੀ ਸੰਸਾਰ ਜੰਗ ਤੋਂ ਬਾਅਦ ਆਪਸ ਵਿੱਚ ਲੜਦੇ ਰਹੇ ਸਾਰੇ ਤਕੜੇ ਪੂੰਜੀਵਾਦੀ ਸਾਮਰਾਜੀ ਮੁਲਕ ਸਭ ਕੁਝ ਭੁਲਾ ਕੇ ਫਿਰ ਇੱਕ ਢਾਣੀ ਵਾਂਗ ਇਕੱਠੇ ਹੋ ਗਏ ਹਨ। ਮਕਸਦ ਮਾੜੇ ਦੇਸ਼ਾਂ ਉੱਤੇ ਗਲਬਾ ਅਤੇ ਆਰਥਿਕ ਲੁੱਟ ਹੈ। ਆਪਣੇ ਤੋਂ ਸਿਵਾਏ ਇਹ ਕਿਸੇ ਦੀ ਜਾਨ, ਮਾਲ ਤੇ ਜਜ਼ਬਾਤ ਦੀ ਕੋਈ ਕੀਮਤ ਨਹੀਂ ਸਮਝਦੇ। ਇਨ੍ਹਾਂ ਤੋਂ ਰਹਿਮ ਦੀ ਉਮੀਦ ਨਹੀਂ। ਇਹ ਸਿਰਫ਼ ਜ਼ੋਰ ਦੀ ਭਾਸ਼ਾ ਸਮਝਦੇ ਹਨ। ਬਾਕੀ ਸਾਰੇ ਦੇਸ਼ਾਂ ਲਈ ਇਹ ਗੰਭੀਰ ਵਿਚਾਰ ਦਾ ਮੁੱਦਾ ਹੈ।

Share this content:

Post Comment