Loading Now

ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਸੂਬਾ ਸਰਕਾਰ ਖਿਲਾਫ਼ ਕਿਸਾਨ ਜਥੇਬੰਦੀਆਂ ਨੇ  ਖੋਲਿਆ ਮੋਰਚਾ

ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਸੂਬਾ ਸਰਕਾਰ ਖਿਲਾਫ਼ ਕਿਸਾਨ ਜਥੇਬੰਦੀਆਂ ਨੇ  ਖੋਲਿਆ ਮੋਰਚਾ

 

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਲਈ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਕਿਸਾਨਾਂ, ਮਜ਼ਦੂਰਾਂ ਅਤੇ ਦੇਸ਼ ਵਾਸੀਆਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੂਬੇ ਭਰ ਦੇ ਟੌਲ ਪਲਾਜ਼ਿਆਂ ’ਤੇ ਮੁਜ਼ਾਹਰੇ ਕੀਤੇ ਅਤੇ ਟੌਲ ਪਲਾਜ਼ਿਆਂ ਨੂੰ ਕੁਝ ਘੰਟਿਆਂ ਲਈ ਪਰਚੀ-ਮੁਕਤ ਕਰਵਾਇਆ ਗਿਆ। ਐੱਸ ਕੇ ਐੱਮ (ਗ਼ੈਰ-ਸਿਆਸੀ) ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜੀਦਾ ਟੌਲ ਪਲਾਜ਼ਾ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਦਾ ਪੁੱਤ ਹੋਣ ਦਾ ਦਾਅਵਾ ਕਰ ਰਹੇ ਹਨ ਪਰ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਲੈਂਡ ਪੂਲਿੰਗ ਨੀਤੀ ਲਿਆਂਦੀ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ। ਸ੍ਰੀ ਡੱਲੇਵਾਲ ਨੇ ਕਿਹਾ ਕਿ ਬੈਂਕਾਂ ਵੱਲੋਂ ਲਗਾਤਾਰ ਕਿਸਾਨਾਂ ਨਾਲ ਧੋਖਾਧੜੀ ਕੀਤੀ ਜਾ ਰਹੀ ਹੈ ਪਰ ਸੂਬਾ ਸਰਕਾਰ ਵੱਲੋਂ ਬੈਂਕ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਜਦੋਂ ਕਿਸਾਨ ਬੈਂਕ ਤੋਂ ਲੋਨ ਲੈਂਦਾ ਹੈ ਤਾਂ ਬੈਂਕ ਗਾਰੰਟੀ ਦੇ ਤੌਰ ’ਤੇ ਸਾਰੇ ਕਾਗਜ਼ਾਤ ਆਪਣੇ ਕੋਲ ਰੱਖ ਲੈਂਦੀ ਹੈ। ਇਸ ਲਈ ਆਰ ਬੀ ਆਈ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਬੈਂਕ ਕਿਸੇ ਕਿਸਾਨ ਤੋਂ ਖਾਲੀ ਚੈੱਕ ਲੈ ਕੇ ਨਹੀਂ ਰੱਖ ਸਕਦੀ ਅਤੇ ਜਦੋਂ ਲੋਨ ਜਾਰੀ ਹੋ ਜਾਂਦਾ ਹੈ ਤਾਂ ਬੈਂਕ ਵੱਲੋਂ ਲੋਨ ਲੈਣ ਵਾਲੇ ਕਿਸਾਨ ਨੂੰ ਆਰ ਬੀ ਆਈ ਦੀਆਂ ਹਦਾਇਤਾਂ ਅਨੁਸਾਰ ਦਸਤਾਵੇਜ਼ ਦੇਣੇ ਹੁੰਦੇ ਹਨ। ਬੈਂਕਾਂ ਵੱਲੋਂ ਕਿਸਾਨ ਵੱਲੋਂ ਕਰਜ਼ਾ ਉਤਾਰਨ ਦੇ ਬਾਵਜੂਦ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੈਂਕਾਂ ਦੀ ਅਜਿਹੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਿਆਂ ਨੂੰ ਲੈ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤਿਆਂ ਨੂੰ ਰੱਦ ਕੀਤਾ ਜਾਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬੇ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ, ਐੱਮ ਐੱਸ ਪੀ ਅਤੇ ਹੋਰਨਾਂ ਮੰਗਾਂ ਨੂੰ ਵੀ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਭਵਿੱਖ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ ਸੰਦੋਹਾ, ਰਣਜੀਤ ਸਿੰਘ ਜੀਦਾ, ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ, ਗੁਰਮੇਲ ਸਿੰਘ ਲਹਿਰਾ, ਕੁਲਵੰਤ ਸਿੰਘ, ਜਸਵੀਰ ਸਿੰਘ, ਮਹਿਮਾ ਸਿੰਘ ਚੱਠਾ, ਰਾਜਵੀਰ ਸ਼ੇਖਪੁਰਾ, ਬਲਵਿੰਦਰ ਜੋਧਪੁਰ, ਬਾਜਾ ਸਿੰਘ ਮੰਡੀ ਕਲਾਂ, ਦੀਪੂ ਸਿੰਘ ਮੰਡੀ ਕਲਾ, ਅੰਗਰੇਜ਼ ਸਿੰਘ, ਜਸਪਾਲ ਸਿੰਘ, ਜਸਵਿੰਦਰ ਫ਼ੌਜੀ, ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

 

Share this content:

Post Comment