ਪੁਲੀਸ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨਕਾਰੀਆਂ ਦੀ ਸਟੇਜ ਤੇ ਸਾਜ਼ੋ ਸਾਮਾਨ ਹਟਾਇਆ
ਨਵੀਂ ਦਿੱਲੀ, 21 ਜੁਲਾਈ – ਦਿੱਲੀ ਪੁਲੀਸ ਵੱਲੋਂ ਸੋਮਵਾਰ ਸ਼ਾਮ ਤੱਕ ਸੰਸਦ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਤੋਂ ਬਾਅਦ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ ਗਿਆ ਹੈ ਜਿਸ ਸਟੇਜ ਤੋਂ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਸਮਰਥਕਾਂ ਨੂੰ ਸੰਬੋਧਨ ਕਰ ਰਹੇ ਸਨ ਅਤੇ ਭੁੱਖ ਹੜਤਾਲ ‘ਤੇ ਬੈਠੇ ਸਨ, ਉਸ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੌਕਰੇਚ ਜਨਤਾ ਪਾਰਟੀ (CJP) ਦੇ ਮਹੀਨੇ ਭਰ ਤੋਂ ਚੱਲ ਰਹੇ ਧਰਨੇ ਦੇ ਤੰਬੂ, ਬੈਨਰ, ਪੋਸਟਰ ਵੀ ਹਟਾ ਦਿੱਤੇ ਗਏ ਹਨ ਅਤੇ ਰਸਤੇ ਦੋਵਾਂ ਪਾਸਿਆਂ ਤੋਂ ਬੰਦ ਕਰ ਦਿੱਤੇ ਗਏ ਹਨ। ਧਰਨਾ ਸਥਾਨ ਤੋਂ ਕੁਝ ਦੂਰੀ ‘ਤੇ ਹੀ 1,000 ਤੋਂ ਵੱਧ ਪ੍ਰਦਰਸ਼ਨਕਾਰੀ ਸੜਕ ‘ਤੇ ਇਕੱਠੇ ਹੋਏ ਅਤੇ ਟੈਂਪੂ ‘ਤੇ ਸਪੀਕਰ ਲਗਾ ਕੇ ਨਾਅਰੇਬਾਜ਼ੀ ਕਰਦੇ ਰਹੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲੀਸ ਨੇ ਉਨ੍ਹਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ, ਜਿਸ ਵਿੱਚ ਕਈਆਂ ਦੀਆਂ ਹੱਡੀਆਂ ਟੁੱਟ ਗਈਆਂ ਅਤੇ ਕਈ ਜ਼ਖ਼ਮੀ ਹੋ ਗਏ।
ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ‘ਤੇ ਡਟੇ ਪ੍ਰਦਰਸ਼ਨਕਾਰੀ
ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ‘ਤੇ ਪ੍ਰਦਰਸ਼ਨਕਾਰੀ ਅਜੇ ਵੀ ਅੜੇ ਹੋਏ ਹਨ। ਸੀਜੇਪੀ ਦੇ ਵਾਲੰਟੀਅਰਾਂ ਦਾ ਕਹਿਣਾ ਹੈ ਕਿ ਸਟੇਜ ਮੁੜ ਤਿਆਰ ਕੀਤਾ ਜਾਵੇਗਾ ਅਤੇ ਪੁਲੀਸ ਦੀ ਸਖ਼ਤੀ ਦੇ ਬਾਵਜੂਦ ਸੰਘਰਸ਼ ਜਾਰੀ ਰਹੇਗਾ। ਹਾਲਾਂਕਿ, ਪੁਲੀਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਦਾ ਹਵਾਲਾ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਇਜਾਜ਼ਤ ਇਕੱਠੇ ਨਾ ਹੋਣ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਕਿਹਾ ਕਿ ਕੌਕਰੇਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਦ ਚਲੋ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਗਈ ਪੁਲੀਸ ਕਾਰਵਾਈ ਕਾਰਨ ਉਨ੍ਹਾਂ ਨੇ ਆਪਣਾ ਵਰਤ ਉਦੋਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਦੋਂ ਤੱਕ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਜਾਂ ਉਨ੍ਹਾਂ ਨੂੰ ਖੁਦ ਹਸਪਤਾਲ ਵਿੱਚ ਮੁਲਾਕਾਤ ਦੀ ਖੁੱਲ੍ਹ ਨਹੀਂ ਮਿਲਦੀ।
ਸਫ਼ਦਰਜੰਗ ਹਸਪਤਾਲ ਤੋਂ ਜਾਰੀ ਹੱਥ ਲਿਖਤ ਬਿਆਨ ਵਿੱਚ ਵਾਂਗਚੁਕ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਕੀਤੀ ਜਾ ਰਹੀ ਸਖ਼ਤੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਭੁੱਖ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਦੀ ਜਵਾਬਦੇਹੀ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਉਕਸਾਉਣ ਦੇ ਬਾਵਜੂਦ ਨੌਜਵਾਨਾਂ ਨੇ ਠਰ੍ਹੰਮੇ ਨਾਲ ਕੰਮ ਲਿਆ। ਵਾਂਗਚੁਕ ਨੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸੰਸਦ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖਣ ਦੀ ਇਜਾਜ਼ਤ ਦੇ ਕੇ ਮਸਲੇ ਦਾ ਹੱਲ ਕੱਢਿਆ ਜਾਵੇ।
Share this content:



Post Comment