Loading Now

ਪੰਜਾਬ ਭਰ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਵੱਲੋਂ ਤਨਖਾਹਾਂ ਨਾ ਮਿਲਣ ‘ਤੇ ਧਰਨਾ

ਪੰਜਾਬ ਭਰ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਵੱਲੋਂ ਤਨਖਾਹਾਂ ਨਾ ਮਿਲਣ ‘ਤੇ ਧਰਨਾ

 

ਪੰਜਾਬ ਭਰ ਤੋਂ ਆਏ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੇ ਅੱਜ ਇੱਥੋਂ ਦੇ ਫੇਜ਼ ਅੱਠ ਸਥਿਤ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਹ ਧਰਨਾ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਦਿੱਤਾ ਗਿਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਛੇ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।

ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਸੂਬੇ ਦੇ 1.75 ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਏਡਿਡ ਸਕੂਲਾਂ ਦੇ ਸੈਂਕੜੇ ਅਧਿਆਪਕ ਜਨਵਰੀ ਤੋਂ ਬਜਟ ਨਾ ਮਿਲਣ ਕਾਰਨ ਤਨਖ਼ਾਹਾਂ ਤੋਂ ਵਾਂਝੇ ਹਨ। ਗਰਾਂਟਾਂ ਰੁਕਣ ਕਾਰਨ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਸਬ-ਕਮੇਟੀ ਨੇ ਵਿਭਾਗੀ ਅਫਸਰਾਂ ਨੂੰ ਬਿਨਾਂ ਆਡਿਟ ਰਿਪੋਰਟ ਉਡੀਕੇ ਜਨਵਰੀ ਤੋਂ ਮਾਰਚ 2026 ਤੱਕ ਦੀ ਗਰਾਂਟ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਡੇਢ ਮਹੀਨਾ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਅਦਾਲਤੀ ਹੁਕਮਾਂ ਨੂੰ ਵੀ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ 2024 ਵਿੱਚ ਸੇਵਾਮੁਕਤ ਹੋਏ ਅਧਿਆਪਕਾਂ ਦੇ ਪੀ ਪੀ ਓ ਜਾਰੀ ਨਹੀਂ ਕੀਤੇ ਜਾ ਰਹੇ ਅਤੇ ਪਹਿਲੀ ਜਨਵਰੀ 2016 ਤੋਂ 31 ਦਸੰਬਰ 2016 ਤੱਕ ਦੇ ਬਕਾਏ ਵੀ ਲਟਕਾਏ ਜਾ ਰਹੇ ਹਨ।

5 ਅਗਸਤ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਈ ਤੈਅ

ਸਥਾਨਕ ਪ੍ਰਸ਼ਾਸਨ ਨੇ ਧਰਨਾਕਾਰੀਆਂ ਦੀ 5 ਅਗਸਤ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਹੈ। ਇਸ ਦੇ ਨਾਲ ਹੀ ਡੀ ਐੱਸ ਈ (ਸੈਕੰਡਰੀ) ਸਕੱਤਰ ਸਿੰਘ ਬੱਲ ਨਾਲ ਵੀ ਮੀਟਿੰਗ ਹੋਈ। ਉਨ੍ਹਾਂ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਏਡਿਡ ਸਕੂਲਾਂ ਦੇ ਦਸਤਾਵੇਜ਼ ਪੂਰੇ ਹਨ, ਉਨ੍ਹਾਂ ਦੀਆਂ ਗਰਾਂਟਾਂ ਤੁਰੰਤ ਜਾਰੀ ਕਰ ਦਿੱਤੀਆਂ ਜਾਣਗੀਆਂ ਅਤੇ ਬਾਕੀਆਂ ਦੀ ਕਾਰਵਾਈ ਦਸਤਾਵੇਜ਼ ਪੂਰੇ ਹੋਣ ਉੱਤੇ ਕੀਤੀ ਜਾਵੇਗੀ।

Share this content:

Post Comment