ਸਦਨ ਵਿੱਚ ਰੁਜ਼ਗਾਰ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 5 ਅਗਸਤ – ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ ‘ਤੇ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਵਿੱਚ ਤਬਦੀਲੀਆਂ ਕਰਨ ਦੇ ਮਾਮਲੇ ‘ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ। ਇਸ ਤੋਂ ਪਹਿਲਾਂ ਸਦਨ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਮਗਰੋਂ ਭਾਰੀ ਹੰਗਾਮਾ ਹੋ ਗਿਆ। ਗਨੀਵ ਕੌਰ ਦੀ ਹਮਾਇਤ ਵਿੱਚ ਕਾਂਗਰਸੀ ਐੱਮ.ਐੱਲ.ਏ. ਵੀ ਕੁੱਦ ਪਏ ਅਤੇ ਵਿਧਾਇਕਾਂ ਵੱਲੋਂ ਸਪੀਕਰ ਦੇ ਵੈੱਲ ਵਿੱਚ ਨਾਅਰੇਬਾਜ਼ੀ ਕੀਤੀ ਗਈ। ਸਮੁੱਚੀ ਵਿਰੋਧੀ ਧਿਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਮਾਮਲੇ ‘ਤੇ ਇਕਜੁੱਟ ਨਜ਼ਰ ਆਈ, ਜਿਸ ਤੋਂ ਬਾਅਦ ਹਾਕਮ ਧਿਰ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸਦਨ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਮੁੜ ਤੋਂ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਹਲਕਾ ਜੀਰਾ ਦੇ ਵਿਧਾਇਕ ਨਰੇਸ਼ ਪੁਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੀਰਾ ਵਿੱਚ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਦਕਿ ਲੋੜ ਪੈਣ ‘ਤੇ ਇਨ੍ਹਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
Share this content:



Post Comment