ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਲਈ ਜਾਰੀ ਕੀਤੇ 1,583 ਕਰੋੜ ਰੁਪਏ
ਚੰਡੀਗੜ੍ਹ, 18 ਅਗਸਤ – ਪੰਜਾਬ ਸਰਕਾਰ ਨੇ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,583 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਹੈ। ਇਸ ਨਾਲ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਲਈ ਇਸ ਸਾਲ 6,131.91 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਦਾ ਲਾਭ ਸੂਬੇ ਦੇ ਕਰੀਬ 36 ਲੱਖ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ। ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ‘ਤੇ ਹੈ ਕਿ ਸਹਾਇਤਾ ਰਾਸ਼ੀ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚੇ।
ਜਾਰੀ ਕੀਤੀ ਗਈ ਰਕਮ ਵਿੱਚੋਂ 1,048 ਕਰੋੜ ਰੁਪਏ ਤੋਂ ਵੱਧ ਬੁਢਾਪਾ ਪੈਨਸ਼ਨ ਸਕੀਮ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੇ ਗਏ ਹਨ। ਇਸ ਤੋਂ ਇਲਾਵਾ ਵਿਧਵਾਵਾਂ, ਬੇਸਹਾਰਾ ਔਰਤਾਂ , ਅਨਾਥ ਅਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ 535 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਲੋੜਵੰਦ ਵਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਨਾਲ ਜੁੜੀ ਵਚਨਬੱਧਤਾ ਹੈ। ਇਸੇ ਮਕਸਦ ਨਾਲ ਭਲਾਈ ਸਕੀਮਾਂ ਦੇ ਲਾਭ ਵੰਡਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਮਦਦ ਬਿਨਾਂ ਕਿਸੇ ਦੇਰੀ ਦੇ ਪਹੁੰਚ ਸਕੇ। ਇਹ ਕਦਮ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਅਹਿਮ ਯੋਗਦਾਨ ਪਾ ਰਿਹਾ ਹੈ।
Share this content:



Post Comment