ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਸਾਹਮਣੇ ਆਏ
ਚੰਡਗੀੜ੍ਹ, 26 ਅਗਸਤ – ਪੰਜਾਬ ਵਿੱਚ ਅਗਸਤ ਮਹੀਨੇ ਦੌਰਾਨ ਐਚ 1 ਐੱਨ 1 (H1N1) ਸਵਾਇਨ ਫਲੂ ਦੇ 70 ਮਾਮਲੇ ਦਰਜ ਕੀਤੇ ਗਏ ਹਨ। ਇਸ ਵਾਇਰਸ ਦੇ ਕੇਸ ਇਸ ਮਹੀਨੇ ਵਧੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਇਸ ਸਥਿਤੀ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਵਰੀ ਤੋਂ ਜੁਲਾਈ ਤੱਕ ਸਵਾਇਨ ਫਲੂ ਦੇ ਮਾਮਲੇ ਸਿਰਫ਼ ਇੱਕ ਅੰਕ ਤੱਕ ਹੀ ਸੀਮਤ ਸਨ ਪਰ ਕੌਮੀ ਰਾਜਧਾਨੀ ਦਿੱਲੀ ਵਿੱਚ ਮਾਮਲੇ ਵਧਣ ਤੋਂ ਬਾਅਦ ਹੁਣ ਅਗਸਤ ਵਿੱਚ ਇਨ੍ਹਾਂ ਵਿੱਚ ਅਚਾਨਕ ਵਾਧਾ ਦੇਖਿਆ ਗਿਆ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵਾਇਰਸ ਦਾ ਇੱਕ ਪੁਰਾਣਾ ਅਤੇ ਹਲਕਾ ਰੂਪ (ਵੈਰੀਐਂਟ) ਹੈ ਅਤੇ ਹੁਣ ਤੱਕ ਕਿਸੇ ਵੀ ਮਰੀਜ਼ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਜ਼ਰੂਰਤ ਨਹੀਂ ਪਈ ਹੈ, ਸਗੋਂ ਮਰੀਜ਼ਾਂ ਦੀ ਸਿਹਤ ਜਾਂਚ ਕਰ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਲ ਦੇ ਇਸ ਸਮੇਂ ਦੌਰਾਨ ਵਾਤਾਵਰਨ ਵਿੱਚ ਨਮੀ ਦਾ ਪੱਧਰ ਕਾਫ਼ੀ ਜ਼ਿਆਦਾ ਰਹਿੰਦਾ ਹੈ, ਜਿਸ ਕਾਰਨ ਵਾਇਰਲ ਇਨਫੈਕਸ਼ਨ ਫੈਲਣ ਦੇ ਮੌਕੇ ਵੀ ਵੱਧ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਲੋੜੀਂਦੀਆਂ ਟੈਸਟਿੰਗ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹਨ। ਇਸ ਦੇ ਨਾਲ ਹੀ ਉਨ੍ਹਾਂ ਗਰਭਵਤੀ ਔਰਤਾਂ, ਬਜ਼ੁਰਗਾਂ, ਘੱਟ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਲੋਕਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਲਾਹ ਦਿੱਤੀ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ।
Share this content:



Post Comment