ਸਿੱਖਿਆ ਦੀ ਨੁਹਾਰ ਬਦਲ ਰਹੇ ‘ਸਕੂਲ ਆਫ਼ ਐਮੀਨੈਂਸ’
ਚੰਡੀਗੜ੍ਹ, 10 ਸਤੰਬਰ – ਸਮੇਂ ਦੇ ਬਦਲਾਅ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ। ਇਸ ਦਿਸ਼ਾ ਵਿੱਚ ਸਭ ਤੋਂ ਵੱਡੀ ਪ੍ਰਾਪਤੀ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 118 ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਹੈ ਜਿਨ੍ਹਾਂ ਨੇ ਅੱਜ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਅਦਾਰਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਇਨ੍ਹਾਂ ਵਿਦਿਅਕ ਕੇਂਦਰਾਂ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇੱਥੇ ਹਰ ਵਰਗ ਦੇ ਬੱਚੇ ਬਿਨਾਂ ਕਿਸੇ ਭੇਦ-ਭਾਵ ਦੇ ਇੱਕੋ ਛੱਤ ਹੇਠ ਅਤੇ ਇੱਕੋ ਕਲਾਸਰੂਮ ਵਿੱਚ ਵਿਦਿਆ ਪ੍ਰਾਪਤ ਕਰ ਰਹੇ ਹਨ। ਇਹ ਪਹਿਲਕਦਮੀ ਸਮਾਜ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਪਸੀ ਸਦਭਾਵਨਾ ਨੂੰ ਵੀ ਵਧਾਉਂਦੀ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਉੱਚ-ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵਾਈ-ਫਾਈ ਨਾਲ ਲੈਸ ਸਮਾਰਟ ਕਲਾਸਰੂਮ, ਆਧੁਨਿਕ ਵਿਗਿਆਨ ਅਤੇ ਕੰਪਿਊਟਰ ਲੈਬਾਂ, ਗਿਆਨ ਭਰਪੂਰ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਅਤੇ ਖੇਡਾਂ ਦੇ ਬਿਹਤਰ ਪ੍ਰਬੰਧ ਸ਼ਾਮਲ ਹਨ।
ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਪ੍ਰਣਾਲੀ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਰੱਖਿਆ ਗਿਆ ਸਗੋਂ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਵਿਗਿਆਨਕ ਨਜ਼ਰੀਆ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੇਂਡੂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰ ਵੱਲੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਧੀਆਂ ਅਤੇ ਹੋਰ ਲੋੜਵੰਦ ਬੱਚਿਆਂ ਦੀ ਸਕੂਲ ਤੱਕ ਪਹੁੰਚ ਹੋਰ ਸੁਖਾਲੀ ਹੋ ਗਈ ਹੈ। ਸਰਕਾਰ ਦੇ ਇਨ੍ਹਾਂ ਠੋਸ ਯਤਨਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨ, ‘ਨੀਟ’ ਅਤੇ ਜੇ ਈ ਈ ਐਡਵਾਂਸ ਵਰਗੀਆਂ ਦੇਸ਼ ਦੀਆਂ ਮੁਕਾਬਲੇ ਦੀਆਂ ਸਖ਼ਤ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।
ਸੂਬੇ ਦੇ ਸੈਂਕੜੇ ਬੱਚਿਆਂ ਨੇ ਇਨ੍ਹਾਂ ਇਮਤਿਹਾਨਾਂ ਵਿੱਚ ਬਾਜ਼ੀ ਮਾਰ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇੰਨਾ ਹੀ ਨਹੀਂ, ਕੌਮੀ ਮੁਲਾਂਕਣ ਸਰਵੇਖਣ ਵਿੱਚ ਵੀ ਪੰਜਾਬ ਨੇ ਮੋਹਰੀ ਸੂਬਿਆਂ ਨੂੰ ਪਛਾੜਦਿਆਂ ਆਪਣੀ ਵੱਖਰੀ ਪਛਾਣ ਬਣਾਈ ਹੈ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਦੇਸ਼-ਵਿਦੇਸ਼ ਜਿਵੇਂ ਕਿ ਸਿੰਗਾਪੁਰ ਅਤੇ ਫਿਨਲੈਂਡ ਦੇ ਨਾਮੀਂ ਅਦਾਰਿਆਂ ਵਿੱਚ ਵਿਸ਼ੇਸ਼ ਪੇਸ਼ੇਵਰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਅਧਿਆਪਕਾਂ ਦੀ ਇਹ ਆਧੁਨਿਕ ਸਿਖਲਾਈ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਰੱਖ ਰਹੀ ਹੈ।
Share this content:



Post Comment