ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘੇਰੀ ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼
14 ਸਤੰਬਰ – ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇੱਥੇ ਇਕੱਠੇ ਹੋਏ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਕਾਲੇ ਝੰਡੇ ਲੈ ਕੇ, ਕਾਲੇ ਕੱਪੜੇ ਪਹਿਨ ਕੇ ਅਤੇ ਪੱਗਾਂ, ਚੁੰਨੀਆਂ ਸਜਾ ਕੇ ਪਹੁੰਚੇ। ਕੋਠੀ ਦੇ ਘਿਰਾਓ ਦੌਰਾਨ ਅਮਨ ਅਰੋੜਾ ਪਿੰਡਾਂ ਦੇ ਦੌਰੇ ਤੋਂ ਵਾਪਸ ਆਏ ਤਾਂ ਉਨ੍ਹਾਂ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘੇਰ ਲਿਆ। ਕੈਬਨਿਟ ਮੰਤਰੀ ਨੂੰ ਸਟੇਜ ’ਤੇ ਕਨਵੀਨਰ ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾਂ, ਗੁਰਨਾਮ ਸਿੰਘ ਵਿਰਕ, ਕੁਲਵਿੰਦਰ ਸਿੰਘ ਢਿੱਲੋਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਵਾਲ ਕੀਤੇ।
ਇਸ ਮੌਕੇ ਪੰਜ ਜ਼ਿਲ੍ਹਿਆਂ ’ਚੋਂ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਗਿਰ, ਕਸਤੂਰੀ ਲਾਲ, ਸੁਖਦੇਵ ਸਿੰਘ ਚੰਗਾਲੀਵਾਲਾ, ਰਾਜਵੀਰ ਬਡਰੁੱਖਾਂ, ਮੇਲਾ ਸਿੰਘ ਪੁੰਨਾਵਾਲ, ਰਾਜਕੁਮਾਰ ਅਰੋੜਾ, ਚਮਕੌਰ ਸਿੰਘ, ਦਵਿੰਦਰ ਪਸ਼ੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਦੀਆਂ ਤਨਖ਼ਾਹਾਂ ਤੇ ਭੱਤਿਆਂ ਬਾਰੇ ਅਫ਼ਵਾਹਾਂ ਫੈਲਾਅ ਰਹੇ ਹਨ। ਆਗੂਆਂ ਨੇ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਡੀ ਏ ਸਬੰਧੀ ਮਾਨਯੋਗ ਹਾਈਕੋਰਟ ਦਾ ਫ਼ੈਸਲਾ ਲਾਗੂ ਨਾ ਕਰਨ ਤੇ ਸਰਕਾਰ ਦੀ ਆਲੋਚਨਾ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਦੋ-ਧਿਰੀ ਗੱਲਬਾਤ ਰਾਹੀਂ ਸਰਕਾਰ ਨੂੰ ਭੇਜੇ ਮੰਗ ਪੱਤਰਾਂ ’ਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ। ਮੁਲਾਜ਼ਮਾਂ ਦੀਆਂ ਮੰਗਾਂ ’ਚ ਪੁਰਾਣੀ ਪੈਨਸ਼ਨ ਬਹਾਲੀ, ਮਾਨ ਭੱਤਾ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਲਾਗੂ ਕਰਨਾ, ਆਊਟਸੋਰਸ ਠੇਕਾ ਅਧਾਰਤ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਬੰਦ ਕੀਤੇ ਭੱਤੇ ਲਾਗੂ ਕਰਨਾ ਆਦਿ ਸ਼ਾਮਿਲ ਹਨ।
Share this content:



Post Comment