Loading Now

ਸੀ.ਐਮ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਸੀ.ਐਮ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਚੰਡੀਗੜ੍ਹ, 16 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਆਗੂਆਂ ’ਤੇ ਆਪਣੇ ਖ਼ਿਲਾਫ਼ ਝੂਠੇ ਤੇ ਬੇਬੁਨਿਆਦ ਇਲਜ਼ਾਮ ਲਗਾਉਣ ਦਾ ਦੋਸ਼ ਲਾਇਆ ਹੈ। ਡਾ. ਗੁਰਪ੍ਰੀਤ ਕੌਰ ਨੇ ਚੰਡੀਗੜ੍ਹ ਦੀ ਅਦਾਲਤ ‘ਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ), 2023 ਦੀਆਂ ਧਾਰਾਵਾਂ 210 ਅਤੇ 222 ਤਹਿਤ ਸ਼ਿਕਾਇਤ ਦਾਇਰ ਕੀਤੀ ਹੈ। ਸ਼ਿਕਾਇਤ ‘ਚ ਬੀਐੱਨਐੱਸ, 2023 ਦੀ ਧਾਰਾ 356 ਤਹਿਤ ਅਪਰਾਧ ਕੀਤੇ ਜਾਣ ਦਾ ਦੋਸ਼ ਲਾਇਆ ਗਿਆ ਹੈ। ਸ਼ਿਕਾਇਤ ‘ਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਕਾਰਨ ਉਨ੍ਹਾਂ ਦੀ ਸਾਖ ਨੂੰ ਹੋਇਆ ਨੁਕਸਾਨ “ਅਸੀਮਤ” ਹੈ। ਸ਼ਿਕਾਇਤ ਅਨੁਸਾਰ, ਇਕ ਸਤੰਬਰ ਨੂੰ ਮਜੀਠੀਆ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਕਥਿਤ ਤੌਰ ’ਤੇ ਮਾਣਹਾਨੀ ਵਾਲੇ ਦੋਸ਼ ਲਗਾਏ। ਗੁਰਪ੍ਰੀਤ ਕੌਰ ਦਾ ਦੋਸ਼ ਹੈ ਕਿ ਮਜੀਠੀਆ ਨੇ ਸਨਸਨੀਖੇਜ਼, ਮਨਘੜਤ ਤੇ ਪੂਰੀ ਤਰ੍ਹਾਂ ਬੇਬੁਨਿਆਦ ਬਿਆਨ ਦਿੰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਇਕ ਰਿਸ਼ਤੇਦਾਰ ਰਾਹੀਂ ਗੰਭੀਰ ਜਬਰ-ਜਨਾਹ ਦੇ ਮਾਮਲੇ ‘ਚ ਮੁਲਜ਼ਮ ਵਿਅਕਤੀ ਨੂੰ ਸੁਰੱਖਿਆ ਦਿਵਾਉਣ ਲਈ ਸੂਬਾਈ ਮਸ਼ੀਨਰੀ ਨੂੰ ਪ੍ਰਭਾਵਿਤ ਕਰਨ ਦੇ ਬਦਲੇ ਨਕਦੀ ਦੀ ਮੰਗ ਕੀਤੀ।
ਸ਼ਿਕਾਇਤ ‘ਚ ਦੋਸ਼ ਲਾਇਆ ਗਿਆ ਹੈ ਕਿ ਅਕਾਲੀ ਆਗੂ ਨੇ ਕਥਿਤ ਤੌਰ ’ਤੇ ਜਾਅਲੀ ਆਡੀਓ ਰਿਕਾਰਡਿੰਗਾਂ, ਤਸਵੀਰਾਂ ਤੇ ਸੀਸੀਟੀਵੀ ਫੁਟੇਜ ਵੀ ਦਿਖਾਈ ਅਤੇ ਪ੍ਰਸਾਰਿਤ ਕੀਤੀ। ਦਾਅਵਾ ਕੀਤਾ ਗਿਆ ਕਿ ਇਨ੍ਹਾਂ ਸਮੱਗਰੀਆਂ ਤੋਂ ਉਨ੍ਹਾਂ ਦੇ ਕਰੀਬੀ ਲੋਕਾਂ ਰਾਹੀਂ ਵਿੱਤੀ ਲੈਣ-ਦੇਣ ਸਬੰਧੀ ਗੱਲਬਾਤ ਹੋਣ ਦੀ ਗੱਲ ਸਾਹਮਣੇ ਆਉਂਦੀ ਹੈ।
ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਬਿਆਨਾਂ ‘ਚ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਤੇ ਇਹ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਜਬਰ-ਜਨਾਹ ਦੇ ਮੁਲਜ਼ਮ ਦੀ ਮਦਦ ਕਰ ਰਹੇ ਹਨ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਇਨ੍ਹਾਂ ਦੋਸ਼ਾਂ ਦਾ ਉਨ੍ਹਾਂ ਦੀ ਸਾਖ, ਅਕਸ ਤੇ ਨਿੱਜੀ ਪਛਾਣ ’ਤੇ ਗੰਭੀਰ ਪ੍ਰਭਾਵ ਪਿਆ ਹੈ।
ਪਹਿਲਾਂ ਵੀ ਅਦਾਲਤ ਲਗਾ ਚੁੱਕੀ ਹੈ ਰੋਕ
ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਇਕ ਅਦਾਲਤ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆਅਤੇ ਸੁਖਪਾਲ ਖਹਿਰਾ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਕਿਸੇ ਵੀ ਅਪ੍ਰਮਾਣਿਤ ਮਾਣਹਾਨੀ ਵਾਲੀ ਸਮੱਗਰੀ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਿਤ, ਪ੍ਰਸਾਰਿਤ ਜਾਂ ਸਾਂਝਾ ਕਰਨ ਤੋਂ ਅਸਥਾਈ ਤੌਰ ’ਤੇ ਰੋਕ ਦਿੱਤਾ ਸੀ।

Share this content:

Post Comment