ਹੁਣ ਕਾਂਗਰਸ ਵਿਚ ਜਾਣ ਦੀ ਕੋਈ ਯੋਜਨਾ ਨਹੀਂ : ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿੱਜੀ ਮੀਡੀਆ ਅਦਾਰੇ ਨੂੰ ਇੰਟਰਵਿਊ ਵਿੱਚ ਖੁਲਾਸਾ ਕੀਤਾ ਹੈ ਕਿ ਭਾਜਪਾ ਵਿੱਚ 4 ਸਾਲ ਹੋਣ ਜਾਣ ਦੇ ਬਾਵਜੂਦ ਵੀ ਕੁਝ ਵੀ ਹਾਸਲ ਨਹੀਂ ਹੋਇਆ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਕਾਂਗਰਸ ਵਿਚ ਜਾਣ ਦੀ ਕੋਈ ਯੋਜਨਾ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 2027 ਦੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ।ਉਨ੍ਹਾਂ ਤਰਕ ਦਿੱਤਾ ਕਿ ਭਾਜਪਾ ਕੋਲ ਕੋਈ ਖ਼ਾਸ ਜ਼ਮੀਨੀ ਸਮਰਥਨ ਨਹੀਂ ਹੈ। ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੀ ਜ਼ੋਰਦਾਰ ਵਕਾਲਤ ਕਰਦਿਆਂ ਉਨ੍ਹਾਂ ਕਿਹਾ, “ਮੈਂ ਇਹ ਕਹਿਣ ਵਾਲਾ ਪਹਿਲਾ ਵਿਅਕਤੀ ਸਾਂ ਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਹੋਣਾ ਚਾਹੀਦਾ ਹੈ। ਜੇ ਤੁਸੀਂ ਸਰਕਾਰ ਬਣਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਅਕਾਲੀਆਂ ਨਾਲ ਗੱਠਜੋੜ ਦੀ ਲੋੜ ਹੈ, ਜੋ ਤੁਹਾਡੇ ਪੁਰਾਣੇ ਭਾਈਵਾਲ ਹਨ। ਦੋਵੇਂ ਪਾਰਟੀਆਂ ਨੇ ਪਹਿਲਾਂ ਵੀ ਦੋ ਜਾਂ ਤਿੰਨ ਵਾਰ ਮਿਲ ਕੇ ਸਰਕਾਰਾਂ ਬਣਾਈਆਂ ਹਨ, ਤਾਂ ਹੁਣ ਅਚਾਨਕ ਕੀ ਗ਼ਲਤ ਹੋ ਗਿਆ ਹੈ?”
ਕੈਪਟਨ ਅਮਰਿੰਦਰ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ, ਉਸ ਨੂੰ ਬਾਹਰ ਆਉਣ ਦਿਓ ਤੇ ਚੋਣ ਲੜਨ ਦਿਓ ਅਤੇ ਜੇ ਉਹ ਕਰ ਸਕਦਾ ਹੈ ਤਾਂ ਉਸ ਨੂੰ ਜਿੱਤਣ ਦਿਓ। ਤੁਸੀਂ ਜਿੰਨਾ ਚਿਰ ਉਸ ਨੂੰ ਜੇਲ੍ਹ ਵਿੱਚ ਰੱਖੋਗੇ, ਉਹ ਉਂਨਾ ਹੀ ਪ੍ਰਸਿੱਧ ਹੁੰਦਾ ਜਾਵੇਗਾ।” ਉਨ੍ਹਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਕੈਦ ਕੱਟ ਰਹੇ ਜਗਤਾਰ ਸਿੰਘ ਹਵਾਰਾ ਸਣੇ ਲੰਮੇ ਸਮੇਂ ਤੋਂ ਜੇਲ੍ਹ ’ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਦੀ ਹਮਾਇਤ ਵੀ ਕੀਤੀ।
Share this content:



Post Comment