ਸੁਨੀਲ ਜਾਖੜ ਨੇ ਸੂਬੇ ਦੀ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨਾਲ ਕੀਤੀ ਮੁਲਾਕਾਤ
15 ਅਕਤੂਬਰ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨਾਲ ਮੁਲਾਕਾਤ ਕਰ ਕੇ ਪੰਜਾਬ ਵਿੱਚ ਐੱਸ ਆਈ ਆਰ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਸਿਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਜਾਖੜ ਨੇ ਕਿਹਾ ਕਿ ਐੱਸ ਆਈ ਆਰ ਪ੍ਰਕਿਰਿਆ ਲਈ ਪੰਜਾਬ ਵਿੱਚ ਸਿਆਸੀ ਪਾਰਟੀਆਂ ਨੇ ਮਿਲ ਕੇ 89 ਹਜ਼ਾਰ ਬੂਥ ਲੈਵਲ ਏਜੰਟ ਤਾਇਨਾਤ ਕੀਤੇ ਸਨ।
ਉਨ੍ਹਾਂ ਅਨੁਸਾਰ ਚੋਣ ਕਮਿਸ਼ਨ ਨੇ ਹਰ ਪੜਾਅ ’ਤੇ ਏਜੰਟਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪ੍ਰਕਿਰਿਆ ਸਬੰਧੀ ਉਨ੍ਹਾਂ ਦੀ ਲਿਖਤੀ ਸਹਿਮਤੀ ਵੀ ਲਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੂਰੀ ਪ੍ਰਕਿਰਿਆ ਦੌਰਾਨ ਪੰਜਾਬ ਵਿੱਚ ਇੱਕ ਵੀ ਵੋਟਰ ਸਾਹਮਣੇ ਆ ਕੇ ਇਹ ਨਹੀਂ ਕਹਿ ਸਕਿਆ ਕਿ ਉਸ ਦਾ ਨਾਂ ਵੋਟਰ ਸੂਚੀ ਵਿੱਚੋਂ ਗ਼ਲਤ ਤਰੀਕੇ ਨਾਲ ਕੱਟਿਆ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਆਗੂ ਐੱਸ ਆਈ ਆਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਹਨ। ਜਦੋਂ ਕਿ ‘ਆਪ’ ਨੇ 10 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਐੱਸ ਆਈ ਆਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ 12 ਅਕਤੂਬਰ ਨੂੰ ਦੋਵਾਂ ਪਾਰਟੀਆਂ ਦੇ ਨੁਮਾਇੰਦੇ ਮੁੱਖ ਚੋਣ ਅਫ਼ਸਰ ਦਾ ਧੰਨਵਾਦ ਕਰ ਕੇ ਆਏ ਸਨ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਅਤੇ ‘ਆਪ’ ਨੂੰ ਪੰਜਾਬ ਵਿੱਚ ਐੱਸ ਆਈ ਆਰ ਪ੍ਰਵਾਨ ਹੈ, ਪਰ ਦੇਸ਼ ਵਿੱਚ ਇਤਰਾਜ਼ ਕਿਉਂ ਹੈ?
Share this content:



Post Comment