Loading Now

ਮੁੱਖ ਮੰਤਰੀ ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ ‘ਚ

ਮੁੱਖ ਮੰਤਰੀ ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ, 17 ਅਕਤੂਬਰ – ਪੰਜਾਬ ‘ਚ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਂਢੂ ਤੇ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ‘ਚ ਲਿਆ ਹੈ। ਗਰੇਵਾਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੁੱਛਗਿੱਛ ਲਈ ED ਦੇ ਹੈੱਡਕੁਆਰਟਰ ਲਿਜਾਇਆ ਗਿਆ। ਉਨ੍ਹਾਂ ਦਾ ਸਬੰਧ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਨਾਲ ਵੀ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਾਮਲੇ ‘ਚ ED ਵੱਲੋਂ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਪੀੜਤਾ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਸਥਾਨਕ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕੇਗੀ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਕਿ ਗਰੇਵਾਲ ਰਾਹੀਂ ਕੇਸ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ‘ਚ ਗਰੇਵਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਕਥਿਤ ਨੇੜਲੇ ਸਬੰਧ ਹੋਣ ਦਾ ਦਾਅਵਾ ਵੀ ਕੀਤਾ ਗਿਆ ਸੀ। ਦੂਜੇ ਪਾਸੇ, ਗੁਰੀ ਚਾਹਲ ਦੇ ਦੋਸਤ ਸਿਮਰਨਜੀਤ ਸਿੰਘ ਹੁੰਦਲ ਵੱਲੋਂ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਚ ਵੀ ਗਰੇਵਾਲ ਨੂੰ ਲੈ ਕੇ ਦੋਸ਼ ਲਾਏ ਗਏ ਸਨ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਕਿ ਉਹ ਜਬਰ-ਜਨਾਹ ਦੇ ਮਾਮਲਿਆਂ ਨੂੰ ਖ਼ਤਮ ਕਰਵਾਉਣ ਦੇ ਨਾਮ ‘ਤੇ ਕਰੋੜਾਂ ਰੁਪਏ ਦੀ ਮੰਗ ਕਰ ਰਿਹਾ ਸੀ। ਦੋਸ਼ਾਂ ਮੁਤਾਬਕ, ਗਰੇਵਾਲ ਕਥਿਤ ਤੌਰ ‘ਤੇ ਮੁਲਜ਼ਮ ਧਿਰ ਅਤੇ ਸਿਆਸੀ ਪ੍ਰਭਾਵ ਵਿਚਾਲੇ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ। ਇਨ੍ਹਾਂ ਦਾਅਵਿਆਂ ਦੀ ਸੱਚਾਈ ਜਾਂਚ ਦਾ ਵਿਸ਼ਾ ਹੈ।

ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 20 ਜੁਲਾਈ ਨੂੰ ਜਾਂਚ ਸਥਾਨਕ ਪੁਲਿਸ ਤੋਂ ਹਟਾ ਕੇ ਸਪੈਸ਼ਲ ਡੀਜੀਪੀ ਦੀ ਨਿਗਰਾਨੀ ਹੇਠ ਇਕ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਆਪਣੇ ਹੁਕਮ ‘ਚ ਪੰਜ ਕਰੋੜ ਰੁਪਏ ਦੀ ਕਥਿਤ ਮੰਗ ਤੇ ਮੁੱਖ ਮੰਤਰੀ ਦੀ ਪਤਨੀ ਨਾਲ ਕਥਿਤ ਸਬੰਧਾਂ ਨਾਲ ਜੁੜੇ ਦੋਸ਼ਾਂ ਦਾ ਵੀ ਜ਼ਿਕਰ ਕੀਤਾ ਸੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਉਸ ਸਮੇਂ ਉਹ ਇਨ੍ਹਾਂ ਦੋਸ਼ਾਂ ਦੀ ਸੱਚਾਈ ਤੈਅ ਨਹੀਂ ਕਰ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਨੇ ਵੀ ਜਨਤਕ ਤੌਰ ‘ਤੇ ਇਸ ਮਾਮਲੇ ਨਾਲ ਜੁੜੇ ਦੋਸ਼ਾਂ ਦਾ ਜ਼ਿਕਰ ਕੀਤਾ ਸੀ। ਇਸ ਤੋਂ ਬਾਅਦ ਭਾਜਪਾ ਅਤੇ ਵਿਰੋਧੀ ਧਿਰ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੀ ਪਤਨੀ ਨੂੰ ਲੈ ਕੇ ਸਵਾਲ ਉਠਾਏ। ਭਾਜਪਾ ਨੇ ਕਥਿਤ ਆਡੀਓ ਰਿਕਾਰਡਿੰਗ ਦਾ ਹਵਾਲਾ ਵੀ ਦਿੱਤਾ। ਦੂਜੇ ਪਾਸੇ, ਆਮ ਆਦਮੀ ਪਾਰਟੀ ਅਤੇ ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ।

Share this content:

Post Comment