ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਧਰਮਕੋਟ, 31 ਅਕਤੂਬਰ – ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੀਆਂ ਹਦਾਇਤਾਂ ਅਤੇ ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਨਿਰਧਾਰਿਤ ਮਿਤੀ ਅਤੇ ਸਮੇਂ ਦੌਰਾਨ ਕੇਵਲ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਨਿਰਧਾਰਿਤ ਸਮੇਂ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਪਟਾਕੇ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।
ਜਾਰੀ ਹੁਕਮਾਂ ਅਨੁਸਾਰ, ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਇਨ੍ਹਾਂ ਹੁਕਮਾਂ ਦਾ ਉਦੇਸ਼ ਤਿਉਹਾਰਾਂ ਦੌਰਾਨ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਆਮ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਹੁਕਮਾਂ ਅਨੁਸਾਰ ਦੀਵਾਲੀ ਦੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਸ ਦੀ ਰਾਤ 11:55 ਵਜੇ ਤੋਂ 26 ਦਸੰਬਰ 2026 ਦੀ ਸਵੇਰ 12:30 ਵਜੇ ਤੱਕ, ਨਵੇਂ ਸਾਲ ਵਾਲੇ ਦਿਨ 31 ਦਸੰਬਰ ਦੀ ਰਾਤ 11:55 ਵਜੇ ਤੋਂ 1 ਜਨਵਰੀ 2027 ਦੀ ਸਵੇਰ 12:30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
Share this content:



Post Comment