ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਸ਼ੁਰੂ
*ਤਾਮਿਲਨਾਡੂ ਦੇ ਐਡੀਸ਼ਨਲ ਚੀਫ਼ ਇਲੈਕਟੋਰਲ ਆਫ਼ਿਸਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਸ਼ੁਰੂ ਹੋ ਗਈ ਹੈ। ਇਸ ਪ੍ਰਕਿਰਿਆ ਦੀ ਨਿਗਰਾਨੀ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਤਾਮਿਲਨਾਡੂ ਰਾਜ ਦੇ ਐਡੀਸ਼ਨਲ ਚੀਫ਼ ਇਲੈਕਟੋਰਲ ਅਫਸਰ ਸ੍ਰੀ ਵੀ. ਸ੍ਰੀਧਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਮੌਜੂਦ ਈ.ਵੀ.ਐਮ-ਵੀ.ਵੀ.ਪੈਟ ਵੇਅਰਹਾਊਸ ਵਿਖੇ ਐਫ.ਐਲ.ਸੀ. ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਵੇਅਰਹਾਊਸ ਵਿਖੇ ਕੀਤੇ ਗਏ ਪੁਖ਼ਤਾ ਪ੍ਰਬੰਧਾਂ ‘ਤੇ ਆਪਣੀ ਮੁਕੰਮਲ ਤਸੱਲੀ ਪ੍ਰਗਟਾਈ ਗਈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਤਰੁੱਟੀ ਰਹਿਤ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਇਹ ਚੈਕਿੰਗ ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾ ਰਹੀ ਹੈ। ਫਸਟ ਲੈਵਲ ਚੈਕਿੰਗ ਦੌਰਾਨ ਦਰੁਸਤ ਪਾਈਆਂ ਜਾਣ ਵਾਲੀਆਂ ਮਸ਼ੀਨਾਂ ਨੂੰ ਹੀ ਵਿਧਾਨ ਸਭਾ ਚੋਣਾਂ ਵਿੱਚ ਵਰਤਿਆ ਜਾਵੇਗਾ।
ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦੀ ਲਾਈਵ ਵੈਬਕਾਸਟਿੰਗ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
Share this content:



Post Comment