ਮੋਗਾ ਵਿੱਚ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਹੋਵੇਗੀ ਵੱਡੀ ਚੋਣ ਰੈਲੀ
ਮੋਗਾ, 16 ਨਵੰਬਰ – ਆਮ ਆਦਮੀ ਪਾਰਟੀ (AAP) ਵੱਲੋਂ 26 ਨਵੰਬਰ ਨੂੰ ਮੋਗਾ ‘ਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਤੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਹੋਣ ਵਾਲੀ ਇਸ ਰੈਲੀ ‘ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਰੈਲੀ ਨੂੰ ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਇਸ ਰੈਲੀ ਰਾਹੀਂ ਸੂਬੇ ‘ਚ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਚੋਣਾਂ ਲਈ ਆਪਣਾ ਏਜੰਡਾ ਵੀ ਲੋਕਾਂ ਸਾਹਮਣੇ ਰੱਖ ਸਕਦੀ ਹੈ।
71 ਉਮੀਦਵਾਰਾਂ ਦਾ ਐਲਾਨ, ਰੈਲੀ ਤੋਂ ਪਹਿਲਾਂ ਆ ਸਕਦੀ ਹੈ ਇੱਕ ਹੋਰ ਸੂਚੀ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸਿਆਸੀ ਹਲਕਿਆਂ ‘ਚ ਚਰਚਾ ਹੈ ਕਿ 26 ਨਵੰਬਰ ਦੀ ਰੈਲੀ ਤੋਂ ਪਹਿਲਾਂ ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਅਜਿਹੇ ‘ਚ ਨਵੇਂ ਐਲਾਨੇ ਜਾਣ ਵਾਲੇ ਉਮੀਦਵਾਰਾਂ ਨੂੰ ਵੀ ਰੈਲੀ ‘ਚ ਵੱਡੀ ਗਿਣਤੀ ‘ਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਰੈਲੀ ‘ਚ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਸੀਨੀਅਰ ਆਗੂਆਂ ਤੇ ਪਾਰਟੀ ਵਰਕਰਾਂ ਦੇ ਵੱਡੀ ਗਿਣਤੀ ‘ਚ ਪਹੁੰਚਣ ਦੀ ਸੰਭਾਵਨਾ ਹੈ।
ਕੇਜਰੀਵਾਲ ਤੇ ਭਗਵੰਤ ਮਾਨ ਮੰਚ ‘ਤੇ ਆਉਣਗੇ ਨਜ਼ਰ
ਇਸ ਰੈਲੀ ਦਾ ਇੱਕ ਅਹਿਮ ਪਹਿਲੂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੰਚ ‘ਤੇ ਮੌਜੂਦਗੀ ਹੋਵੇਗੀ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਦੀਆਂ ਸਿਆਸੀ ਸਰਗਰਮੀਆਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਵੀ ਪ੍ਰਮੁੱਖ ਰਹੀ ਹੈ। ਇਸ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਦੀ ਭੂਮਿਕਾ ਨੂੰ ਲੈ ਕੇ ਸਵਾਲ ਚੁੱਕੇ ਜਾਂਦੇ ਰਹੇ ਹਨ। ਹੁਣ ਮੋਗਾ ਰੈਲੀ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦੀ ਸਾਂਝੀ ਮੌਜੂਦਗੀ ਨੂੰ ਪਾਰਟੀ ਵੱਲੋਂ ਪੰਜਾਬ ਚੋਣਾਂ ‘ਚ ਕੇਂਦਰੀ ਲੀਡਰਸ਼ਿਪ ਦੀ ਸਰਗਰਮ ਭੂਮਿਕਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਸਰਕਾਰ ਦੇ ਕੰਮਕਾਜ ਦਾ ਰਿਪੋਰਟ ਕਾਰਡ ਰੱਖਣ ਦੀ ਤਿਆਰੀ
ਮੋਗਾ ਰੈਲੀ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਅਗਲੇ ਪੰਜ ਸਾਲਾਂ ਲਈ ਵਿਕਾਸ ਦਾ ਏਜੰਡਾ ਲੋਕਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਜੂਦਾ ਸਰਕਾਰ ਦੇ ਕਰੀਬ 56 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਜਾ ਸਕਦਾ ਹੈ। 26 ਨਵੰਬਰ ਨੂੰ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸਤ ਲਈ ਅਹਿਮ ਮੰਨੀ ਜਾ ਰਹੀ ਹੈ।
Share this content:



Post Comment