Loading Now

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ , 25 ਨਵੰਬਰ-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸ਼ ਤੇ ਸੂਬੇ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਕੇਸਰੀ ਦਸਤਾਰ ਸਜਾ ਕੇ ਮੁੱਖ ਮੰਤਰੀ ਨੇ ਪੂਰੀ ਸ਼ਰਧਾ ਭਾਵਨਾ ਨਾਲ ਗੁਰੂ ਚਰਨਾਂ ਵਿੱਚ ਸੀਸ ਨਿਵਾਇਆ। ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ, ਪੰਜਾਬ ਅਤੇ ਪੂਰੇ ਦੇਸ਼ ਦੀ ਸੰਗਤ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਕੀਤਾ ਜ਼ਿਕਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਆ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਨਵੀਂ ਊਰਜਾ ਮਿਲਦੀ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਮਾਨਦਾਰੀ ਨਾਲ ਮਿਹਨਤ ਕਰਨ, ਪ੍ਰਭੂ ਦਾ ਨਾਮ ਸਿਮਰਨ ਕਰਨ ਅਤੇ ਮਿਲ-ਵੰਡ ਕੇ ਛਕਣ ਦਾ ਜੋ ਸੰਦੇਸ਼ ਦਿੱਤਾ ਹੈ, ਉਹ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਅਪਣਾ ਕੇ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਆਪਸੀ ਭਾਈਚਾਰੇ, ਸੇਵਾ ਤੇ ਮਨੁੱਖਤਾ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।

Share this content:

Post Comment