ਸਿਆਸੀ ਮਕਸਦਾਂ ਲਈ ਵਿਰੋਧੀ ਪਾਰਟੀਆਂ ਕਰ ਰਹੀਆਂ ਗੱਠਜੋੜ: CM ਮਾਨ
ਮੋਗਾ, 26 ਨਵੰਬਰ- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਇੱਥੇ ਹੋਈ ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਬਿਆਨਾਂ ਅਤੇ ਮੌਜੂਦਾ ਗੱਠਜੋੜ ’ਤੇ ਸਵਾਲ ਚੁੱਕੇ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਨੇ ਇੱਕ-ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ, ਪਰ ਹੁਣ ਸਿਆਸੀ ਹਿੱਤਾਂ ਲਈ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਉਨ੍ਹਾਂ ਨੇ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੌਰਾਨ ਭਾਜਪਾ ਖ਼ਿਲਾਫ਼ ਲਏ ਗਏ ਸਟੈਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਸਨ, ਉਸ ਸਮੇਂ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨ ਵਿਰੋਧੀ ਕਹੇ ਜਾਣ ਵਾਲੇ ਕਾਨੂੰਨਾਂ ਅਤੇ ਭਾਜਪਾ ਨਾਲ ਸਿਆਸੀ ਸਮਝੌਤੇ ਬਾਰੇ ਅਕਾਲੀ ਦਲ ਹੁਣ ਆਪਣਾ ਪੱਖ ਸਪੱਸ਼ਟ ਕਰੇ। ਭਗਵੰਤ ਮਾਨ ਨੇ ਭਾਜਪਾ ’ਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਦਾ ਹੱਲ ਕਰਵਾਉਣ ਦੀ ਬਜਾਏ ਸਿਆਸੀ ਪਾਰਟੀਆਂ ਕੁਰਸੀ ਦੀ ਲੜਾਈ ਵਿੱਚ ਲੱਗੀਆਂ ਹੋਈਆਂ ਹਨ।
ਕਾਂਗਰਸ ਦੀ ਕਾਰਗੁਜ਼ਾਰੀ ’ਤੇ ਵੀ ਕੀਤੇ ਤਿੱਖੇ ਤਨਜ਼
ਮੁੱਖ ਮੰਤਰੀ ਨੇ ਕਾਂਗਰਸ ਦੀ ਪਿਛਲੀ ਸਰਕਾਰ ਅਤੇ ਸੂਬੇ ਦੇ ਕਾਂਗਰਸੀ ਆਗੂਆਂ ’ਤੇ ਵੀ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਸਿਆਸੀ ਸਰਗਰਮੀਆਂ ਰਾਹੀਂ ਲੋਕਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਸ ਮੌਕੇ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਮੁਤਾਬਕ ਸੂਬੇ ਦੇ ਲਗਪਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਵਾਉਣ ਦੀ ਅਪੀਲ ਕੀਤੀ।
2027 ਦੀਆਂ ਚੋਣਾਂ ਲਈ ਲੋਕਾਂ ਤੋਂ ਮੰਗਿਆ ਸਮਰਥਨ
ਆਪਣੇ ਸੰਬੋਧਨ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਲੋਕਾਂ ਤੋਂ ਸਿੱਧੇ ਸਵਾਲ ਕਰਦਿਆਂ ਪੁੱਛਿਆ ਕਿ ਕਿੰਨੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਰੈਲੀ ਵਿੱਚ ਮੌਜੂਦ ਲੋਕਾਂ ਦੇ ਹੁੰਗਾਰੇ ਨੂੰ ਆਪਣੀ ਸਰਕਾਰ ਪ੍ਰਤੀ ਸਮਰਥਨ ਦੱਸਿਆ।
ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਜਾ ਰਹੀ ਵੱਡੀ ਪੰਜਾਬ ਪੱਧਰੀ ਰੈਲੀ ਦਾ ਅਸਰ ਬਠਿੰਡਾ ਦੀ ਬੱਸ ਆਵਾਜਾਈ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਰੈਲੀ ਵਿੱਚ ਵਰਕਰਾਂ ਅਤੇ ਸਮਰਥਕਾਂ ਨੂੰ ਲਿਜਾਣ ਲਈ ਬਠਿੰਡਾ ਤੋਂ ਪੀਆਰਟੀਸੀ ਅਤੇ ਕਿਲੋਮੀਟਰ ਸਕੀਮ, ਨਿੱਜੀ ਮਿੰਨੀ ਬੱਸਾਂ ਦੀਆਂ ਤਕਰੀਬਨ 200 ਬੱਸਾਂ ਰਵਾਨਾ ਕੀਤੇ ਜਾਣ ਕਾਰਨ ਆਮ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਡਿਆਂ ’ਤੇ ਮੁਸਾਫ਼ਰ ਲੰਮੇ ਸਮੇਂ ਤੋਂ ਬੱਸਾਂ ਦੀ ਉਡੀਕ ਕਰਦੇ ਨਜ਼ਰ ਆਏ।
Share this content:


Post Comment