ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੀ ਪ੍ਰਧਾਨਗੀ ਹੇਠ ਅੱਜ ਲੋਕ ਸਭਾ ਚੋਣਾਂ ਦੇ ਸੰਭਾਵੀ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਸੂਬਾ ਦਫ਼ਤਰ ਵਿੱਚ ਦਿੱਲੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸਕਰੀਨਿੰਗ ਕਮੇਟੀ ਦੇ ਦੋਵੇਂ ਮੈਂਬਰ ਪ੍ਰਗਟ ਸਿੰਘ ਅਤੇ ਕ੍ਰਿਸ਼ਨ ਅਲਾਵਰੂ ਵੀ ਮੌਜੂਦ ਸਨ। ਲਵਲੀ ਨੇ ਮੀਟਿੰਗ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਨਾ ਸਿਰਫ ਬੂਥ ਲੈਵਲ ਤੱਕ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ ਬਲਕਿ ਸੰਗਠਨ ਨੇ ਨਿਯੁਕਤੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਦਿੱਲੀ ਮਹਿਲਾ ਕਾਂਗਰਸ ਦੀ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੌਜਵਾਨਾਂ, ਔਰਤਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਜੋੜਨ ਲਈ ਵੀ ਵਿਆਪਕ ਮੁਹਿੰਮ ਚਲਾ ਰਹੀ ਹੈ। ਲਵਲੀ ਨੇ ਸਾਰਿਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਕਰਾਰੀ ਹਾਰ ਦਿਵਾਉਣਾ ਹੈ। ਪਾਰਟੀ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਲੋਕ ਮਾਰੂ ਹਨ। ਉਸ ਨੇ ਕਿਵੇ ਵੀ ਵਰਗ ਲਈ ਕੁੱਝ ਨਹੀਂ ਕੀਤਾ। ਮਹਿੰਗਾਈ ਅਸਮਾਨ ਝੂਹ ਰਹੀ ਹੈ। ਬੇਰੁਜ਼ਗਾਰੀ ਸਿਖਰਾਂ ’ਤੇ ਹੈ। ਰੁਜ਼ਾਗਾਰ ਨਾ ਮਿਲਣ ਕਾਰਨ ਨੌਜਵਾਨ ਵਿਦੇਸ਼ ਜਾ ਰਹੇ ਹਨ। ਇਸ ਕਰਕੇ ਭਾਜਪਾ ਨੂੰ ਸੱਤਾ ’ਚੋਂ ਬਾਹਰ ਕਰਨਾ ਬਹੁਤ ਜ਼ਰੂਰੀ ਹੈ। ਲਵਲੀ ਨੇ ਕਿਹਾ ਕਿ ਗਠਜੋੜ ਦੀ ਸਥਿਤੀ ਵਿੱਚ ਪਾਰਟੀ ਗੱਠਜੋੜ ਦੇ ਨਿਯਮਾਂ ਦੀ ਪਾਲਣਾ ਕਰੇਗੀ ਪਰ ਦਿੱਲੀ ਕਾਂਗਰਸ ਆਪਣੀ ਚੋਣ ਪ੍ਰਕਿਰਿਆ ਜਾਰੀ ਰੱਖੇਗੀ।