ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸਭ ਤੋਂ ਲੰਬਾ ਮੋਰਚਾ ਸੀ ਜੋ ਪੌਣੇ ਦੋ ਸਾਲ ਤੋਂ ਵੀ ਵੱਧ ਜਾਰੀ ਰਿਹਾ। ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਤਤਕਾਲੀ ਅੰਗਰੇਜ਼ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਸੀ। ਇਸ ਮੋਰਚੇ ਦਾ ਆਰੰਭ 8 ਜੂਨ 1923 ਨੂੰ ਉਸ ਵੇਲੇ ਹੋਇਆ ਸੀ ਜਦੋਂ ਅੰਗਰੇਜ਼ ਹਕੂਮਤ ਨੇ ਰਾਜਾ ਰਿਪੁਦਮਨ ਸਿੰਘ ਨੂੰ ਨਾਭਾ ਰਿਆਸਤ ਦੀ ਗੱਦੀ ਤੋਂ ਜਬਰੀ ਲਾਹ ਕੇ ਰਿਆਸਤ ਵਿੱਚੋਂ ਕੱਢ ਦਿੱਤਾ ਸੀ। ਇਸ ਘਟਨਾ ਵਿਰੁੱਧ ਸਾਰੇ ਸਿੱਖ ਜਗਤ ਵਿਚ ਰੋਸ ਦੀ ਲਹਿਰ ਫੈਲਣੀ ਕੁਦਰਤੀ ਸੀ ਕਿਉਂਕਿ ਮਹਾਰਾਜਾ ਨਾਭਾ ਸਿੱਖਾਂ ਵਿਚ ਬਹੁਤ ਹਰਮਨ ਪਿਆਰੇ ਹੋ ਚੁੱਕੇ ਸਨ। ਅੰਗਰੇਜ਼ ਹਕੂਮਤ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਹੀ 5 ਅਗਸਤ 1923 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ’ਚ ਹੋਈ ਬੈਠਕ ਵਿਚ ਮਹਾਰਾਜਾ ਰਿਪੁਦਮਨ ਸਿੰਘ ਪ੍ਰਤੀ ਹਮਦਰਦੀ ਦਾ ਮਤਾ ਪਾਸ ਕਰ ਕੇ 9 ਸਤੰਬਰ ਨੂੰ ਮਹਾਰਾਜਾ ਦੇ ਹੱਕ ਵਿਚ ਨਾਭਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਜੈਤੋ ਮੰਡੀ ਵਿਚ ਮੁਜ਼ਾਹਰਾ ਕਰਨ ਉਪਰੰਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ ਅਤੇ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ। ਜੈਤੋ ਵਿਖੇ ਅਖੰਡ ਪਾਠਾਂ ਦੀ ਲੜੀ ਨੂੰ ਹਕੂਮਤ ਨੇ ਵੱਡੀ ਬਗ਼ਾਵਤ ਦੇ ਤੌਰ ’ਤੇ ਲਿਆ ਤੇ 14 ਸਤੰਬਰ ਨੂੰ ਉਸ ਦੇ ਹਥਿਆਰਬੰਦ ਸਿਪਾਹੀਆਂ ਨੇ ਗੁਰਦੁਆਰੇ ਅੰਦਰ ਦਾਖ਼ਲ ਹੋ ਕੇ ਉੱਥੇ ਇਕੱਤਰ ਹੋਏ ਲੋਕਾਂ ਤੇ ਸੇਵਾਦਾਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਤੇ ਪਾਠ ਕਰ ਰਹੇ ਗ੍ਰੰਥੀ ਸਿੰਘ ਨੂੰ ਬਾਹਰ ਖਿੱਚ ਲਿਆਂਦਾ। ਅਖੰਡ ਪਾਠ ਨੂੰ ਖੰਡਿਤ ਕਰ ਦਿੱਤਾ ਗਿਆ। ਇਹ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਸੀ ਤੇ ਇਸ ਦੁਰਘਟਨਾ ਨੇ ਮਹਾਰਾਜੇ ਦੇ ਰਾਜਸੀ ਸਵਾਲ ਨੂੰ ਧਾਰਮਿਕ ਸਵਾਲ ਬਣਾ ਦਿੱਤਾ। ਜੈਤੋ ਮੋਰਚੇ ਦਾ ਮੁੱਖ ਨਿਸ਼ਾਨਾ ਖੰਡਿਤ ਅਖੰਡ ਪਾਠ ਨੂੰ ਮੁੜ ਅਖੰਡਿਤ ਰੂਪ ਵਿਚ ਚਾਲੂ ਕਰਨਾ ਸੀ। ਸਿੱਖਾਂ ਦੀ ਧਾਰਮਿਕ ਜੱਥੇਬੰਦੀ ਨੇ ਇਸ ਮੋਰਚੇ ਦੀ ਕਮਾਨ ਸੰਭਾਲਦਿਆਂ ਅੰਮ੍ਰਿਤਸਰ ਤੋਂ ਰੋਜ਼ਾਨਾ 25-25 ਸਿੰਘਾਂ ਦੇ ਜੱਥੇ ਜੈਤੋ ਵੱਲ ਭੇਜਣੇ ਸ਼ੁਰੂ ਕੀਤੇ। ਹਰ ਰੋਜ਼ ਇਕ ਜੱਥਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਚੱਲ ਕੇ ਜਦੋਂ ਜੈਤੋ ਪਹੁੰਚਦਾ ਤਾਂ ਹਕੂਮਤ ਵੱਲੋਂ ਸਿੰਘਾਂ ਨੂੰ ਗਿ੍ਰਫ਼ਤਾਰ ਕਰ ਕੇ ਜੰਗਲਾਂ ਵਿਚ ਲਿਜਾ ਕੇ ਛੱਡ ਦਿੱਤਾ ਜਾਂਦਾ। ਮੋਰਚੇ ਦੀ ਚਰਚਾ ਪੰਜਾਬ ਤੋਂ ਬਾਹਰ ਵੀ ਹੋਣ ਲੱਗੀ। ਕਾਂਗਰਸ ਵੱਲੋਂ ਪੰਡਿਤ ਜਵਾਹਰਲਾਲ ਨਹਿਰੂ, ਪਿ੍ਰੰਸੀਪਲ ਗਿਡਵਾਨੀ ਤੇ ਮਿਸਟਰ ਕੇ. ਸਨਾਤਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਜੈਤੋ ਮੰਡੀ ਭੇਜਿਆ ਗਿਆ। ਤਿੰਨਾਂ ਆਗੂਆਂ ਨੂੰ ਜੈਤੋ ਪੁੱਜਣ ’ਤੇ ਹੀ ਗਿ੍ਰਫ਼ਤਾਰ ਕਰ ਲਿਆ ਗਿਆ ਤੇ ਇਕ ਰਾਤ ਜੈਤੋ ਕਿਲੇ੍ਹ ਦੀ ਇਕ ਕੋਠੜੀ ਵਿਚ ਬੰਦ ਕਰਨ ਉਪਰੰਤ ਅਗਲੇ ਦਿਨ ਨਾਭਾ ਜੇਲ੍ਹ ਵਿਚ ਭੇਜ ਦਿੱਤਾ। ਉਣੱਤੀ ਸਤੰਬਰ 1923 ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਹਕੂਮਤ ਦੀ ਦਖਲਅੰਦਾਜ਼ੀ ਨਾ ਸਹਿਣ ਕਰਨ ਦਾ ਮਤਾ ਪਾਸ ਕੀਤਾ ਗਿਆ ਤੇ ਮੋਰਚੇ ਨੂੰ ਹੋਰ ਤੇਜ਼ ਕਰਨ ਲਈ 500-500 ਸਿੰਘਾਂ ਦਾ ਜੱਥੇ ਭੇਜਣ ਦਾ ਫ਼ੈਸਲਾ ਕੀਤਾ ਗਿਆ। ਪਹਿਲੇ ਜੱਥੇ ਨੂੰ 21 ਫਰਵਰੀ 1924 ਨੂੰ ਜੈਤੋ ਪੁੱਜ ਕੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਨੂੰ ਕਬਜ਼ੇ ਵਿਚ ਲੈਣ ਅਤੇ ਅਖੰਡ ਪਾਠ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ। ਇਹ ਵਿਸ਼ਾਲ ਜੱਥਾ 20 ਫਰਵਰੀ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਪੁੱਜਿਆ। ਇੱਕੀ ਫਰਵਰੀ ਨੂੰ ਸਵੇਰੇ ਕੀਰਤਨ ਕਰਨ ਉਪਰੰਤ ਇਹ ਜੱਥਾ ਜੈਤੋ ਵੱਲ ਕੂਚ ਕਰਨ ਲੱਗਿਆ। ਜੱਥੇ ਦੇ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਹੋਰ ਸੰਗਤ ਵੀ ਚੱਲ ਰਹੀ ਸੀ। ਕਾਂਗਰਸੀ ਨੇਤਾ ਡਾਕਟਰ ਕਿਚਲੂ, ਪਿ੍ਰੰਸੀਪਲ ਗਿਡਵਾਨੀ ਤੇ ਨਿਊਯਾਰਕ ਟਾਈਮਜ਼ ਦੇ ਪ੍ਰਤੀਨਿਧ ਮਿਸਟਰ ਜ਼ਿੰਮਦ ਕਾਰ ਵਿਚ ਸਵਾਰ ਹੋ ਕੇ ਜੱਥੇ ਦੇ ਨਾਲ-ਨਾਲ ਚੱਲ ਰਹੇ ਸਨ ਪਰ ਇਨ੍ਹਾਂ ਨੇਤਾਵਾਂ ਨੂੰ ਨਾਭਾ ਰਿਆਸਤ ਦੀ ਹੱਦ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ। ਜੱਥੇ ਦੇ ਅੱਗੇ ਪੰਜ ਸਿੰਘ ਨਿਸ਼ਾਨ ਸਾਹਿਬ ਲੈ ਕੇ ਚੱਲ ਰਹੇ ਸਨ ਤੇ ਵਿਚਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸੀ। ਅੰਗਰੇਜ਼ ਹਕੂਮਤ ਵੱਲੋਂ ਜੱਥੇ ਨੂੰ ਗੁਰਦੁਆਰਾ ਟਿੱਬੀ ਸਾਹਿਬ ਤੋਂ ਵਿੱਥ ’ਤੇ ਰੋਕ ਕੇ ਗੋਲ਼ੀ ਚਲਾ ਦੇਣ ਦੀ ਧਮਕੀ ਦਿੱਤੀ ਗਈ ਪਰ ਜੱਥਾ ਸ਼ਾਂਤਮਈ ਅੱਗੇ ਵਧਦਾ ਰਿਹਾ ਜਿਸ ’ਤੇ ਵਿਲਸਨ ਜਾਨਸਟਨ ਨੇ ਪੁਲਿਸ ਨੂੰ ਗੋਲ਼ੀ ਚਲਾਉਣ ਦਾ ਹੁਕਮ ਦੇ ਦਿੱਤਾ ਤੇ ਸੈਂਕੜੇ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ (ਸ਼੍ਰੋਮਣੀ ਕਮੇਟੀ ਅਨੁਸਾਰ ਇਸ ਘਟਨਾ ਵਿਚ 300 ਸਿੰਘ ਗੋਲ਼ੀ ਦਾ ਸ਼ਿਕਾਰ ਹੋਏ ਜਿਨ੍ਹਾਂ ਵਿੱਚੋਂ 100 ਸਿੰਘ ਸ਼ਹੀਦ ਹੋਏ)। ਅੰਤ ਹਕੂਮਤ ਸਿੱਖ ਸੰਘਰਸ਼ ਅੱਗੇ ਝੁਕ ਗਈ ਤੇ ਇਸ ਇਤਿਹਾਸਕ ਮੋਰਚੇ ਨੂੰ ਸਫਲਤਾ ਮਿਲੀ। ਸਿੱਖ ਸੰਗਤ ਨੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਮੁੜ ਅਖੰਡ ਪਾਠ ਸ਼ੁਰੂ ਕਰ ਕੇ ਮੋਰਚੇ ਨੂੰ ਤੋੜ ਚੜ੍ਹਾਇਆ।