ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਪਿੰਡਾਂ ‘ਚ ਡਟੇ ਪ੍ਰਸ਼ਾਸਨਿਕ ਅਧਿਕਾਰੀ

ਮਾਲੇਰਕੋਟਲਾ, 5 ਨਵੰਬਰ – ਪਰਾਲੀ ਨੂੰ ਸਾੜਨ ਦੇ ਮਾਮਲਿਆਂ ਦੀ ਰੋਕਥਾਮ ਲਈ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਜ਼ਮੀਨ ਦੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦਸਿਆ ਜਾ ਰਿਹਾ ਹੈ, ਉੱਥੇ ਹੀ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ਉੱਪਰ ਦਿੱਤੀ ਗਈ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੁਦਰਤੀ ਸਰੋਤ ਹਵਾ,ਧਰਤੀ,ਪਾਣੀ ਆਦਿ ਨੂੰ ਆਉਂਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕੀਤਾ ਜਾ ਸਕੇ । ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਅਤੇ ਐਸ.ਡੀ.ਐਮ. ਹਰਬੰਸ ਸਿੰਘ ਵਲੋਂ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਸ਼ੇਰਗੜ੍ਹ,ਝਨੇਰ,ਫਰਵਾਲੀ,ਬਾਪਲਾ,ਮਿੱਠੇਵਾਲ, ਦਸੌਦਾ ਸਿੰਘ ਵਾਲਾ,ਕਸਬਾ ਭਰਾਲ,ਜਲਵਾਣਾ,ਕਲਿਆਣ ,ਫੌਜੇਵਾਲ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿਚ ਹੀ ਨਿਪਟਾਰੇ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡੀ.ਐਸ.ਪੀ.ਕੁਲਦੀਪ ਸਿੰਘ ਵੀ ਮੌਜੂਦ ਸਨ । ਪਿੰਡ ਦਸੌਦਾ ਸਿੰਘ ਵਾਲਾ ਵਿਖੇ ਖੇਤ ਵਿੱਚ ਜਾਕੇ ਮੌਕੇ’ਤੇ ਝੋਨੇ ਦੀ ਰਹਿੰਦ-ਖੂਹੰਦ ਨੂੰ ਲੱਗੀ ਅੱਗ ਬੁਝਵਾਈ ਅਤੇ ਕਿਸਾਨ ਨੂੰ ਫਸ਼ਲੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਹੀ ਵਾਹ ਕੇ ਅਗਲੀ ਫਸ਼ਲ ਲਈ ਖੇਤ ਤਿਆਰ ਕਰਨ ਲਈ ਪ੍ਰੇਰਿਤ ਕੀਤਾ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇ ਸਕੀਏ।

ਸਾਂਝਾ ਕਰੋ