ਮਾਲੇਰਕੋਟਲਾ/ਅਮਰਗੜ੍ਹ 31 ਜਨਵਰੀ – ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਇਹ ਦਾਅਵਾ ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਨੇ ਦਿੱਲੀ ਦੇ ਵਿਧਾਨ ਸਭਾ ਹਲਕਾ ਪਾਲਮ ਵਿੱਚ ਡੋਰ ਟੂ ਡੋਰ ਪ੍ਰਚਾਰ ਦੌਰਾਨ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ‘ਆਪ’ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਦਿਖਾਇਆ ਹੈ। ਲੋਕਾਂ ਨੂੰ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ।
ਪ੍ਰੋਫੈਸਰ ਗੱਜਣਮਾਜਰਾ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਵੱਲੋਂ ਪਿਛਲੇ 10 ਸਾਲਾਂ ਵਿੱਚ ਦਿੱਲੀ ਨਿਵਾਸੀਆਂ ਦੇ ਬੁਨਿਆਂਦੀ ਸੁਧਾਰ ਅਤੇ ਵਿਕਾਸ ਲਈ ਅਹਿਮ ਨੀਤੀਆਂ ਤਿਆਰ ਕਰਕੇ ਲੋਕਾਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਾਉਂਦੀਆਂ ਸਿਹਤ, ਸਿੱਖਿਆ, ਫ੍ਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਆਉਣ ਵਾਲੀ 5 ਫਰਵਰੀ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਸਾਰਿਆਂ ਦੇ ਮੁੰਹ ਤੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਹੀ ਨਾਮ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ।