admin

ਸੰਸਦ ‘ਚ ਹੰਗਾਮੇ ਵਿਚਾਲੇ ਦੋ ਬਿੱਲ ਪਾਸ, ਕਾਰਵਾਈ ਕੱਲ੍ਹ ਸਵੇਰ ਤੱਕ ਮੁਲਤਵੀ

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਦਾ ਨੌਵਾਂ ਦਿਨ ਵੀ ਜ਼ੋਰਦਾਰ ਹੰਗਾਮੇ ਦੀ ਭੇਂਟ ਚੜ੍ਹਿਆ। ਪੇਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਵੀਰਵਾਰ ਨੂੰ ਵੀ ਸਦਨ ਦੀ ਕਾਰਵਾਈ ਸਹੀ ਢੰਗ ਨਾਲ ਨਹੀਂ ਚੱਲ ਸਕੀ। ਹਾਲਾਂਕਿ ਲੋਕ ਸਭਾ ਵਿਚ ਦੋ ਬਿਲ ਅੰਤਰਦੇਸ਼ੀ ਜਲਯਾਨ ਬਿੱਲ 2021 ਅਤੇ ਏਅਰਪੋਰਟ ਆਰਥਿਕ ਰੈਗੂਲੇਟਰੀ ਪਾਸ ਹੋ ਗਏ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ ਸਵੇਰੇ 11 ਵਜੇ ਦੁਬਾਰਾ ਸ਼ੁਰੂ ਹੋਵੇਗੀ।ਅੱਜ ਵੀ ਦੋਵੇਂ ਸਦਨਾਂ ਦੀ ਕਾਰਵਾਈ ਨਾਅਰੇਬਾਜ਼ੀ ਨਾਲ ਸ਼ੁਰੂ ਹੋਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸੰਸਦ ਦੀ ਮਰਿਯਾਦਾ ਬਣੀ ਰਹਿਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੰਗਾਮੇ ਦੀ ਘਟਨਾ ਦੁਹਰਾਈ ਜਾ ਰਹੀ ਹੈ। ਅੱਗੇ ਤੋਂ ਇਸ ਉੱਤੇ ਕਾਰਵਾਈ ਹੋਵੇਗੀ। ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦੇ ਸੰਬੋਧਨ ’ਤੇ ਹੰਗਾਮਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਕਾਰਵਾਈ 11.30 ਵਜੇ ਤੱਕ ਮੁਲਤਵੀ ਕੀਤੀ ਗਈ। ਉੱਧਰ ਰਾਜ ਸਭਾ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕੀਤੀ ਗਈ। 11.30 ਵਜੇ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਫਿਰ 12.30 ਵਜੇ ਤੱਕ ਮੁਲਤਵੀ ਹੋਈ। ਇਸ ਤੋਂ ਬਾਅਦ ਦੋਵੇਂ ਸਦਨ ਵਿਚ ਹੰਗਾਮਾ ਜਾਰੀ ਰਿਹਾ, ਜਿਸ ਦੇ ਚਲਦਿਆਂ ਕਾਰਵਾਈ ਦੋ ਵਜੇ ਤੱਕ ਮੁਲਤਵੀ ਕੀਤੀ ਗਈ। ਉਧਰ ਰਾਜ ਸਭਾ ਵਿਚ ਹੰਗਾਮੇ ਦੌਰਾਨ ਫੈਕਟਰ ਰੈਗੂਲੇਸ਼ਨ (ਸੋਧ) ਬਿੱਲ 2021 ਪਾਸ ਕਰ ਦਿੱਤਾ ਗਿਆ ਅਤੇ ਨਾਰੀਅਲ ਡਿਵੈਲਪਮੈਂਟ ਬੋਰਡ (ਸੋਧ) ਬਿੱਲ, 2021 ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਲੋਕ ਸਭਾ ਵਿਚ ਭਾਜਪਾ ਸੰਸਦ ਮੈਂਬਰ ਨਿਸ਼ਿਕਾਂਤ ਦੁਬੇ ਨੇ ਟੀਐਮਸੀ ਸੰਸਦ ਮੈਂਬਰ ’ਤੇ ਵੱਡਾ ਆਰੋਪ ਲਗਾਇਆ। ਉਹਨਾਂ ਕਿਹਾ ਕਿ ਮੈਂ ਝਾਰਖੰਡ ਤੋਂ ਆਉਂਦਾ ਹਾਂ ਅਤੇ 13 ਸਾਲ ਮੈਨੂੰ ਸਦਨ ਵਿਚ ਹੋ ਗਏ ਪਰ ਕੱਲ੍ਹ ਟੀਐਮਸੀ ਸਾਂਸਦ ਨੇ ਮੈਨੂੰ ‘ਬਿਹਾਰੀ ਗੁੰਡਾ’ ਕਿਹਾ। ਬਿਹਾਰ, ਝਾਰਖੰਡ, ਯੂਪੀ ਦੇ ਲੋਕ ਗੁੰਡੇ ਨਹੀਂ ਹਨ। ਇਸ ਤੋਂ ਬਾਅਦ 2 ਵਜੇ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ। ਇਸ ਦੌਰਾਨ ਨਾਅਰੇਬਾਜ਼ੀ ਵਿਚਾਲੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਲੋਕ ਸਭਾ ਵਿਚ ਏਅਰਪੋਰਟ ਆਰਥਿਕ ਰੈਗੂਲੇਟਰੀ ਅਥਾਰਟੀ ਆਫ ਇੰਡੀਆ ਬਿੱਲ 2021 ਪੇਸ਼ ਕੀਤਾ। ਇਸ ਤੋਂ ਬਾਅਦ ਲੋਕ ਸਭਾ ਵਿਚ ਬਿਲ ਪਾਸ ਹੋਇਆ। ਕੇਂਦਰੀ ਮੰਤਰੀ ਸਰਬੋਨੰਦ ਸੋਨੋਵਾਲ ਨੇ ਲੋਕ ਸਭਾ ਵਿਚ ਇਨਲੈਂਡ ਵੈਸਲਜ਼ ਬਿੱਲ ਪੇਸ਼ ਕੀਤਾ, ਜਿਸ ਨੂੰ ਲੋਕ ਸਭਾ ਨੇ ਪਾਸ ਕਰ ਦਿੱਤਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਸੰਸਦ ‘ਚ ਹੰਗਾਮੇ ਵਿਚਾਲੇ ਦੋ ਬਿੱਲ ਪਾਸ, ਕਾਰਵਾਈ ਕੱਲ੍ਹ ਸਵੇਰ ਤੱਕ ਮੁਲਤਵੀ Read More »

ਗੈਰ ਹਿਰਾਸਤੀ ਮਾਮਲਾ: ਪੰਜਾਬ ਸਰਕਾਰ ਸਮੇਤ ਡੀਜੀਪੀ, ਐੱਸਐੱਸਪੀ ਮਾਨਸਾ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ

ਚੰਡੀਗਡ਼੍ਹ : ਮਾਨਸਾ ਵਿਚ ਪਿਛਲੇ ਸਾਲ 18 ਜੂਨ ਨੂੰ ਪਵਨ ਕੁਮਾਰ ਨਾਂ ਦੇ ਵਿਅਕਤੀ ਨੂੰ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਘਰੋਂ ਚੁੱਕ ਕੇ ਥਾਣੇ ’ਚ ਗੈਰ-ਕਾਨੂੰਨੀ ਤਰੀਕੇ ਨਾਲ ਬੁਰੀ ਤਰ੍ਹਾਂ ਟਾਰਚਰ ਕੀਤਾ ਸੀ। ਇਸ ਦੇ ਬਾਅਦ ਪਵਨ ਕੁਮਾਰ ਹੁਣ ਲਕਵੇ ਦਾ ਸ਼ਿਕਾਰ ਹੋ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਪਵਨ ਕੁਮਾਰ ਨੇ ਉਸ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਹਾਈ ਕੋਰਟ ਤੋਂ ਮੰਗ ਕੀਤੀ ਹੈ। ਜਸਟਿਸ ਲੀਜ਼ਾ ਗਿੱਲ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਸਮੇਤ ਡੀਜੀਪੀ, ਐੱਸਐੱਸਪੀ ਮਾਨਸਾ ਤੇ ਸਬੰਧਤ ਐੱਸਐੱਚਓ ਨੂੰ ਇਕ ਨਵੰਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪਵਨ ਕੁਮਾਰ ਤੇ ਉਸ ਦੀ ਪਤਨੀ ਕਾਂਤਾ ਰਾਣੀ ਨੇ ਐਡਵੋਕੇਟ ਐੱਚਸੀ ਅਰੋੜਾ ਰਾਹੀਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਦੱਸਿਆ ਕਿ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਪਵਨ ਨੂੰ ਪਿਛਲੇ ਸਾਲ 18 ਜੂਨ ਨੂੰ ਉਸ ਦੇ ਘਰੋਂ ਚੁੱਕ ਲਿਆ ਸੀ। ਪਰ ਉਸ ਦੇ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ। ਉਸ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਿਆ ਗਿਆ ਤੇ ਬੁਰੀ ਤਰ੍ਹਾਂ ਟਾਰਚਰ ਕੀਤਾ ਗਿਆ। ਹਾਲਤ ਵਿਗਡ਼ਨ ਦੇ ਬਾਅਦ ਉਸ ਨੂੰ ਸਟਰੈਚਰ ’ਤੇ ਹਸਪਤਾਲ ਭੇਜ ਦਿੱਤਾ ਜਿਥੇ ਉਸ ਦਾ ਇਲਾਜ ਹੋਇਆ ਪਰ ਬੁਰੀ ਤਰ੍ਹਾਂ ਟਾਰਚਰ ਕਾਰਨ ਹੁਣ ਉਹ ਲਕਵੇ ਦਾ ਸ਼ਿਕਾਰ ਹੋ ਚੁੱਕਾ ਹੈ। ਇਸ ਮਾਮਲੇ ਵਿਚ ਉਸ ਦੀ ਸ਼ਿਕਾਇਤ ’ਤੇ ਐੱਸਆਈਟੀ ਗਠਿਤ ਕੀਤੀ ਗਈ ਸੀ ਜਿਸ ਨੇ ਸਿਰਫ ਇੰਸਪੈਕਟਰ ਮਨਜੀਤ ਸਿੰਘ ਖਿਲਾਫ ਹੀ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਰੱਖਣ ਤੇ ਟਾਰਚਰ ਕਰਨ ਨੂੰ ਲੈ ਕੇ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ। ਪਟੀਸ਼ਨਰ ਦਾ ਕਹਿਣਾ ਹੈ ਕਿ ਉਸ ਨੂੰ ਟਾਰਚਰ ਕਰਨ ਵਾਲੇ 4 ਅਧਿਕਾਰੀ ਸਨ, ਅਜਿਹੇ ਵਿਚ ਉਨ੍ਹਾਂ ਸਾਰਿਆਂ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇ ਤੇ ਉਸ ਨੂੰ ਬੁਰੀ ਤਰ੍ਹਾਂ ਟਾਰਚਰ ਕਰਨ ਕਾਰਨ ਲਕਵਾ ਹੋਣ ਲਈ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਹਾਈ ਕੋਰਟ ਨੇ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।

ਗੈਰ ਹਿਰਾਸਤੀ ਮਾਮਲਾ: ਪੰਜਾਬ ਸਰਕਾਰ ਸਮੇਤ ਡੀਜੀਪੀ, ਐੱਸਐੱਸਪੀ ਮਾਨਸਾ ਨੂੰ ਹਾਈ ਕੋਰਟ ਨੇ ਭੇਜਿਆ ਨੋਟਿਸ Read More »

ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੜਤਾਲ ਜਾਰੀ, ਕੰਮਕਾਰ ਰਿਹਾ ਠੱਪ

ਐੱਸਏਐੱਸ ਨਗਰ (ਮੁਹਾਲੀ), 28 ਜੁਲਾਈ-  ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਪਿਛਲੇ ਵੀਹ ਦਿਨਾਂ ਤੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਵਿਭਾਗ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਪੰਚਾਇਤ ਵਿਭਾਗ ਦੇ ਸਕੱਤਰ, ਗ੍ਰਾਮ ਸੇਵਕ, ਸੁਪਰਡੈਂਟ, ਬੀਡੀਪੀਓ, ਡੀਡੀਪੀਓ, ਸਕੱਤਰ ਜ਼ਿਲ੍ਹਾ ਪਰਿਸ਼ਦ, ਏਡੀਸੀ(ਵਿਕਾਸ), ਡਿਪਟੀ ਡਾਇਰੈਕਟਰ, ਵਧੀਕ ਡਾਇਰੈਕਟਰ ਆਦਿ ਸਮੁੱਚੀਆਂ ਕੈਟਾਗਰੀਆਂ ਦੀ ਹੜਤਾਲ ਕਾਰਨ ਰਾਜ ਵਿੱਚ ਵਿਕਾਸ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਪਿੰਡਾਂ ਦੇ ਸਰਪੰਚਾਂ ਵੱਲੋਂ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਨੂੰ ਪੰਚਾਇਤੀ ਅਧਿਕਾਰੀਆਂ ਦੀ ਹੜਤਾਲ ਖਤਮ ਕਰਨ ਦੀ ਗੁਹਾਰ ਲਗਾਈ ਜਾ ਰਹੀ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਖਤਮ ਕਰਾਉਣ ਲਈ ਅੱਜ ਮੰਤਰੀਆਂ ਦੇ ਸਮੂਹ ਵਿੱਚ ਸ਼ਾਮਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਨਵੇਂ ਬਣੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਵਿੱਤ, ਪ੍ਰਸੋਨਲ ਤੇ ਸਿਹਤ ਵਿਭਾਗ ਦੇ ਸਕੱਤਰ ਨੇ ਪੰਚਾਇਤ ਵਿਭਾਗ ਦੇ ਬਲਾਕ ਅਤੇ ਉੱਚ ਅਧਿਕਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਬਣਾਈ ਸਾਂਝੀ ਐਕਸ਼ਨ ਕਮੇਟੀ ਨਾਲ ਡੇਢ ਘੰਟੇ ਦੇ ਕਰੀਬ ਗੱਲਬਾਤ ਕੀਤੀ। ਪੰਜਾਬ ਭਵਨ ਵਿੱਚ ਹੋਈ ਇਸ ਮੀਟਿੰਗ ਵਿੱਚ ਐਕਸ਼ਨ ਕਮੇਟੀ ਵੱਲੋਂ ਡਿਪਟੀ ਡਾਇਰੈਕਟਰ ਜੇਐੱਸ ਬਰਾੜ, ਡੀਡੀਪੀਓ ਮੁਹਾਲੀ ਸੁਖਚੈਨ ਸਿੰਘ, ਸਾਬਕਾ ਡੀਡੀਪੀਓ ਡੀਐੱਸ ਸਾਲਦੀ, ਬੀਡੀਪੀਓ ਐਸੋਸੀਏਸ਼ਨ ਦੀ ਸੂਬਾ ਪ੍ਰਧਾਨ ਨਵਦੀਪ ਕੌਰ ਅਤੇ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਪਰਨੀਤ ਕੌਰ ਸਿੱਧੂ ਸ਼ਾਮਲ ਹੋਏ। ਮੰਤਰੀਆਂ ਦੇ ਸਮੂਹ ਨੇ ਪੰਚਾਇਤੀ ਅਧਿਕਾਰੀਆਂ ਨੂੰ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਦੇ ਭਰੋਸੇ ਉੱਤੇ ਹੜਤਾਲ ਖਤਮ ਕਰਕੇ ਕੰਮ ’ਤੇ ਪਰਤਣ ਦੀ ਅਪੀਲ ਕੀਤੀ ਪਰ ਵਿਭਾਗੀ ਅਧਿਕਾਰੀਆਂ ਨੇ 1993 ਤੋਂ 96 ਤੱਕ ਚੱਲਦੇ ਤਨਖਾਹ ਸਕੇਲਾਂ ਅਨੁਸਾਰ ਨਵੇਂ ਸਕੇਲ ਨਿਰਧਾਰਿਤ ਕਰਨ ਅਤੇ ਪੀਏਐੱਮਸੀ ਸਕੀਮ ਨੂੰ ਜਾਰੀ ਰੱਖਣ ਦੀ ਮੰਗ ਪੂਰੀ ਹੋਣ ’ਤੇ ਹੀ ਹੜਤਾਲ ਖਤਮ ਕਰਨ ਦੀ ਗੱਲ ਆਖੀ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਆਪਣੇ ਜ਼ਿਲ੍ਹੇ ਅਤੇ ਮੁੱਖ ਦਫ਼ਤਰ ਵਿੱਚ ਧਰਨੇ ਮੀਂਹ ਦੇ ਬਾਵਜੂਦ ਵੀ ਜਾਰੀ ਰੱਖੇ।

ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੜਤਾਲ ਜਾਰੀ, ਕੰਮਕਾਰ ਰਿਹਾ ਠੱਪ Read More »

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ

ਚੰਡੀਗੜ੍ਹ : ਦਲਿਤ ਵਿਦਿਆਰਥੀਆਂ ਲਈ ਕੇਂਦਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦੀ ਜਾਂਚ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀਬੀਆਈ) ਨੂੰ ਸੌਂਪ ਦਿੱਤੀ ਗਈ ਹੈ। ਕੇਂਦਰੀ ਸਮਾਜਿਕ ਅਧਿਕਾਰਤਾ ਤੇ ਨਿਆਂ ਮੰਤਰਾਲੇ ਦੇ ਕਹਿਣ ’ਤੇ ਹੁਣ 63.91 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਸੀਬੀਆਈ ਕਰੇਗੀ। ਉੱਥੇ, ਇਸ ਘੁਟਾਲੇ ਵਿਚ ਨਵੇਂ ਤੱਥ ਨਿਕਲ ਕੇ ਸਾਹਮਣੇ ਆਏ ਹਨ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਹਾਲੇ ਤਕ ਅਧਿਕਾਰਕ ਰੂਪ ਨਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਨਹੀਂ ਦਿੱਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਇਕ ਵਾਰ ਫਿਰ ਪੰਜਾਬ ਸਰਕਾਰ ਲਈ ਪਰੇਸ਼ਾਨੀ ਖੜ੍ਹੀ ਕਰ ਸਕਦਾ ਹੈ। ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਰਾਸ਼ਟਰੀ ਐੱਸਸੀ ਕਮਿਸ਼ਨ ਦੇ ਸਾਹਮਣੇ ਪੰਜਾਬ ਸਰਕਾਰ ਦੇ ਅਧਿਕਾਰੀ ਚਾਰ ਵਾਰ ਪੇਸ਼ ਹੋ ਚੁੱਕੇ ਹਨ। ਕਮਿਸ਼ਨ ਪੰਜਾਬ ਸਰਕਾਰ ਤੋਂ ਅਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਸਰੋਜ ਦੀ ਰਿਪੋਰਟ ਅਤੇ ਸਰਕਾਰ ਵੱਲੋਂ ਤਿੰਨ ਆਈਏਐੱਸ ਅਧਿਕਾਰੀਆਂ ਵੱਲੋਂ ਕਾਰਵਾਈ ਗਈ ਜਾਂਚ ਦੀ ਰਿਪੋਰਟ ਮੰਗ ਰਿਹਾ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਕਮਿਸ਼ਨ ਨੂੰ ਹਾਲੇ ਤਕ ਰਿਪੋਰਟ ਨਹੀਂ ਸੌਂਪੀ ਹੈ। ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਾਰ-ਵਾਰ ਮੰਗਣ ’ਤੇ ਵੀ ਰਿਪੋਰਟ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਕਹਿ ਰਹੇ ਹਨ ਕਿ ਸਰਕਾਰ ਨੇ ਹਾਲੇ ਤਕ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਨਹੀਂ ਦਿੱਤੀ ਹੈ। ਅਧਿਕਾਰੀਆਂ ਨੇ ਕਮਿਸ਼ਨ ਨੂੰ ਦੱਸਿਆ ਹੈ ਕਿ ਜਾਂਚ ਹਾਲੇ ਪੂਰੀ ਨਹੀਂ ਹੋਈ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਰਿਪੋਰਟ ਕੈਬਨਿਟ ਵਿਚ ਪੇਸ਼ ਕੀਤੀ ਜਾਵੇਗੀ। ਹਾਲਾਂਕਿ ਕਮਿਸ਼ਨ ਦੇ ਸਾਹਮਣੇ ਅਧਿਕਾਰੀਆਂ ਦੇ ਕੋਲ ਇਸ ਗੱਲ ਦਾ ਕੋਈ ਜਵਾਬ ਨਹੀਂ ਹੈ ਕਿ ਜਦੋਂ ਜਾਂਚ ਪੂਰੀ ਨਹੀਂ ਹੋਈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਨੂੰ ਕਲੀਨ ਚਿੱਟ ਕਿਵੇਂ ਦੇ ਦਿੱਤੀ? ਸੀਬੀਆਈ ਨੇ ਪੰਜਾਬ ਸਰਕਾਰ ਤੋਂ ਘੁਟਾਲੇ ਦੇ ਸਬੰਧ ਵਿਚ ਦਸਤਾਵੇਜ਼ਾਂ ਦੀ ਵੀ ਮੰਗ ਕਰ ਲਈ ਹੈ। ਸੀਬੀਆਈ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਵਿਚ ਹੋਏ ਘੁਟਾਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਜਾਣ ਦੇ ਨਾਲ ਹੀ ਪੰਜਾਬ ਦੀ ਦਲਿਤ ਰਾਜਨੀਤੀ ਵਿਚ ਉਛਾਲ ਆਉਣਾ ਸ਼ੁਰੂ ਹੋ ਗਿਆ ਹੈ।

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ Read More »

ਰੇਲਵੇ ਮੰਤਰੀ ਵਲੋਂ ਵੇਟਲਿਫਟਰ ਮੀਰਾਬਾਈ ਚਾਨੂ ਨੂੰ 2 ਕਰੋੜ ਰੁਪਏ ਅਤੇ ਤਰੱਕੀ ਦੇਣ ਦਾ ਐਲਾਨ

ਨਵੀਂ ਦਿੱਲੀ: ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਮਵਾਰ ਨੂੰ ਟੋਕਿਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਚਾਨੂ  ਨੂੰ 2 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ।ਟਵੀਟ ਕਰਦਿਆਂ ਰੇਲਵੇ ਮੰਤਰਾਲੇ ਨੇ ਕਿਹਾ, ਮਾਨਯੋਗ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨੇ ਓਲੰਪਿਕ ਸਿਲਵਰ ਮੈਡਲਿਸਟ ਅਤੇ ਭਾਰਤੀ ਵੇਟਲਿਫਟਰ, ਸ਼੍ਰੀਮਤੀ ਮੀਰਾਬਾਈ ਚਾਨੂ ਦਾ ਸਨਮਾਨ ਕੀਤਾ।ਮਾਨਯੋਗ ਮੰਤਰੀ ਨੇ ਟੋਕਿਓ ਓਲੰਪਿਕ 2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ 2 ਕਰੋੜ ਰੁਪਏ ਦਾ ਨਕਦ ਇਨਾਮ ਅਤੇ ਉਨ੍ਹਾਂ ਨੂੰ ਤਰੱਕੀ ਦੇਣ ਦਾ ਐਲਾਨ ਕੀਤਾ। ਸ਼ਨੀਵਾਰ ਨੂੰ 49 ਕਿਲੋਗ੍ਰਾਮ ਵਰਗ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਚਨੂੰ ਨੇ ਓਲੰਪਿਕ ਖੇਡਾਂ ਵਿਚ ਭਾਰਤ ਦੇ ਤਗਮੇ ਦੀ ਸੂਚੀ ਵਿਚ ਖਾਤਾ ਖੋਲ੍ਹਿਆ। ਘਰ ਪਰਤਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਰੇਲਵੇ ਮੰਤਰੀ ਵਲੋਂ ਵੇਟਲਿਫਟਰ ਮੀਰਾਬਾਈ ਚਾਨੂ ਨੂੰ 2 ਕਰੋੜ ਰੁਪਏ ਅਤੇ ਤਰੱਕੀ ਦੇਣ ਦਾ ਐਲਾਨ Read More »

ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ  ਅਪੀਲ

ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਕੋਵਿਡ ਦੀ ਸਥਿਤੀ ਵਿੱਚ ਹੁਣ ਕਾਫੀ ਸੁਧਾਰ ਹੋ ਗਿਆ ਹੈ, ਜਿਸ ਕਰਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕੋਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਖੁਸ਼ੀ ਹੋਵੇਗੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਿਰ ਕੀਤੀ। ਚੇਤੇ ਰਹੇ ਕਿ ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿੱਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿੱਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ, “ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ।”

ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ  ਅਪੀਲ Read More »

ਬਿਜਲੀ ਦੀ ਮੰਗ ਘੱਟਣ ਨਾਲ ਰੋਪੜ ਦੇ ਤਿੰਨ ਯੂਨਿਟ ਬੰਦ

ਘਨੌਲੀ : ਸੂਬੇ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਜਲੀ ਦੀ ਮੰਗ ਘੱਟ ਗਈ ਹੈ। ਪੀਐੱਸਪੀਸੀਐੱਲ ਨੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਤਿੰਨ ਯੂਨਿਟ ਬੰਦ ਕਰ ਦਿੱਤੇ ਹਨ। ਥਰਮਲ ਪਲਾਂਟ ਰੋਪੜ ਦੇ ਅਧਿਕਾਰਤ ਸੂਤਰਾਂ ਮੁਤਾਬਕ ਉਥੋਂ ਦੇ ਯੂਨਿਟ ਨੰਬਰ 3, 4 ਤੇ 6 ਨੂੰ ‘ਨੋ ਡਿਮਾਂਡ’ ਕਾਰਨ ਬੰਦ ਕੀਤਾ ਗਿਆ ਹੈ। ਦਰਅਸਲ, ਪਿਛਲੇ ਦਿਨੀ 20 ਅਤੇ 21 ਜੁਲਾਈ ਨੂੰ ਮੀਂਹ ਪੈਣ ਸਦਕਾ ਅਤੇ ਬਿਜਲੀ ਦੀ ਮੰਗ ਨਾ ਹੋਣ ਕਾਰਨ ਰੋਪੜ ਥਰਮਲ ਪਲਾਂਟ ਦੇ ਯੂਨਿਟ ਜੋ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿਚ ਵਧੀ ਹੋਈ ਬਿਜਲੀ ਦੀ ਮੰਗ ਨੂੰ ਪੂਰਾ ਕਰ ਰਹੇ ਸਨ, ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਪਿੱਛੋਂ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵਧਣ ਕਾਰਨ ਅਤੇ ਪਲਾਂਟ ਦੇ ਯੂਨਿਟ ਨੰਬਰ ਛੇ ਨੂੰ 22 ਜੁਲਾਈ ਨੂੰ, ਯੂਨਿਟ ਨੰਬਰ ਚਾਰ ਨੂੰ 23 ਜੁਲਾਈ ਨੂੰ ਅਤੇ ਯੂਨਿਟ ਨੰਬਰ ਤਿੰਨ ਨੂੰ 24 ਜੁਲਾਈ ਨੂੰ ਬਿਜਲੀ ਉਤਪਾਦਨ ਲਈ ਚਲਾਇਆ ਸੀ। ਹੁਣ ਮੌਨਸੂਨ ਆਉਣ ਤੇ ਭਾਰੀ ਮੀਂਹ ਪੈਣ ਪਿੱਛੋਂ ਬਿਜਲੀ ਦੀ ਮੰਗ ਮੁੜ ਘਟੀ ਹੈ। ਇਸ ਲਈ ਯੂਨਿਟ ਨੰਬਰ ਤਿੰਨ ਨੂੰ 27 ਜੁਲਾਈ ਨੂੰ ਰਾਤ 8 ਵਜ ਕੇ 10 ਮਿੰਟ ’ਤੇ ਬੰਦ ਕਰ ਦਿੱਤਾ ਗਿਆ। 28 ਜੁਲਾਈ ਸਵੇਰੇ ਯੂਨਿਟ ਨੰਬਰ ਚਾਰ ਨੂੰ 5 ਵਜ ਕੇ 30 ਮਿੰਟ ਅਤੇ ਯੂਨਿਟ ਨੰਬਰ ਛੇ ਨੂੰ ਦੁਪਹਿਰ 12 ਵਜ ਕੇ 50 ਮਿੰਟ ’ਤੇ ਬੰਦ ਕੀਤਾ ਗਿਆ ਹੈ।

ਬਿਜਲੀ ਦੀ ਮੰਗ ਘੱਟਣ ਨਾਲ ਰੋਪੜ ਦੇ ਤਿੰਨ ਯੂਨਿਟ ਬੰਦ Read More »

ਮਰਿਆਦਾ ਦੀ ਉਲੰਘਣਾ ਮਾਮਲੇ ਵਿਚ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅੰਮ੍ਰਿਤਸਰ : ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪੁੱਜਣ ’ਤੇ ਉਨ੍ਹਾਂ ਦੇ ਸਵਾਗਤ ਵਿਚ ਮਰਿਆਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਤਿੰਨ ਮੈਂਬਰੀ ਕਮੇਟੀ ਨੇ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪੜਤਾਲ ਕੀਤੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਇੰਚਾਰਜ ਧਾਰਮਿਕ ਪੜਤਾਲਾਂ ਅਜੀਤ ਸਿੰਘ ’ਤੇ ਆਧਾਰਿਤ ਕਮੇਟੀ ਉਤਰਾਖੰਡ ਵਿਖੇ ਭੇਜੀ ਗਈ ਸੀ। ਇਸ ਕਮੇਟੀ ਨੇ ਸਾਰੇ ਮਾਮਲੇ ਦੀ ਪੜਤਾਲ ਕਰਦਿਆਂ ਪ੍ਰਬੰਧਕਾਂ ਦੇ ਬਿਆਨ ਦਰਜ ਕੀਤੇ। ਸੰਗਤਾਂ ਦੀ ਮਨਸ਼ਾ ਅਨੁਸਾਰ ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਸ ਪਿੱਛੋਂ ’ਤੇ ਸੰਗਤਾਂ ’ਚੋਂ ਜਰਨੈਲ ਸਿੰਘ, ਸੁਖਦੀਪ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ ਤੇ ਅਮਰਜੀਤ ਸਿੰਘ ’ਤੇ ਆਧਾਰਿਤ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਗਲਾ ਹੁਕਮ ਆਉਣ ਤਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੇਖੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਜਾਂਚ ਟੀਮ ਜਲਦ ਆਪਣੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਆਦੇਸ਼ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਮਰਿਆਦਾ ਦੀ ਉਲੰਘਣਾ ਮਾਮਲੇ ਵਿਚ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ Read More »

ਕੇਂਦਰ ਸਰਕਾਰ ਲੜਾਓ ਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ‘ਤੇ ਉੱਤਰ ਆਈ- ਭਗਵੰਤ ਮਾਨ

ਨਵੀਂ ਦਿੱਲੀ : ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ ‘ਫੁੱਟ ਪਾਓ ਤੇ ਰਾਜ ਕਰੋ’ ਨੀਤੀ ਤੋਂ ਚਾਰ ਕਦਮ ਅੱਗੇ ਵਧਦੀ ਹੋਈ ਲੜਾਓ ਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ‘ਤੇ ਉੱਤਰ ਆਈ ਹੈ। ਇਸ ਸਿਲਸਿਲੇ ‘ਚ ਕਿਸਾਨ ਅੰਦੋਲਨ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ ਤਾਂ ਜੋ ਕਾਲ਼ੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕੀਤਾ ਜਾਵੇ।’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੰਸਦ ਦੇ ਬਾਹਰ ਪ੍ਰਤੀਕਿਰਿਆ ਦਿੰਦਿਆਂ ਕੀਤਾ। ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਲਗਾਤਾਰ ਸੱਤਵੀਂ ਵਾਰ ਸੰਸਦ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕਰਨ ਸਮੇਂ ਕੀਤਾ।  

ਕੇਂਦਰ ਸਰਕਾਰ ਲੜਾਓ ਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ‘ਤੇ ਉੱਤਰ ਆਈ- ਭਗਵੰਤ ਮਾਨ Read More »

ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਉੱਚਿਤ ਸਮੇਂ ‘ਤੇ ਦਿੱਤਾ ਜਾਵੇਗਾ- ਕੇਂਦਰੀ ਗ੍ਰਹਿ ਰਾਜ

ਨਵੀਂ ਦਿੱਲੀ: ਸਰਕਾਰ ਨੇ ਬੁੱਧਵਾਰ ਨੂੰ ਸੰਸਦ ‘ਚ ਕਿਹਾ ਕਿ ਜੰਮੂ-ਕਸ਼ਮੀਰ ਨੂੰ ਉਥੇ ਹਾਲਾਤ ਆਮ ਵਰਗੇ ਹੋਣ ਤੋਂ ਬਾਅਦ ਉੱਚਿਤ ਸਮੇਂ ‘ਤੇ ਪੂਰਨ ਰਾਜ ਦਾ ਦਰਜਾ ਦਿੱਤਾ ਜਾਵੇਗਾ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਰਾਜ ਸਭਾ ਨੂੰ ਇਕ ਪ੍ਰਸ਼ਨ ਦੇ ਉੱਤਰ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਕੀ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਸਰਕਾਰ ਦਾ ਕੋਈ ਪ੍ਰਸਤਾਵ ਹੈ ਅਤੇ ਕੀ ਉਥੇ ਸੰਚਾਰ ਦੇ ਵੱਖ-ਵੱਖ ਮਾਧਿਅਮਾਂ ‘ਤੇ ਲਗਪਗ ਇਕ ਸਾਲ ਤੋਂ ਜਾਰੀ ਪਾਬੰਦੀ ਹਟਾਉਣ ਲਈ ਕੁਝ ਯਤਨ ਕੀਤੇ ਗਏ ਹਨ। ਰਾਏ ਨੇ ਦੱਸਿਆ ਕਿ ਰਾਸ਼ਟਰ ਹਿੱਤ ਅਤੇ ਜੰਮੂ-ਕਸ਼ਮੀਰ ਦੀ ਸੁਰੱਖਿਆ ਦੇ ਹਿੱਤ ਵਿਚ ਜੰਮੂ-ਕਸ਼ਮੀਰ ਰਾਜ ਦੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ ਵਿਚ ਵੰਡ ਅਤੇ ਉਥੇ ਸੰਵਿਧਾਨਕ ਬਦਲਾਅ ਨੂੰ ਦੇਖਦੇ ਹੋਏ ਮੋਬਾਈਲ ਸੇਵਾਵਾਂ ਤੇ ਇੰਟਰਨੈੱਟ ਵਰਗੇ ਸੰਚਾਰ ਦੇ ਵੱਖ-ਵੱਖ ਚੈਨਲਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਸਨ। ਇਹ ਪਾਬੰਦੀਆਂ ਅਸਥਾਈ ਸਨ। ਸਮੇਂ-ਸਮੇਂ ‘ਤੇ ਹਾਲਾਤ ਦੀ ਸਮੀਖਿਆ ਕੀਤੀ ਗਈ ਅਤੇ ਹੌਲੀ-ਹੌਲੀ ਪਾਬੰਦੀਆਂ ਹਟਾ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੰਜ ਫਰਵਰੀ ਤੋਂ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ 4ਜੀ ਇੰਟਰਨੈੱਟ ਸੇਵਾਵਾਂ ਬਹਾਲ ਕੀਤੀਆਂ ਜਾ ਚੁੱਕੀਆਂ ਹਨ।

ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਉੱਚਿਤ ਸਮੇਂ ‘ਤੇ ਦਿੱਤਾ ਜਾਵੇਗਾ- ਕੇਂਦਰੀ ਗ੍ਰਹਿ ਰਾਜ Read More »