ਕੇਲ ਦਾ ਕੋਈ ਪੰਜਾਬੀ ਨਾਂ ਹਾਲੇ ਤੱਕ ਰੱਖਿਆ ਹੀ ਨਹੀਂ ਗਿਆ ਕਿਉਂਕਿ ਪਹਿਲਾਂ ਪੰਜਾਬ ਵਿਚ ਇਹ ਬੀਜਿਆ ਨਹੀਂ ਸੀ ਜਾਂਦਾ। ਮੂਲੀ, ਸਰੋਂ ਤੇ ਪੱਤਾ ਗੋਭੀ ਦੇ ਮਿਸ਼ਰਨ ਵਰਗਾ ਕੇਲ ਪੱਤਾ ਏਨੇ ਕਮਾਲ ਦੇ ਗੁਣਕਾਰੀ ਤੱਤ ਲੁਕਾਈ ਬੈਠਾ ਹੈ ਕਿ ਹੁਣ ਪੂਰੀ ਦੁਨੀਆ ਵਿਚ ਚੋਟੀ ਦੇ ਲਾਜਵਾਬ 11 ਖਾਣਿਆਂ ਵਿਚ ਇਸ ਦਾ ਨਾਂ ਸ਼ੁਮਾਰ ਹੋ ਗਿਆ ਹੈ। ਇੱਕ ਨਹੀਂ, ਅਨੇਕ ਖੋਜਾਂ ਵਿਚ ਦਿਲ ਅਤੇ ਕੈਂਸਰ ਦੇ ਮਰੀਜ਼ਾਂ ਲਈ ਬਿਹਤਰੀਨ ਦਵਾਈ ਸਾਬਤ ਹੋ ਚੁੱਕੇ ਹਲਕੇ ਅਤੇ ਗੂੜੇ ਹਰੇ ਰੰਗ ਦੇ ਗੁਣਕਾਰੀ ਪੱਤੇ ਹੁਣ ਸਰੀਰ ਦੇ ਕਈ ਅੰਗਾਂ ਦੇ ਕੰਮਕਾਰ ਨੂੰ ਸਹੀ ਰੱਖਣ ਵਿਚ ਵੀ ਸਹਾਈ ਸਾਬਤ ਹੋ ਰਹੇ ਹਨ। ਹਾਲੇ ਤੱਕ ਦੇ ਮਿਲੇ ਇਤਿਹਾਸਕ ਤੱਥਾਂ ਅਨੁਸਾਰ ਰੋਮ ਵਿਚ ਪਹਿਲੀ ਵਾਰ ਕਿਸੇ ਮਨੁੱਖ ਨੇ ਇਨਾਂ ਪੱਤਿਆਂ ਨੂੰ ਚੱਖਿਆ ਤੇ ਉਸ ਨੂੰ ਏਨੇ ਫ਼ਾਇਦੇ ਦਿਸੇ ਕਿ ਉਸ ਨੇ ਆਪ ਬੀਜਣ ਦਾ ਫ਼ੈਸਲਾ ਕਰ ਲਿਆ। ਬਸ ਫਿਰ ਕੀ ਸੀ! ਹਰ ਘਰ ਵਿਚ ਕੇਲ ਪੱਤਿਆਂ ਦੀਆਂ ਕਿਆਰੀਆਂ ਤਿਆਰ ਹੋ ਗਈਆਂ। ਪੁਰਾਣੇ ਸਮਿਆਂ ਵਿਚ ਸੋਮ ਰਸ ਪੀਣ ਬਾਅਦ ਚੜੇ ਨਸ਼ੇ ਨੂੰ ਲਾਹੁਣ ਲਈ ਕੇਲ ਪੱਤਿਆਂ ਨੂੰ ਉਬਾਲ ਕੇ ਉਸਦਾ ਪਾਣੀ ਪੀ ਲਿਆ ਜਾਂਦਾ ਸੀ। ਜੇ ਰੋਮਨ ਵਿਚ ਲਿਖੇ ਪੁਰਾਣੇ ਪਤਰੇ ਪੜੇ ਜਾਣ ਤਾਂ ਲਿਖਿਆ ਮਿਲਦਾ ਹੈ ਕਿ ‘ਬਰਾਸਿਕਾ’ ਸਿਹਤਮੰਦ ਖ਼ੁਰਾਕ ਹੈ। ਬਰਾਸਿਕਾ ਵਿਚ ਸ਼ਲਗਮ, ਪੱਤਗੋਭੀ ਤੇ ਕੇਲ ਸ਼ਾਮਲ ਕੀਤੇ ਗਏ ਸਨ। ਹਲਕੇ ਜਾਮਨੀ ਤੋਂ ਲੈ ਕੇ ਹਲਕੇ ਹਰੇ ਰੰਗ ਦੇ ਖਿਲਰੀ ਪੱਤ ਗੋਭੀ ਵਾਂਗ, ਪਰ ਸਿਰਿਆਂ ਤੋਂ ਘੁੰਘਰਾਲੇ ਕੇਲ ਪੱਤੇ ਕੁਦਰਤ ਦੀ ਕੀਤੀ ਕਾਰੀਗਰੀ ਦੀ ਖ਼ੁਬੂਸੂਰਤ ਮਿਸਾਲ ਹਨ। ਇਸੇ ਲਈ ਅਨੇਕ ਲੋਕ ਇਨਾਂ ਨੂੰ ਬਾਗ਼ ਵਿਚ ਜਾਂ ਗਮਲਿਆਂ ਵਿਚ ਘਰ ਦੀ ਖ਼ੂਬਸੂਰਤੀ ਵਧਾਉਣ ਲਈ ਵੀ ਲਾ ਲੈਂਦੇ ਹਨ। ਈਸਾ ਮਸੀਹ ਤੋਂ 2000 ਸਾਲ ਪਹਿਲਾਂ ਤੋਂ ਹੀ ਕੇਲ ਪੱਤੇ ਉਗਾਏ ਜਾਣ ਲੱਗ ਪਏ ਸਨ। ਯੂਰਪ ਵਿਚ ਤੇਹਰਵੀਂ ਸਦੀ ਵਿਚ ਕੇਲ ਨੂੰ ‘ਸਿਰਲੱਥ ਗੋਭੀ’ ਵਜੋਂ ਜਾਣਿਆ ਜਾਂਦਾ ਸੀ ਕਿਉਂਕਿ ਪੱਤੇ ਤਾਂ ਪੱਤਗੋਭੀ ਨਾਲ ਰਲਦੇ ਸਨ ਪਰ ਗੋਭੀ ਵਾਂਗ ਗੰਢ ਕੋਈ ਹੈ ਹੀ ਨਹੀਂ ਸੀ। ਰੂਸੀ ਕੇਲ ਤਾਂ ਏਨੀ ਖ਼ੂਬਸੂਰਤ ਹੁੰਦੀ ਹੈ ਜਿਵੇਂ ਕਿਸੇ ਮੁਟਿਆਰ ਦੇ ਹਵਾ ਦੇ ਬੁੱਲੇ ਨਾਲ ਘੁੰਘਰਾਲੇ ਵਾਲ ਖਿਲਰ ਗਏ ਹੋਣ। ਉੰਨੀਵੀਂ ਸਦੀ ਵਿਚ ਰੂਸ ਤੋਂ ਕੇਲ ਪੱਤੇ ਅਮਰੀਕਾ ਤੇ ਕਨੇਡਾ ਵਿਖੇ ਲਿਜਾਏ ਗਏ ਸਨ। ‘ਡੇਵਿਡ ਫੇਅਰਚਾਈਲਡ’, ਜੋ ਵਨਸਪਤੀ ਦਾ ਡਾਕਟਰ ਸੀ, ਨੂੰ ਪੱਤਗੋਭੀ ਜਾਂ ਕੇਲ ਉੱਕਾ ਹੀ ਖਾਣੇ ਪਸੰਦ ਨਹੀਂ ਸਨ। ਖੋਜਾਂ ਦੌਰਾਨ ਉਸ ਨੂੰ ਪਤਾ ਲੱਗਿਆ ਕਿ ਕੇਲ ਪੱਤੇ ਧਰਤੀ ਹੇਠਲਾ ਵਾਧੂ ਲੂਣ ਖਿੱਚ ਲੈਂਦੇ ਹਨ ਤੇ ਧਰਤੀ ਉਪਜਾਊ ਬਣਾ ਦਿੰਦੇ ਹਨ। ਸੌਖੇ ਉੱਗ ਜਾਣ ਵਾਲੇ ਇਨਾਂ ਪੱਤਿਆਂ ਨੂੰ ਕਰੋਸ਼ੀਆ ਤੋਂ ਅਮਰੀਕਾ ਲਿਆ ਕੇ ਬਹੁਤ ਵੱਡੀ ਪੱਧਰ ਉੱਤੇ ਉਗਾਉਣ ਵਿਚ ਡੇਵਿਡ ਦਾ ਹੀ ਹੱਥ ਹੈ। ਅਮਰੀਕਨ ਉਦੋਂ ਤੱਕ ਇਨਾਂ ਪੱਤਿਆਂ ਨੂੰ ਖ਼ੂਬਸੂਰਤੀ ਵਜੋਂ ਹੀ ਉਗਾਉਂਦੇ ਤੇ ਵਰਤਦੇ ਰਹੇ ਜਦ ਤਕ ਸੰਨ 1990 ਵਿਚ ਇਸ ਵਿਚਲੇ ਕੁਦਰਤੀ ਗੁਣਾਂ ਦੇ ਖਜ਼ਾਨੇ ਬਾਰੇ ਪਤਾ ਨਾ ਲੱਗਿਆ। ਬਸ ਫਿਰ ਕੀ ਸੀ! ਧੜਾਧੜ ਇਸ ਦੀ ਵਰਤੋਂ ਹਰ ਰੋਜ਼ ਦੇ ਖਾਣਿਆਂ ਵਿਚ ਹੋਣ ਲੱਗ ਪਈ। ਵਿਸ਼ਵ ਜੰਗ ਦੂਜੀ ਵਿਚ ਇੰਗਲੈਂਡ ਵਿਚ ਫੌਜੀਆਂ ਦੀ ਸਿਹਤ ਠੀਕ ਰੱਖਣ ਅਤੇ ਖ਼ੁਰਾਕ ਦੀ ਕਮੀ ਨਾਲ ਜੂਝਣ ਲਈ ਕੇਲ ਪੱਤੇ ਹੀ ਖਾਣ ਲਈ ਦਿੱਤੇ ਜਾਂਦੇ ਰਹੇ ਸਨ। ਗਰਮੀ ਸਰਦੀ ਦੇ ਮੌਸਮ ਨੂੰ ਜਰਨ ਲਈ ਕੇਲ ਪੱਤੇ ਤਗੜੇ ਹਨ। ਕੁਦਰਤ ਨੇ ਮਨਫ਼ੀ 15 ਡਿਗਰੀ ਸੈਲਸੀਅਸ ਤੱਕ ਦੀ ਬਰਫੀਲੀ ਠੰਡ ਵਿਚ ਵੀ ਕੇਲ ਪੱਤਿਆਂ ਨੂੰ ਸੁਰੱਖਿਅਤ ਰਹਿਣ ਦੀ ਜਾਚ ਸਿਖਾਈ ਹੋਈ ਹੈ। ਸਗੋਂ ਬਰਫ਼ ਪੈਣ ਬਾਅਦ ਕੇਲ ਪੱਤਿਆਂ ਦਾ ਨਿਖ਼ਾਰ ਦੁਗਣਾ ਹੋ ਜਾਂਦਾ ਹੈ ਤੇ ਇਹ ਖਾਣ ਵਿਚ ਵੀ ਹੋਰ ਮਿੱਠੇ ਹੋ ਜਾਂਦੇ ਹਨ। ਇਨਾਂ ਦਾ ਰੰਗ ਵੀ ਹੋਰ ਗੂੜਾ ਜਾਮਨੀ ਤੇ ਭੂਰਾ ਹੋ ਜਾਂਦਾ ਹੈ। ਹਲਕਾ ਜਿਹਾ ਰੰਗ ਦਾ ਹੇਰ ਫੇਰ ਹੀ ਕੇਲ ਪੱਤਿਆਂ ਨੂੰ ਢੇਰ ਸਾਰੇ ਵੱਖੋ-ਵੱਖ ਨਾਂ ਦੇ ਦਿੰਦਾ ਹੈ। ਕੋਈ ਘੁੰਘਰਾਲੇ ਪੱਤੇ, ਕਾਲੀ ਗੋਭੀ, ਲੈਸੀਨਾਟੋ, ਡਾਇਨਾਸੋਰ ਕੇਲ, ਟਸਕਨ ਕੇਲ, ਕਵੋਲੋ ਨੀਰੋ (ਇਟਲੀ ਵਿਚ), ਸਕਾਟ ਕੇਲ, ਨੀਲੀ ਘੁੰਘਰਾਲੀ ਕੇਲ, ਚਿੱਟੀ ਰੂਸੀ ਕੇਲ, ਲਾਲ ਰੂਸੀ ਕੇਲ ਤੇ ਕੋਈ ਸਖ਼ਤ ਜਾਨ ਕੇਲ ਦੇ ਨਾਂ ਨਾਲ ਕੇਲ ਨੂੰ ਜਾਣਦੇ ਹਨ। ਕਈ ਥਾਈਂ ਤਾਂ ਕੇਲ ਪੱਤੇ ਵਧੀਆ ਤੋਂ ਵਧੀਆ ਫੁੱਲ ਦੀ ਖ਼ੂਬਸੂਰਤੀ ਨੂੰ ਵੀ ਮਾਤ ਪਾਉਂਦੇ ਹਨ। ਬਾਹਰੋਂ ਹਰੇ ਤੇ ਅੰਦਰੋਂ ਹਲਕੇ ਗੁਲਾਬੀ, ਲਾਲ, ਜਾਮਨੀ ਜਾਂ ਚਿੱਟੇ ਗੋਲੇ ਮਨ ਮੋਹ ਲੈਂਦੇ ਹਨ। ਇਸ ਕਿਸਮ ਦੀ ਕੇਲ ਨੂੰ ‘ਮੋਰ ਕੇਲ’, ਕਾਮੋਨ ਕੋਰਲ ਰਾਣੀ, ਕੋਰਲ ਰਾਜਾ ਆਦਿ ਵੀ ਕਿਹਾ ਜਾਂਦਾ ਹੈ। ਇਹ ਜਿੰਨੀ ਖਾਣ ਲਈ ਫ਼ਾਇਦੇਮੰਦ ਹੋਣ ਕਾਰਨ ਵਰਤੀ ਜਾ ਰਹੀ ਹੈ, ਓਨੀ ਹੀ ਵਿਆਹਾਂ ਵਿਚ ਸਜਾਵਟ ਲਈ ਵਰਤੀ ਜਾਂਦੀ ਹੈ। ਰਤਾ ਝਾਤ ਮਾਰੀਏ ਕਿ ਰਬ ਨੇ ਵਿਹਲੇ ਵੇਲੇ ਬਹਿ ਕੇ ਕੇਲ ਪੱਤਿਆਂ ਵਿਚ ਭਰਿਆ ਕੀ ਹੈ? ਸੌ ਗ੍ਰਾਮ ਤਾਜ਼ੇ ਪੱਤਿਆਂ ਵਿਚ :- – 49 ਕੈਲਰੀਆਂ – 2.3 ਗ੍ਰਾਮ ਮਿੱਠਾ – 3.6 ਗ੍ਰਾਮ ਫਾਈਬਰ – 0.9 ਗ੍ਰਾਮ ਥਿੰਦਾ – 4.3 ਗ੍ਰਾਮ ਪ੍ਰੋਟੀਨ – ਵਿਟਾਮਿਨ ਏ – ਵਿਟਾਮਿਨ ਬੀ ਇੱਕ, ਦੋ, ਤਿੰਨ, ਪੰਜ, ਛੇ – ਫੋਲੇਟ – ਕੋਲੀਨ – ਵਿਟਾਮਿਨ ਸੀ (120 ਮਿਲੀਗ੍ਰਾਮ) – ਵਿਟਾਮਿਨ ਕੇ (390 ਮਾਈਕਰੋਗ੍ਰਾਮ) – ਵਿਟਾਮਿਨ ਈ – 150 ਮਿਲੀਗ੍ਰਾਮ ਕੈਲਸ਼ੀਅਮ – ਲੋਹ ਕਣ – ਮੈਗਨੀਸ਼ੀਅਮ – ਮੈਂਗਨੀਜ਼ – ਫੌਸਫੋਰਸ, ਪੋਟਾਸ਼ੀਅਮ, ਸੀਲੀਨੀਅਮ – ਸੋਡੀਅਮ, ਜ਼ਿੰਕ – 84 ਗ੍ਰਾਮ ਪਾਣੀ ਜੇ ਕੇਲ ਪੱਤਿਆਂ ਨੂੰ ਜ਼ਿਆਦਾ ਉਬਾਲ ਲਿਆ ਜਾਵੇ ਜਾਂ ਰਿੰਨ ਲਿਆ ਜਾਵੇ ਤਾਂ ਏਨੇ ਸਾਰੇ ਤੱਤਾਂ ਵਿੱਚੋਂ ਕਾਫ਼ੀ ਬਾਹਰ ਨਿਕਲ ਜਾਂਦੇ ਹਨ। ਭਾਫ਼ ਜਾਂ ਮਾਈਕਰੋਵੇਵ ਵਿਚ ਬਣਾਉਣ ਨਾਲ ਕਾਫ਼ੀ ਤੱਤ ਬਚ ਜਾਂਦੇ ਹਨ। ਇਨਾਂ ਤੋਂ ਇਲਾਵਾ ਕੈਰੋਟੀਨਾਇਡ, ਲਿਊਟੀਨ ਤੇ ਜ਼ੀਜ਼ੈਂਥੀਨ ਵੀ ਭਰੇ ਪਏ ਹਨ। ਕੇਲ ਪੱਤਿਆਂ ਵਿਚਲਾ ਗਲੂਕੋਰਾਫੈਨਿਨ ਹੀ ਮਨੁੱਖੀ ਖੋਜ ਦਾ ਆਧਾਰ ਬਣ ਕੇ ਇਸ ਨੂੰ ਗੁਣਾਂ ਦੀ ਖਾਣ ਬਣਾ ਰਿਹਾ ਹੈ। ਪੌਲੀਫੀਨੋਲ ਵੀ ਕੇਲ ਵਿਚ ਕਾਫੀ ਮਾਤਰਾ ਵਿਚ ਹਨ। ਕੇਲ ਵਿਚਲਾ ਓਗਜ਼ੈਲਿਕ ਏਸਿਡ ਨੁਕਸਾਨ ਕਰ ਸਕਦਾ ਹੈ ਪਰ ਮਾਈਕਰੋਵੇਵ ਵਿਚ ਬਣਾਉਣ ਨਾਲ ਉਸ ਦੀ ਮਾਤਰਾ ਘੱਟ ਹੋ ਜਾਂਦੀ ਹੈ। ਸਕਾਟਲੈਂਡ ਦੀ ਇਕ ਮਜ਼ੇਦਾਰ ਕਹਾਣੀ ਕੇਲ ਪੱਤਿਆਂ ਬਾਰੇ ਮਸ਼ਹੂਰ ਹੈ। ਕਿਲਮੌਰ ਵਿਚ ਖ਼ੂਬਸੂਰਤ ਕੇਲ ਪੱਤਿਆਂ ਦੀ ਭਰਮਾਰ ਸੀ। ਨਾਲ ਦੇ ਪਿੰਡ ਵਾਲਿਆਂ ਨੇ ਇਸ ਦੀ ਖ਼ੂਬਸੂਰਤੀ ਉੱਤੇ ਮੋਹਿਤ ਹੋ ਬਹੁਤ ਸਾਰੇ ਪੈਸੇ ਦੇ ਕੇ ਪੱਤੇ ਖ਼ਰੀਦਣੇ ਚਾਹੇ। ਕਿਲਮੌਰ ਵਾਲਿਆਂ ਨੇ ਚੁਸਤੀ ਵਰਤਦਿਆਂ ਪੈਸੇ ਲੈ ਲਏ ਪਰ ਕੋਲਿਆਂ ਦੀ ਹਲਕੀ ਅੱਗ ਉੱਤੇ ਰਤਾ ਰਤਾ ਭੁੰਨ ਕੇ ਪੱਤੇ ਵੇਚ ਦਿੱਤੇ ਤਾਂ ਜੋ ਇੱਕ ਵਾਰ ਭਾਵੇਂ ਉਹ ਵਰਤ ਲੈਣ ਪਰ ਇਹ ਪੱਤੇ ਕਦੇ ਦੂਜੀ ਥਾਂ ਪੁੰਗਰਨ ਨਾ ਅਤੇ ਪਿੰਡ ਵਾਲੇ ਹਮੇਸ਼ਾ ਵਾਸਤੇ ਪੱਤੇ ਖ਼ਰੀਦਣ ਉਨਾਂ ਕੋਲ ਹੀ ਆਉਂਦੇ ਰਹਿਣ! ਫ਼ਾਇਦੇ :- 1. ਸ਼ੱਕਰ ਰੋਗੀ :- ਅਮਰੀਕਨ ਡਾਇਆਬੀਟੀਜ਼ ਐਸੋਸੀਏਸ਼ਨ ਨੇ ਤਾਂ ਐਲਾਨ ਹੀ ਕਰ ਦਿੱਤਾ ਹੈ ਕਿ ਜੇ ਸ਼ੱਕਰ ਰੋਗ ਹੋਣ ਤੋਂ ਬਚਣਾ ਹੈ ਤਾਂ ਕੇਲ ਪੱਤਾ ਰੋਜ਼ਾਨਾ ਖਾ ਲੈਣਾ ਚਾਹੀਦਾ ਹੈ। ਇਸ ਵਿਚਲੇ ਵਿਟਾਮਿਨ, ਮਿਨਰਲ ਕਣ, ਫਾਈਬਰ ਅਤੇ ਐਂਟੀਆਕਸੀਡੈਂਟ ਸ਼ੱਕਰ ਰੋਗੀਆਂ ਲਈ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਚੁੱਕੇ ਹਨ। ਸੰਨ 2018 ਵਿਚ ਹੋਈ ਖੋਜ ਅਨੁਸਾਰ ਜਿਹੜੇ ਬੰਦੇ ਜ਼ਿਆਦਾ ਫਾਈਬਰ ਵਾਲੀ ਖ਼ੁਰਾਕ ਖਾਂਦੇ ਹੋਣ, ਉਨਾਂ ਦੇ ਲਹੂ ਵਿਚਲੀ ਸ਼ੱਕਰ ਦੀ ਮਾਤਰਾ ਕਾਬੂ ਵਿਚ ਰਹਿੰਦੀ ਹੈ। ਸਰੀਰ ਅੰਦਰ ਵਧੀ ਸ਼ੱਕਰ ਦੀ ਮਾਤਰਾ ਨਾਲ ਫਰੀ ਰੈਡੀਕਲ ਅੰਸ਼ ਨਿਕਲ ਪੈਂਦੇ ਹਨ ਜੋ ਸਾਰੇ ਅੰਗਾਂ