ਕੈਨੇਡਾ ਦੇ ਗੁਰੂਘਰਾਂ ‘ਚ ਸ਼ਰ੍ਹੇਆਮ ਹੋ ਰਿਹਾ ਨਸ਼ਿਆਂ ਦਾ ਸੇਵਨ
ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ‘ਚ ਗੈਰ-ਅੰਮ੍ਰਿਤਧਾਰੀ ਪ੍ਰਬੰਧਕਾਂ ‘ਤੇ ਨਸ਼ਾਖੋਰੀ ਦੇ ਦੋਸ਼ਾਂ ਨੂੰ ਲੈ ਕੇ ਅੱਜ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਗੁਰਦੁਆਰਾ ਸਾਹਿਬ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਤੇ ਵਫ਼ਦ ਦੇ ਮੈਂਬਰਾਂ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ਵਿੱਚ ਗੈਰ-ਅੰਮ੍ਰਿਤਧਾਰੀ ਸਿੱਖ ਸੇਵਾਦਾਰਾਂ ਅਤੇ ਪ੍ਰਬੰਧਕਾਂ ‘ਤੇ ਨਿਯਮ ਤੋੜਨ ਤੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਲੱਗੇ ਹਨ। ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖ ਰਹੇ ਲੋਕ ਨਸ਼ੇ ਦਾ ਸੇਵਨ ਕਰਦੇ ਹਨ। ਜਦੋਂਕਿ ਜੇ ਕੋਈ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਜਿਸ ‘ਤੇ ਆਏ ਦਿਨ ਵਿਵਾਦ ਹੁੰਦਾ ਰਹਿੰਦਾ ਹੈ। ਇਸ ਮਾਮਲੇ ਨੂੰ ਲੈ ਕੇ ਕੁਝ ਸਮਾਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਬਾਹਰ ਲੜਾਈ ਹੋਈ ਸੀ ਅਤੇ ਉਕਤ ਵਿਅਕਤੀਆਂ ਵੱਲੋਂ ਸੰਗਤ ‘ਤੇ ਹਮਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਸ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰੂਘਰਾਂ ਦੇ ਸੇਵਾਦਾਰ ਅਤੇ ਪ੍ਰਬੰਧਕ ਅੰਮ੍ਰਿਤਧਾਰੀ ਗੁਰਸਿੱਖ ਹੋਣੇ ਚਾਹੀਦੇ ਹਨ ਤਾਂ ਜੋ ਅਜਿਹੇ ਵਿਵਾਦ ਪੈਦਾ ਨਾ ਹੋਣ। ਇਸ ਲਈ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ। ਵਫ਼ਦ ਨੇ ਮੰਗ ਕੀਤੀ ਕਿ ਅਜਿਹੇ ਸੇਵਾਦਾਰਾਂ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਤੇ ਗੁਰਦੁਆਰਾ ਸਾਹਿਬਾਨ ਦੀ ਸਾਖ ਨੂੰ ਢਾਹ ਲਗਾਈ ਜਾ ਰਹੀ ਹੈ, ਇਸ ਲਈ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਜਲਦ ਤੋਂ ਜਲਦ ਸਖ਼ਤ ਫੈਸਲਾ ਲੈਣਾ ਚਾਹੀਦਾ ਹੈ।
ਕੈਨੇਡਾ ਦੇ ਗੁਰੂਘਰਾਂ ‘ਚ ਸ਼ਰ੍ਹੇਆਮ ਹੋ ਰਿਹਾ ਨਸ਼ਿਆਂ ਦਾ ਸੇਵਨ Read More »