ਬਟਾਲਾ, 27 ਜਨਵਰੀ – 76ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਵਿਕਰਮਜੀਤ ਸਿੰਘ ਪਾਂਥੇ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੇ ਆਪਣੇ ਸੰਦੇਸ਼ ’ਚ 76ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ, ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ਧਰਤੀ ’ਤੇ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ, ਉੱਥੇ ਉਨਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਅਮਨ, ਸ਼ਾਂਤੀ, ਸਦਭਾਵਨਾ ਅਤੇ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ 80 ਫੀਸਦੀ ਯੋਗਦਾਨ ਰਿਹਾ। ਪੰਜਾਬ ਦੀ ਧਰਤੀ ਤੋਂ ਗ਼ਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ, ਪਰਜਾ ਤੰਤਰ, ਨੌਜਵਾਨ ਸਭਾ ਸ਼ੁਰੂ ਹੋਈ। ਸਮੇਂ-ਸਮੇਂ ’ਤੇ ਲੱਗੇ ਮੋਰਚਿਆਂ ਨੇ ਵਿਦੇਸ਼ੀ ਹਾਕਮਾਂ ਨੂੰ ਦੇਸ਼ ਛੱਡਣ ਲਈ ਮਜ਼ਬੂਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਲਈ ਸੰਘਰਸ਼ ਵਿੱਚ ਪੰਜਾਬ ਦੇ ਸੂਰਬੀਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ, ਜਿਨਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੁ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਦੇ ਨਾਂ ਮੋਹਰਲੀਆਂ ਸਫ਼ਾਂ ਵਿੱਚ ਆਉਂਦੇ ਹਨ। ਪੰਜਾਬ ਦੀ ਧਰਤੀ ਤੋਂ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਾਡਾ ਦੇਸ਼ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ। ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ’ਤੇ ਮੈਂ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਜ਼ ਦੇ ਅਫਸਰਾਂ, ਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲਿਦਾਨ ਦੀ ਸ਼ਲਾਘਾ ਵੀ ਕਰਦਾ ਹਾਂ, ਜਿਨਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਕੀਤਾ। ਉਨ੍ਹਾਂ ਅੱਗੇ ਕਿਹਾ ਭਾਰਤ ਇੱਕ ਬਹੁ-ਭਾਸ਼ਾਈ, ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਦੇਸ਼ ਲਈ ਅਜਿਹਾ ਸੰਵਿਧਾਨ ਬਣਾਇਆ, ਜਿਸ ਨਾਲ ਸਾਰੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਗਿਆ ਅਤੇ ਭਾਰਤ ਇੱਕ ਮਜ਼ਬੂਤ ਦੇਸ਼ ਬਣ ਕੇ ਦੁਨੀਆਂ ਦੇ ਮੋਹਰਲੀ ਕਤਾਰ ਦੇ ਦੇਸ਼ਾਂ ਵਿੱਚ ਸ਼ੁਮਾਰ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਲੋਕਾਂ ਨੂੰ ਸਮਾਨਤਾ, ਸੁਤੰਤਰਤਾ ਅਤੇ ਸ਼ੋਸਣ ਵਿਰੁੱਧ ਅਧਿਕਾਰ ਪ੍ਰਦਾਨ ਕਰਦਾ ਹ। ਭਾਰਤ ਦਾ ਸੰਵਿਧਾਨ ਵਿਆਪਕ ਤੇ ਲਿਖਤੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਰਹਿਣ-ਸਹਿਣ, ਭਾਸ਼ਣ, ਸਿੱਖਿਆ, ਯਾਤਰਾ ਅਤੇ ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ। ਭਾਰਤੀ ਸੰਵਿਧਾਨ ਦੀ ਇੱਕ ਹੋਰ ਵਿਸ਼ੇਸਤਾ ਹੈ, ਵੋਟ ਪਾਉਣ ਦਾ ਅਧਿਕਾਰ। ਇੱਥੇ ਧਰਮ, ਜਾਤ, ਭਾਸ਼ਾ, ਸੂਬਾ ਅਤੇ ਲਿੰਗ ਆਦਿ ਦੇ ਭੇਦਭਾਵ ਦੇ ਬਿਨਾਂ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਣਯੋਗ ਵਿਧਾਇਕ ਬਟਾਲਾ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਅੰਦਰ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਬਨਾਉਣ ਲਈ ਨਗਰ ਨਿਗਮ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਕਬਜ਼ੇ ਹਟਾਉਣ ਵਿੱਚ ਪਰਸ਼ਾਸਨ ਨਾਲ ਸਹਿਯੋਗ ਕਰਨ। ਹਰੇਕ ਦੁਕਾਨਦਾਰ ਆਪਣੀ ਦੁਕਾਨ ਦੇ ਬਾਹਰ ਡਸਟਬੀਨ ਰੱਖੇ ਤੇ ਉਸ ਵਿੱਚ ਹੀ ਕੂੜਾ ਪਾਵੇ ਅਤੇ ਜਦ ਨਗਰ ਨਿਗਮ ਦੇ ਸਫਾਈ ਕਰਮਚਾਰੀ ਆਉਣ ਤਾਂ ਕੂੜਾ ਉਨ੍ਹਾਂ ਨੂੰ ਦਿੱਤਾ ਜਾਵੇ ਅਤੇ ਸ਼ਹਿਰ ਖੂਬਸੂਰਤ ਰੱਖਣ ਲਈ ਆਪਣੀ ਦੁਕਾਨ ਵਿੱਚ ਇੱਕ ਗਮਲਾ ਜਰੂਰ ਰੱਖਿਆ ਜਾਵੇ। ਆਖਰ ਵਿੱਚ ਉਨ੍ਹਾਂ ਫਿਰ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਦਿਹਾੜਿਆਂ ਮੌਕੇ ਅਸੀਂ ਰਲ-ਮਿਲ ਕੇ ਦੇਸ਼ ਦੀ ਉਨਤੀ, ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਈਏ। ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਸਭ ਤੋਂ ਪਹਿਲਾਂ ਫਰੀਡਮ ਫਾਈਟਰਾ਼ਂ ਨੂੰ ਸਨਮਾਨਿਤ ਕੀਤਾ ਗਿਆ। ਉਸ ਤੋਂ ਬਾਅਦ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਵਿਕਰਮਜੀਤ ਸਿੰਘ ਪਾਂਥੇ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ।